ਸੂਬੇ ਦੇ ਸਮੂਹ ਅੱਪਰ ਪ੍ਰਾਇਮਰੀ ਸਕੂਲਾਂ `ਚ 26 ਅਤੇ 27 ਜੁਲਾਈ ਨੂੰ ਕਰਵਾਈ ਜਾਵੇਗੀ ਮਾਪੇ-ਅਧਿਆਪਕ ਮਿਲਣੀ

ਮਾਪੇ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਦਿਨ ਪਹੁੰਚ ਸਕਦੇ ਹਨ ਸਕੂਲ
ਤਰਨਤਾਰਨ 24 ਜੁਲਾਈ 2021
ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਬਿਹਤਰੀਨ ਅਕਾਦਮਿਕ ਪ੍ਰਾਪਤੀਆਂ ਯਕੀਨੀ ਬਣਾਉਣ ਲਈ ਬਹੁਪੱਖੀ ਉਪਰਾਲੇ ਕੀਤੇ ਜਾ ਰਹੇ ਹਨ।ਵਿਭਾਗ ਵੱਲੋਂ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਿਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਰਾਬਤਾ ਰੱਖਿਆ ਜਾ ਰਿਹਾ ਹੈ।ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ 26 ਅਤੇ 27 ਜੁਲਾਈ ਨੂੰ ਸਮੂਹ ਅੱਪਰ ਪ੍ਰਾਇਮਰੀ ਸਕੂਲਾਂ `ਚ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।
ਸ਼੍ਰੀ ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਅਤੇ ਸ਼੍ਰੀ ਗੁਰਬਚਨ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲੇ ਦੇ ਸਮੂਹ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ `ਚ 26 ਅਤੇ 27 ਜੁਲਾਈ ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।ਮਾਪੇ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਦਿਨ ਸਕੂਲ ਪਹੁੰਚ ਸਕਦੇ ਹਨ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਵਿੱਦਿਅਕ ਸੈਸ਼ਨ ਦੇ ਅਪ੍ਰੈਲ ਅਤੇ ਮਈ ਮਹੀਨਿਆਂ ਦੌਰਾਨ ਕਰਵਾਏ ਪਾਠਕ੍ਰਮ ਦੀ ਆਨਲਾਈਨ ਪ੍ਰੀਖਿਆ ਜੁਲਾਈ ਮਹੀਨੇ ਕਰਵਾਈ ਗਈ ਹੈ।ਇਸ ਮਿਲਣੀ ਦੌਰਾਨ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਜੁਲਾਈ ਪ੍ਰੀਖਿਆ ਦੀ ਕਾਰਗੁਜਾਰੀ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵੀ ਤਰੀਕੇ ਜਾਰੀ ਰੱਖਣ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਮਾਪਿਆਂ ਨੂੰ ਕੋਰੋਨਾ ਪਾਬੰਦੀਆਂ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖਣ ਦੇ ਆਨਲਾਈਨ ਤਰੀਕਿਆਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਉਪਲਬਧ ਕਰਵਾਈ ਗਈ ਸਹਾਇਕ ਪੜ੍ਹਨ ਸਮੱਗਰੀ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।ਬੱਚਿਆਂ ਨੂੰ ਇਸ ਸਹਾਇਕ ਸਮੱਗਰੀ ਦੇ ਵੱਧ ਤੋਂ ਵੱਧ ਇਸਤੇਮਾਲ ਲਈ ਪ੍ਰੇਰਿਤ ਕਰਨ ਬਾਰੇ ਵੀ ਮਾਪਿਆਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਰ੍ਹੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਤੋਂ ਵੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣੂ ਕਰਵਾਉਣ ਦੇ ਨਾਲ ਨਾਲ ਵਿਭਾਗ ਵੱਲੋਂ ਇਸ ਸਰਵੇ ਵਿੱਚੋਂ ਸੂਬੇ ਨੂੰ ਮੋਹਰੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਹਦਾਇਤਾਂ ਅਨੁਸਾਰ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੁੱਲਣ ਬਾਰੇ ਵੀ ਮਾਪੇ ਅਧਿਆਪਕ ਮਿਲਣੀ ਲਈ ਸਕੂਲ ਪਹੁੰਚੇ ਮਾਪਿਆਂ,ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਪੰਚਾਇਤਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ।ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੀ ਸਿਹਤ ਸੁਰੱਖਿਆ ਬਾਰੇ ਮਾਪਿਆਂ ਅਤੇ ਸਮਾਜ ਨੂੰ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਜਾਵੇਗਾ।ਮਾਪਿਆਂ ਨੂੰ ਆਪੋ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਕੋਰੋਨਾ ਤੋਂ ਬਚਾਅ ਦੀਆਂ ਹਦਾਇਤਾਂ ਦੇ ਪਾਲਣ ਲਈ ਬੱਚਿਆਂ ਨੂੰ ਪ੍ਰੇਰਿਤ ਕਰਨ ਬਾਰੇ ਵੀ ਮਾਪਿਆਂ ਨੂੰ ਜਾਗਰੂਕ ਜਾਵੇਗਾ।
ਸਿੱਖਿਆ ਅਧਿਕਾਰੀਆਂ ਨੇ ਵਿਦਿਆਰਥੀਆਂ ਦੇ ਮਾਪਿਆਂ ਦੇ ਨਾਲ ਨਾਲ ਸਕੂਲ ਮੈਨੇਜਮੈਂਟ ਕਮੇਟੀਆਂ,ਪੰਚਾਇਤਾਂ ਅਤੇ ਹੋਰ ਮੋਹਤਬਰ ਸਖਸ਼ੀਅਤਾਂ ਨੂੰ ਇਸ ਮਾਪੇ-ਅਧਿਆਪਕ ਮਿਲਣੀ `ਚ ਉਤਸ਼ਾਹ ਨਾਲ ਸ਼ਿਰਕਤ ਕਰਨ ਦੀ ਅਪੀਲ ਕੀਤੀ।