ਸੋਨੀ ਵੱਲੋਂ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਅੰਮਿ੍ਤਸਰ, 19 ਜੂਨ 2021 ਕੈਬਨਿਟ ਮੰਤਰੀ ਸ੍ਰੀ ਓ ਪੀ ਸੋਨੀ ਨੇ ਦੇਸ਼ ਦੇ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮਿਲਖਾ ਸਿੰਘ ਜੋ 91 ਵਰ੍ਹਿਆਂ ਦੇ ਸਨ, ਬੀਤੀ ਅੱਧੀ ਰਾਤ ਪੀ.ਜੀ.ਆਈ., ਚੰਡੀਗੜ੍ਹ ਵਿਖੇ ਕੋਵਿਡ ਨਾਲ ਜੂਝਦਿਆਂ ਚੱਲ ਵਸੇ।
ਆਪਣੇ ਸ਼ੋਕ ਸੰਦੇਸ਼ ਵਿੱਚ ਸ੍ਰੀ ਸੋਨੀ ਨੇ ਕਿਹਾ ਕਿ “ਦੇਸ਼ ਦੇ ਸਰਵੋਤਮ ਅਥਲੀਟ ਜਿਨ੍ਹਾਂ ਭਾਰਤ ਲਈ ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਕਈ ਸੋਨ ਤਮਗੇ ਜਿੱਤ ਕੇ ਦੇਸ਼ ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ, ਦੇ ਤੁਰ ਜਾਣ ਨਾਲ ਮੈਨੂੰ ਨਿੱਜੀ ਤੌਰ ਉਤੇ ਬਹੁਤ ਦੁੱਖ ਹੋਇਆ। ਪੰਜਾਬ ਨੂੰ ਆਪਣੇ ਇਸ ਮਹਾਨ ਅਥਲੀਟ ਉਤੇ ਹਮੇਸ਼ਾ ਮਾਣ ਰਹੇਗਾ।”
ਉਡਣਾ ਸਿੱਖ ਨਾਲ ਜਾਣੇ ਜਾਂਦੇ ਮਿਲਖਾ ਸਿੰਘ ਓਲੰਪਿਕ ਫਾਈਨਲ ਵਿੱਚ ਪੁੱਜਣ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਦੇਸ਼ ਦੇ ਪਹਿਲੇ ਅਥਲੀਟ ਸਨ।
ਮਿਲਖਾ ਸਿੰਘ ਦੇ ਪਰਿਵਾਰ, ਸਾਕ-ਸਨੇਹੀਆਂ, ਦੋਸਤਾਂ ਅਤੇ ਖੇਡ ਪ੍ਰਸੰਸਕਾਂ ਨਾਲ ਦੁੱਖ ਸਾਂਝਾ ਕਰਦਿਆਂ ਸ੍ਰੀ ਸੋਨੀ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

Spread the love