ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਪਿਆਂ ਨੇ ਵੀ ਪੜ੍ਹਨ ਲਈ ਪੁਸਤਕਾਂ ਪ੍ਰਾਪਤ ਕੀਤੀਆਂ
ਬਟਾਲਾ, 14 ਜੁਲਾਈ 2021 ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ਅਤੇ ਸਿੱਖਿਆ ਸਕੱਤਰ ਸ਼੍ਰੀ ਕਿ੍ਰਸ਼ਨ ਕੁੁੁੁਮਾਰ ਆਈ.ਏ.ਐਸ.ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਵਿਚ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।ਇਕ ਹੋਰ ਪਹਿਲਕਦਮੀ ਸਿੱਖਿਆ ਵਿਭਾਗ ਪੰਜਾਬ ਨੇ ਪੰਜਾਬ ਦੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਕਿਤਾਬਾਂ ਦਾ ਲੰਗਰ ਲਗਾਉਣ ਦੀ ਮੁਹਿੰਮ ਵੱਡੇ ਪੱਧਰ ਤੇ ਸ਼ੁਰੂ ਕਰ ਦਿੱਤੀ ਹੈ, ਜਿਸ ਦਾ ਪੰਜਾਬ ਦੇ ਲੋਕਾਂ ਦਾ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਵਿਭਾਗ ਨੇ ਫੈਸਲਾ ਕੀਤਾ ਹੈ ਕਿ ਹਰ ਇਕ ਵਿਦਿਆਰਥੀ ਨੂੰ ਘੱਟੋ ਘੱਟ ਦੋ ਕਿਤਾਬਾਂ ਜ਼ਰੂਰ ਪੜਾਉਣੀਆਂ ਹਨ ਜੇ ਉਨਾਂ ਦੇ ਮਾਪੇ ਵੀ ਪੜ੍ਹਨਾ ਚਾਹੁੰਦੇ ਹਨ ਤਾਂ ਉਨਾਂ ਨੂੰ ਵੀ ਕਿਤਾਬਾਂ ਦਿੱਤੀਆਂ ਜਾਣਗੀਆਂ।
ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਪੁਸਤਕ ਸੱਭਿਆਚਾਰ ਪੈਦਾ ਕਰਨ ਲਈ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਕਿਤਾਬਾਂ ਦੇ ਲੰਗਰ ਲਗਾਏ ਗਏ। ਇਨ੍ਹਾਂ ਕਿਤਾਬਾਂ ਦੇ ਲੰਗਰ ਵਿੱਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਾਲ ਸਮਾਜਿਕ ਭਾਈਚਾਰੇ ਵੱਲੋਂ ਵੀ ਵਿਸ਼ੇਸ਼ ਰੁਚੀ ਦਿਖਾਈ ਗਈ। ਅੱਜ ਸਰਕਾਰੀ ਮਿਡਲ ਸਕੂਲ ਬਹਾਦਰ ਹੁਸੈਨ, ਸਰਕਾਰੀ ਮਿਡਲ ਸਕੂਲ ਬੁਰਜ ਅਰਾਈਆਂ, ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਕਲੋਨੀ, ਬਟਾਲਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਬਟਾਲਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਹਰਪੁਰਾ ਧੰਦੋਈ ਆਦਿ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਵਿਸ਼ੇਸ਼ ਕਿਤਾਬ ਲੰਗਰ ਲਗਾਏ ਗਏ।
ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਕਲੋਨੀ, ਬਟਾਲਾ ਦੀ ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਨੇ ਕਿਤਾਬਾਂ ਦੇ ਲੰਗਰ ਬਾਰੇ ਗੱਲ ਕਰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਦੀ ਇਸ ਪਹਿਲਕਦਮੀ ਨੂੰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਿਤਾਬਾਂ ਅਥਾਹ ਗਿਆਨ ਦਾ ਭੰਡਾਰ ਹੁੰਦੀਆਂ ਹਨ ਅਤੇ ਸਾਨੂੰ ਕਿਤਾਬਾਂ ਪੜ੍ਹਨ ਦੀ ਜਗਿਆਸਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਤਾਬ ਲੰਗਰ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਾਲ ਸਮਾਜਿਕ ਭਾਈਚਾਰੇ ਨੂੰ ਵੀ ਪੜ੍ਹਨ ਲਈ ਕਿਤਾਬਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦਾ ਇਹ ਉਪਰਾਲਾ ਪੁਸਤਕ ਸੱਭਿਆਚਾਰ ਪੈਦਾ ਕਰਨ ਵਿੱਚ ਅਹਿਮ ਸਹਾਈ ਹੋਵੇਗਾ।