ਬਰਨਾਲਾ, 20 ਜੁਲਾਈ 2021
ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉੱਜਲਾ ਹੋਵੇਗਾ ਜੇਕਰ ਉਹ ਤੰਦਰੁਸਤ ਹੋਵੇਗਾ, ਇਸ ਟੀਚੇ ਮੁੱਖ ਰੱਖਦਿਆਂ 19 ਜੁਲਾਈ ਤੋਂ 2 ਅਗਸਤ ਤੱਕ ਤੀਬਰ ਦਸਤ ਰੋਕੂ ਪੰਦਰਵਾੜਾ ਚਲਾਇਆ ਜਾ ਰਿਹਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਮੰਤਵ ਪੰਜ ਸਾਲ ਤੋਂ ਛੋਟੇ ਬੱਚਿਆਂ ਦੀ ਮੌਤ ਦਰ ਘਟਾਉਣਾ ਹੈ ਅਤੇ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਜੀਰੋ ਤੇ ਲਿਆਉਣਾ ਹੈ। ਸੰਸਾਰ ਵਿਚ ਹਰ ਸਾਲ 0 ਤੋਂ 5 ਸਾਲ ਤੱਕ ਦੇ ਬੱਚਿਆਂ ਦੀਆਂ ਦੋ ਲੱਖ ਮੌਤਾਂ ਕੇਵਲ ਦਸਤ ਰੋਗ ਕਾਰਨ ਹੀ ਹੁੰਦੀਆਂ ਹਨ, ਜਿਨ੍ਹਾਂ ਵਿੱਚੋਂ ਇਕ ਲੱਖ ਮੌਤਾਂ ਕੇਵਲ ਭਾਰਤ ਵਿੱਚ ਹੀ ਹੁੰਦੀਆਂ ਹਨ । ਇਸ ਲਈ ਭਾਰਤ ਸਰਕਾਰ ਵੱਲੋਂ ਪਿਛਲੇ 5 ਸਾਲਾਂ ਤੋਂ ਇਹ ਵਿਸ਼ੇਸ਼ ਪੰਦਰਵਾੜਾ ਸ਼ੁਰੂ ਕੀਤਾ ਗਿਆ ਹੈ।
ਡਾ. ਔਲ਼ਖ ਨੇ ਦੱਸਿਆ ਕਿ ਇਸ ਮਕਸਦ ਨੂੰ ਪੂਰਾ ਕਰਨ ਲਈ ਘਰ-ਘਰ ਵਿਚ ਜਿੱਥੇ 0 ਤੋ 5 ਸਾਲ ਤੋਂ ਛੋਟੇ ਬੱਚੇ ਹਨ, ਆਸ਼ਾ ਵਲੋਂ ਓ.ਆਰ.ਐਸ. ਦੇ ਪੈਕਟ ਮੁਫ਼ਤ ਵੰਡੇ ਜਾ ਰਹੇ ਹਨ ਅਤੇ ਦਸਤ ਹੋਣ ਦੀ ਹਾਲਤ ਵਿਚ ਜਿੰਕ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਸਿਹਤ ਵਿਭਾਗ ਬਰਨਾਲਾ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਓ.ਆਰ.ਐਸ. ਕਾਰਨਰ ਬਣਾਕੇ ਦਸਤ ਰੋਕੂ ਸਬੰਧੀ ਜਾਗਰੂਕਤਾ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਸਬੰਧੀ ਜਾਗਰੂਕ ਹੋ ਸਕਣ।