ਜਾਡਲਾ ਵਿਖੇ ਮਮਤਾ ਦਿਵਸ ‘ਤੇ ਟੀਕਾਕਰਨ ਦੇ ਕੰਮਕਾਜ ਦਾ ਮੁਆਇਨਾ
ਜਾਡਲਾ, 11 ਅਗਸਤ 2021 ਮਾਣਯੋਗ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਬਲਾਕ ਮੁਜੱਫਰਪੁਰ ਦੇ ਵੱਖ-ਵੱਖ ਸਬ ਸੈਂਟਰਾਂ ਵਿਖੇ ਅੱਜ ਮਮਤਾ ਦਿਵਸ ਮਨਾਇਆ ਗਿਆ।
ਇਸ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾਂਜਲੀ ਸਿੰਘ ਨੇ ਮਿੰਨੀ ਪੀ ਐੱਚ ਸੀ ਜਾਡਲਾ ਵਿਖੇ ਮਮਤਾ ਦਿਵਸ ‘ਤੇ ਟੀਕਾਕਰਨ ਦੇ ਕੰਮਕਾਜ ਦਾ ਮੁਆਇਨਾ ਕੀਤਾ ਅਤੇ ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਅਤੇ ਜਣੇਪੇ ਤੋਂ ਬਾਅਦ ਸੰਤੁਲਿਤ ਅਤੇ ਵਿਟਾਮਿਨ ਭਰਪੂਰ ਭੋਜਨ ਖਾਣ ਲਈ ਪ੍ਰੇਰਿਤ ਕੀਤਾ।
ਡਾ ਗੀਤਾਂਜਲੀ ਸਿੰਘ ਨੇ ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਦੇ ਹੋਏ ਦੱਸਿਆ ਕਿ ਮਮਤਾ ਦਿਵਸ ਹਰ ਬੁੱਧਵਾਰ ਨੂੰ ਮਨਾਇਆ ਜਾਂਦਾ ਹੈ, ਜਿਸ ਦੌਰਾਨ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕੇ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ ਜੋ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਬੱਚਿਆਂ ਤੋਂ ਇਲਾਵਾ ਗਰਭਵਤੀ ਔਰਤਾਂ ਦਾ ਮੁਫਤ ਏ.ਐਨ.ਸੀ. ਚੈਕਅੱਪ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦਾ ਵੀ ਟੀਕਾਕਰਨ ਕੀਤਾ ਜਾਂਦਾ ਹੈ।
ਡਾ. ਸਿੰਘ ਨੇ ਕਿਹਾ ਕਿ ਜੱਚਾ-ਬੱਚਾ ਮੌਤ ਦਰ ਨੂੰ ਘੱਟ ਕਰਨ ਲਈ ਜਣੇਪਾ ਸਰਕਾਰੀ ਹਸਪਤਾਲ ਵਿੱਚ ਹੀ ਕਰਾਉਣਾ ਚਾਹੀਦਾ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜਣੇਪੇ ਨਾਲ ਸਬੰਧਤ ਗਰਭਵਤੀ ਮਾਵਾਂ ਦਾ ਸਪੈਸ਼ਲਿਸਟ ਡਾਕਟਰ ਕੋਲੋਂ ਸਰਕਾਰੀ ਹਸਪਤਾਲਾਂ ਵਿਚ ਹੀ ਚੈਕਅੱਪ ਕਰਵਾਇਆ ਜਾਵੇ, ਕਿਉਂਕਿ ਸਪੈਸ਼ਲਿਸਟ ਡਾਕਟਰ ਜ਼ਿਆਦਾ ਗਿਆਨਵਾਨ ਹੁੰਦੇ ਹਨ। ਅਜਿਹੇ ਡਾਕਟਰ ਜਿਨ੍ਹਾਂ ਕੋਲ ਗਰਭਵਤੀ ਮਾਵਾਂ ਦੀ ਜਾਂਚ ਸਬੰਧੀ ਮੁਹਾਰਤ ਹਾਸਲ ਨਹੀਂ ਹੈ, ਉਨ੍ਹਾਂ ਕੋਲ ਜਾਣ ਨਾਲ ਮਾਂ ਅਤੇ ਬੱਚੇ ਦੋਵਾਂ ਦੀ ਜਾਨ ਨੂੰ ਖਤਰਾ ਖੜ੍ਹਾ ਹੋ ਸਕਦਾ ਹੈ। ਉਨ੍ਹਾਂ ਗਰਭਵਤੀ ਔਰਤਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਗਰਭ ਅਵਸਥਾ ਅਤੇ ਜਣੇਪੇ ਤੋਂ ਬਾਅਦ ਸੰਤੁਲਿਤ ਅਤੇ ਵਿਟਾਮਿਨ ਭਰਪੂਰ ਭੋਜਨ ਦੀ ਸਭ ਤੋਂ ਵੱਧ ਜ਼ਰੂਰਤ ਹੁੰਦੀ ਹੈ। ਇਸ ਨਾਲ ਮਾਂ ਬੱਚਾ ਦੋਵਾਂ ਦੀ ਸਿਹਤ ਠੀਕ ਰਹੇਗੀ ਅਤੇ ਬੱਚੇ ਕੁਪੋਸ਼ਣ ਦਾ ਸ਼ਿਕਾਰ ਹੋਣ ਤੋਂ ਬਚੇ ਰਹਿਣਗੇ।
ਇਸ ਮੌਕੇ ਨਵਜੰਮੇ ਬੱਚਿਆਂ ਦੀਆਂ ਮਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਸਿਹਤ ਸਿੱਖਿਆ ਦਿੱਤੀ। ਉਨ੍ਹਾਂ ਦੱਸਿਆ ਕਿ ਬਾਲ ਮੌਤ ਦਰ ਘੱਟ ਕਰਨ ਲਈ ਨਵਜੰਮੇ ਬੱਚੇ ਨੂੰ 6 ਮਹੀਨੇ ਤੱਕ ਕੇਵਲ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ, ਕਿਉਂਕਿ ਮਾਂ ਦੇ ਦੁੱਧ ਵਿੱਚ ਅਜਿਹੇ ਤੱਤ ਹੁੰਦੇ ਹਨ ਜੋ ਬੱਚੇ ਨੂੰ ਮਾਰੂ ਰੋਗਾਂ ਤੋਂ ਬਚਾਉਂਦੇ ਹਨ। ਮਾਂ ਦਾ ਦੁੱਧ ਬੱਚੇ ਨੂੰ ਦਸਤ ਰੋਗ ਸਮੇਤ ਹੋਰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ।
ਇਸ ਮੌਕੇ ਡਾ ਸੋਨੀਆ, ਐੱਲ ਐੱਚ ਵੀ ਕੁਲਵੰਤ ਕੌਰ ਅਤੇ ਏ.ਐਨ.ਐੱਮਜ਼ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
Home ਪੰਜਾਬ ਐਸ.ਬੀ.ਐੱਸ ਨਗਰ ਸੁਰੱਖਿਅਤ ਜਣੇਪੇ ਲਈ ਗਰਭਵਤੀ ਔਰਤਾਂ ਨੂੰ ਸੰਤੁਲਿਤ ਭੋਜਨ ਖੁਆਉਣਾ ਜ਼ਰੂਰੀ: ਡਾ. ਗੀਤਾਂਜਲੀ...