ਵਰਚੂਅਲ ਸਮਾਗਮ ਦੌਰਾਨ ਅਧਿਆਪਕਾਂ ਦੇ ਸਿਖਲਾਈ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ
ਬਟਾਲਾ, 16 ਜੁਲਾਈ 2021 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਕਰਵਾਏ ਇਕ ਵਰਚੂਅਲ ਸਮਾਗਮ ਦੌਰਾਨ ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਜਾਣਕਾਰੀ ਦਿੱਤੀ ਹੈ ਕਿ ਸੂਬਾ ਸਰਕਾਰ 5896 ਹੋਰ ਅਧਿਆਪਕਾਂ ਦੀ ਭਰਤੀ ਜਲਦ ਕਰਨ ਜਾ ਰਹੀ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਪਿੱਛਲੇ ਚਾਰ ਸਾਲਾਂ ਵਿਚ 12461 ਅਧਿਆਪਕਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ ਜਦ ਕਿ 13768 ਅਧਿਆਪਕਾਂ ਦੀ ਭਰਤੀ ਪ੍ਰਕ੍ਰਿਆ ਅਧੀਨ ਹੈ। ਇਸ ਤੋਂ ਬਿਨਾਂ ਅੱਜ ਵੀ ਸੂਬੇ ਵਿਚ 2392 ਮਾਸਟਰ ਕੇਡਰ ਅਤੇ 569 ਲੈਕਚਰਾਰ ਕੇਡਰ ਦੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ ਗਏ ਹਨ।
ਇਸ ਮੌਕੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅਧਿਆਪਕਾਂ ਸਮੇਤ ਸਮੂਚੇ ਸਟਾਫ ਦੀ ਮਿਹਨਤ ਨਾਲ ਹੀ ਸਿੱਖਿਆ ਖੇਤਰ ਵਿਚ ਪੰਜਾਬ ਨੇ ਦੇਸ਼ ਵਿਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਉਨਾਂ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੀਕੇ ਸਿੱਖਿਆ ਦੇ ਪੱਧਰ ਨਾਲ ਜੁੜੀ ਹੁੰਦੀ ਹੈ ਅਤੇ ਇਸ ਲਈ ਰਾਜ ਸਰਕਾਰ ਸਿੱਖਿਆ ਸੁਧਾਰਾਂ ਤੇ ਵਿਸੇਸ਼ ਤਰਜੀਹ ਦੇ ਰਹੀ ਹੈ।
ਉਨਾਂ ਨੇ ਕਿਹਾ ਕਿ ਰਾਜ ਸਰਕਾਰ ਦੀ ਆਨਲਾਈਨ ਅਧਿਆਪਕ ਬਦਲੀ ਨੀਤੀ ਦੂਜੇ ਸੂਬੇ ਵੀ ਲਾਗੂ ਕਰ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿਚ ਵਿਦਿਆ ਦੇ ਮਿਆਰ ਵਿਚ ਸੁਧਾਰ ਆਉਣ ਤੋਂ ਬਾਅਦ ਹੁਣ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖਲਿਆਂ ਵਿਚ ਵੱਡਾ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਵੀ ਸੰਬੋਧਨ ਕੀਤਾ।
ਓਧਰ ਇਸ ਵਰਚੂਅਲ ਪ੍ਰੋਗਰਾਮ ਵਿੱਚ ਨਗਰ ਨਿਗਮ ਦਫ਼ਤਰ ਬਟਾਲਾ ਵਿਖੇ ਅਧਿਕਾਰੀਆਂ ਅਤੇ ਵੱਖ-ਵੱਖ ਸਕੂਲਾਂ ਵਿਚੋਂ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।