ਸਿਹਤ ਵਿਭਾਗ ਵੱਲੋਂ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਰਦੀ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ:

ਵੱਧ ਰਹੀ ਸਰਦੀ ਵਿੱਚ ਬਜੁਰਗਾਂ ਅਤੇ ਬੱਚਿਆਂ ਦਾ ਰੱਖਿਆ ਜਾਵੇ ਵਿਸ਼ੇਸ਼ ਧਿਆਨ :  ਸਿਵਲ ਸਰਜਨ
ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੇਕਣਾ ਹੋ ਸਕਦਾ ਹੈ ਜਾਨ ਲਈ ਹਾਨੀਕਾਰਕ
ਫਾਜ਼ਿਲਕਾ  3 ਜਨਵਰੀ 2023
ਸਰਦੀ ਦੇ ਮੌਸਮ ਕਾਰਨ ਸ਼ੀਤ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਬਜ਼ੁਰਗ ਅਤੇ ਛੋਟੇ ਬੱਚੇ ਜਿਆਦਾ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਜੇਕਰ ਸਮੇਂ ਸਿਰ ਇਲਾਜ ਨਾਂ ਕਰਵਾਇਆ ਜਾਵੇ ਤਾਂ ਕਈ ਵਾਰ ਖਤਰੇ ਦਾ ਕਾਰਨ ਬਣ ਸਕਦਾ ਹੈ। ਸਿਹਤ ਵਿਭਾਗ ਵਲੋ ਸਿਵਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਜਿਲਾ ਮਹਾਂਮਾਰੀ ਅਫ਼ਸਰ ਡਾਕਟਰ ਸੁਨੀਤਾ ਕੰਬੋਜ ਨੇ ਦੱਸਿਆ ਕਿ ਇਸ ਲਈ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜਿਆਦਾ ਠੰਡ ਅਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਚਾਹੀਦਾ ਹੈ।
ਉਹਨਾਂ ਦੱਸਿਆ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਿਹਤ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ।  ਸਿਵਲ ਸਰਜਨ ਵਲੋ ਸਿਹਤ ਵਿਭਾਗ ਦੇ ਜ਼ਿਲ੍ਹੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਠੰਡ ਨਾਲ ਪੀੜ੍ਹਤ ਮਰੀਜ਼ਾਂ ਦੇ ਇਲਾਜ ਲਈ ਹਸਪਤਾਲਾਂ ਵਿੱਚ ਲੋੜੀਂਦੇ ਇੰਤਜ਼ਾਮ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।
ਸਿਹਤ ਮਾਹਿਰਾਂ  ਅਨੁਸਾਰ ਸਰਦੀ ਦੇ ਮੌਸਮ ਵਿੱਚ ਛੋਟੇ ਬੱਚੇ ਇਸ ਮੌਸਮ ਵਿੱਚ ਜ਼ਿਆਦਾ ਬਿਮਾਰ ਹੁੰਦੇ ਹਨ, ਇਸ ਲਈ ਬੱਚਿਆਂ ਨੂੰ ਗਰਮ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਬੂਟ—ਜੁਰਾਬਾਂ ਅਤੇ ਸਿਰ ਅਤੇ ਟੋਪੀ ਪਾਉਣੀ ਚਾਹੀਦੀ ਹੈ। ਇਸ ਲਈ ਬੱਚਿਆ ਦਾ ਖਾਸ ਧਿਆਨ ਰੱਖਿਆ ਜਾਵੇ।
ਦਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ਼ ਬਹੁਤ ਜਿਆਦਾ ਠੰਡ ਹੋਣ ਤੇ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜ਼ਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ। ਸ਼ਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ—ਥੋੜੇ ਸਮੇਂ ਬਾਅਦ ਜਾਂ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਣਗੁਣਾ ਪਾਣੀ ਪੀਤਾ ਜਾਵੇ। ਜ਼ਿਆਦਾ ਤਕਲੀਫ ਹੋਣ ਤੇ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਇਆ ਜਾਵੇ।
Spread the love