– ਜ਼ਿਲ੍ਹੇ ਵਿਚ ਕੋਰੋਨਾ ਦੀ ਮੌਜੂਦਾ ਸਥਿਤੀ ਤੇ ਆਕਸੀਜਨ ਦੀ ਸਪਲਾਈ ਪ੍ਰਣਾਲੀ ਦੀ ਕੀਤੀ ਸਮੀਖਿਆ
ਨਵਾਂਸ਼ਹਿਰ, 22 ਅਪ੍ਰੈਲ 2021: ਮਾਣਯੋਗ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਨੇ ਅੱਜ ਸਿਵਲ ਸਰਜਨ ਦਫਤਰ ਵਿਖੇ ਜ਼ਿਲ੍ਹੇ ਵਿਚ ਕੋਵਿਡ-19 ਦੇ ਵਧ ਰਹੇ ਕੇਸਾਂ ਦੀ ਮੌਜੂਦਾ ਸਥਿਤੀ, ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਅਤੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਮਾਣਯੋਗ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ, ਜ਼ਿਲ੍ਹਾ ਸਿਹਤ ਅਫਸਰ ਡਾ ਕੁਲਦੀਪ ਰਾਏ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ, ਸੀਨੀਅਰ ਮੈਡੀਕਲ ਅਫਸਰ ਡਾ. ਕਵਿਤਾ ਭਾਟੀਆ, ਡਾ. ਮਨਦੀਪ ਕਮਲ ਸਮੇਤ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਦੇ ਪ੍ਰਤੀਨਿਧੀਆਂ ਸਮੇਤ ਸਿਹਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਨੇ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਸਮੇਤ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਸੰਸਥਾਵਾਂ ਦੇ ਅਧਿਕਾਰੀਆਂ ਅਤੇ ਪ੍ਰਤੀਨਿਧੀਆਂ ਨਾਲ ਮੈਡੀਕਲ ਆਕਸੀਜਨ ਦੀ ਮੰਗ ਅਤੇ ਖਪਤ ਸਮੇਤ ਸਪਲਾਈ ਪ੍ਰਣਾਲੀ ਉੱਤੇ ਡੂੰਘਾਈ ਨਾਲ ਵਿਚਾਰ-ਚਰਚਾ ਕੀਤੀ ਅਤੇ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਲਈ ਠੋਸ ਪ੍ਰਣਾਲੀ ਅਪਣਾਉਣ ਦੀ ਤਾਕੀਦ ਕੀਤੀ। ਉਨ੍ਹਾਂ ਸਾਰੀਆਂ ਸਿਹਤ ਸੰਸਥਾਵਾਂ ਨੂੰ ਰੋਜ਼ਾਨਾ ਮੈਡੀਕਲ ਆਕਸੀਜਨ ਦੀ ਮੰਗ ਅਤੇ ਸਪਲਾਈ ਸਬੰਧੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੁਹੱਈਆ ਕਰਵਾਉਣ ਲਈ ਵੀ ਕਿਹਾ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਕੋਲ ਢੁੱਕਵੀਂ ਮਾਤਰਾ ਵਿਚ ਮੈਡੀਕਲ ਆਕਸੀਜਨ ਉਪਲੱਬਧ ਹੈ ਅਤੇ ਕੋਵਿਡ-19 ਨਾਲ ਨਜਿੱਠਣ ਲਈ ਸਾਰੀਆਂ ਸਿਹਤ ਸੰਸਥਾਵਾਂ ਨੂੰ ਪਹਿਲ ਦੇ ਆਧਾਰ ਉੱਤੇ ਆਕਸੀਜਨ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿਚ ਆਕਸੀਜਨ ਦੀ ਕਾਲਾ ਬਾਜ਼ਾਰੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਨ੍ਹਾਂ ਸਿਹਤ ਸੰਸਥਾਵਾਂ ਦੇ ਪ੍ਰਤੀਵਿਧੀਆਂ ਨੂੰ ਇਹ ਵੀ ਕਿਹਾ ਕਿ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸਾਰੇ ਹਸਪਤਾਲਾਂ ਵਿਚ ਕੋਵਿਡ-19 ਮਰੀਜ਼ਾਂ ਲਈ ਘੱਟੋ-ਘੱਟ 75 ਫੀਸਦੀ ਬੈੱਡ ਰਾਖਵੇਂ ਰੱਖੇ ਜਾਣ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਕੋਵਿਡ-19 ਮਰੀਜ਼ਾਂ ਲਈ ਬੈੱਡਾਂ ਦੀ ਕਮੀ ਨਹੀਂ ਆਉਣੀ ਚਾਹੀਦੀ ਹੈ।