ਫਾਜ਼ਿਲਕਾ, 8 ਸਤੰਬਰ 2021
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਬਾਣੀ ਬਾਰੇ ਜਾਣਕਾਰੀ ਦੇਣ ਦੇ ਮਨੋਰਥ ਨਾਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ।
ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ/ਸੈਕੰਡਰੀ) ਡਾ. ਸੁਖਵੀਰ ਸਿੰਘ ਬੱਲ ਨੇ ਦੱਸਿਆ ਕਿ ਗੁਰੂ ਸਾਹਿਬ ਨਾਲ ਸਬੰਧਿਤ ਲੇਖ ਮੁਕਾਬਲਿਆਂ ਪ੍ਰਤੀ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਗੁਰੂ ਸਾਹਿਬ ਦੀ ਜੀਵਨੀ, ਉਦੇਸ਼ਾਂ ਤੇ ਉਨ੍ਹਾਂ ਦੇ ਰਾਹਾਂ ਤੇ ਚੱਲਣ ਵੱਲ ਪ੍ਰੇਰਿਤ ਕਰਦਿਆਂ ਗਤੀਵਿਧੀਆਂ ਤਹਿਤ ਲੇਖ ਮੁਕਾਬਲੇ ਕਰਵਾਏ ਗਏ ।
ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਗੁਰਛਿੰਦਰਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਮੌਸਮ ਦੇ ਇੰਚਾਰਜ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਵੱਲੋਂ ਬਹੁਤ ਉਤਸ਼ਾਹ ਨਾਲ ਮੁਕਾਬਲਿਆਂ ਵਿੱਚ ਸ਼ਿਰਕਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਲੇਖ ਮੁਕਾਬਲੇ ਵਿੱਚੋਂ ਸਕੂਲ ਪੱਧਰ ’ਤੇ ਵਿਦਿਆਰਥਣ ਅਨਾਮਿਕਾ ਪਹਿਲੇ, ਅਮਨਦੀਪ ਸਿੰਘ ਦੂਜੇ ਤੇ ਸਾਨੀਆ ਤੀਜੇ ਸਥਾਨ ’ਤੇ ਰਹੀ।
ਇਸ ਮੌਕੇ ਸਕੂਲ ਦਾ ਸਟਾਫ ਗਗਨਜੋਤ ਕੌਰ ਅਤੇ ਵਿਜੇ ਕੁਮਾਰੀ ਹਾਜ਼ਰ ਸਨ।