ਸਕੂਲ ਪੱਧਰ ਦੇ ਲੇਖ ਮੁਕਾਬਲਿਆਂ ‘ਚ ਵਿਦਿਆਰਥੀ 31 ਮਈ ਤੱਕ ਭਾਗ ਲੈ ਸਕਦੇ ਹਨ
ਬਰਨਾਲਾ, 20 ਮਈ,2021
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ।
ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਕਮ ਮੁਕਾਬਲਿਆਂ ਦੇ ਨੋਡਲ ਅਫ਼ਸਰ ਹਰਕੰਵਲਜੀਤ ਕੌਰ ਵੱਲੋਂ ਮੁਕਾਬਲਿਆਂ ਸੰਬੰਧੀ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨਾਲ ਵਰਚੂਅਲ ਮੀਟਿੰਗ ਕੀਤੀ ਗਈ। ਜਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਹਿ-ਵਿੱਦਿਅਕ ਗਤੀਵਿਧੀਆਂ ਦੇ ਮਹੱਤਵ ਦੀ ਗੱਲ ਕਰਦਿਆਂ ਸਮੂਹ ਸਕੂਲ ਮੁਖੀਆਂ ਨੂੰ ਇਨ੍ਹਾਂ ਮੁਕਾਬਲਿਆਂ ‘ਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ ਗਿਆ। ਸਿੱਖਿਆ ਅਧਿਕਾਰੀ ਨੇ ਕਿਹਾ ਕਿ ਕੇਵਲ ਪਾਠਕ੍ਰਮ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਾਫ਼ੀ ਨਹੀਂ ਹਨ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਿਰਸੇ ਦੀ ਜਾਣਕਾਰੀ ਦੇਣ ਲਈ ਇਸ ਤਰ੍ਹਾਂ ਦੇ ਸਹਿ-ਵਿੱਦਿਅਕ ਮੁਕਾਬਲਿਆਂ ਦਾ ਵੱਡਾ ਅਹਿਮ ਹੈ।
ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਮੁਕਾਬਲਿਆਂ ਦੇ ਨੋਡਲ ਅਫ਼ਸਰ ਹਰਕੰਵਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਨਾਲ ਵਿਦਿਆਰਥੀਆਂ ਦੀ ਅਮੀਰ ਵਿਰਾਸਤ ਸਬੰਧੀ ਸਮਝ ਹੋਰ ਪਕੇਰੀ ਹੋਵੇਗੀ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਜੀਵਨ ਫਲਸਫੇ ਨਾਲ ਜੁੜ ਕੇ ਵਿਦਿਆਰਥੀ ਬਿਹਤਰ ਸਮਾਜ ਦੇ ਨਿਰਮਾਣ ਵਿੱਚ ਸਾਰਥਿਕ ਭੂਮਿਕਾ ਨਿਭਾਉਣ ਦੇ ਸਮਰੱਥ ਬਣਨਗੇ। ਮੁਕਾਬਲਿਆਂ ਦੇ ਸਹਾਇਕ ਨੋਡਲ ਅਫਸਰ ਕੁਲਦੀਪ ਸਿੰਘ ਨੇ ਮੁਕਾਬਲਿਆਂ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ,ਵਿਚਾਰਧਾਰਾ ਅਤੇ ਬਾਣੀ ਨਾਲ ਸੰਬੰਧਿਤ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਤਿੰਨ ਵਰਗਾਂ ਵਿੱਚ ਮੁਕਾਬਲੇ ਕਰਵਾਏ ਜਾ ਰਹੇ ਹਨ। ਸਕੂਲ ਪੱਧਰ ਦੇ ਲੇਖ ਮੁਕਾਬਲਿਆਂ ‘ਚ ਵਿਦਿਆਰਥੀ 31 ਮਈ ਤੱਕ ਭਾਗ ਲੈ ਸਕਦੇ ਹਨ। ਸਹਾਇਕ ਨੋਡਲ ਅਫ਼ਸਰ ਨੇ ਦੱਸਿਆ ਕਿ ਪ੍ਰਾਇਮਰੀ ਪੱਧਰ ਦੇ ਵਿਦਿਆਰਥੀ 150 ਸ਼ਬਦ, ਮਿਡਲ ਪੱਧਰ ਦੇ ਵਿਦਿਆਰਥੀ 250 ਸ਼ਬਦ ਅਤੇ ਸੈਕੰਡਰੀ ਪੱਧਰ ਦੇ ਵਿਦਿਆਰਥੀ 350 ਸ਼ਬਦਾਂ ਤੱਕ ਦੇ ਹੱਥ ਲਿਖਤ ਲੇਖ ਦੀ ਪੀ.ਡੀ.ਐਫ ਬਣਾ ਕੇ ਅਪਲੋਡ ਕਰਨਗੇ।