ਸੜ੍ਹਕਾਂ ਬਣਾਉਣ ਸਮੇਂ ਪਲਾਸਟਿਕ ਦੇ ਰਹਿੰਦ ਖੂੰਹਦ ਦੀ ਵਰਤੋਂ ਕੀਤੀ ਜਾਵੇ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ 5 ਸਤੰਬਰ 2022—
ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਵਿਭਾਗਾਂ ਵਲੋਂ ਮਹੀਨਾ ਜੁਲਾਈ ਅਤੇ ਅਗਸਤ ਦੌਰਾਨ ਕੀਤੇ ਗਏ ਕੰਮਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਲ੍ਹੇ ਵਿੱਚ ਬਣ ਰਹੀਆਂ ਸੜ੍ਹਕਾਂ ਵਿੱਚ ਪਲਾਸਟਿਕ ਦੇ ਰਹਿੰਦ ਖੂੰਹਦ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਪਲਾਸਟਿਕ ਕਚਰੇ ਨੂੰ ਵੀ ਵਰਤੋਂ ਵਿੱਚ ਲਿਆਂਦਾ ਜਾ ਸਕੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸੂਦਨ ਨੇ ਸਮਾਰਟ ਸਿਟੀ ਅਧੀਨ ਚਲ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਤੇਜੀ ਲਿਆਂਦੀ ਜਾਵੇ ਅਤੇ ਮਿਥੇ ਸਮੇਂ ਦੌਰਾਨ ਵਿਕਾਸ ਕਾਰਜਾਂ ਨੂੰ ਮੁਕੰਮਲ ਕੀਤਾ ਜਾਵੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਠੇਕੇਦਾਰਾਂ ਵਲੋਂ ਸਮੇਂ ਸਿਰ ਵਿਕਾਸ ਕਾਰਜ ਮੁਕੰਮਲ ਨਹੀਂ ਕੀਤੇ ਜਾਂਦੇ ਉਨਾਂ ਨੂੰ ਜੁਰਮਾਨਾ ਲਗਾਇਆ ਜਾਵੇ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕੰਮਾਂ ਦੀ ਗੁਣਵੱਤਾ ਦਾ ਖਾਸ ਧਿਆਨ ਰੱਖਿਆ ਜਾਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਕੋਈ ਵੀ ਅਣਗਹਿਲੀ ਬਰਦਾਸ਼ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਸਾਰੇ ਵਿਕਾਸ ਕਾਰਜ ਪਾਰਦਰਸ਼ਤਾ ਢੰਗ ਨਾਲ ਹੋਣੇ ਚਾਹੀਦੇ ਹਨ। ਉਨਾਂ ਸਮੂਹ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਯੂਟੀਲਾਈਜੇਸਨ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ।
ਡਿਪਟੀ ਕਮਿਸ਼ਨਰ ਨੇ ਸਮੂਹ ਬੀ.ਡੀ.ਪੀ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮੂਹ ਬਲਾਕਾਂ ਵਿੱਚ ਗੁਰੂ ਨਾਨਕ ਬਗੀਚੀਆਂ ਤਿਆਰ ਕੀਤੀਆਂ ਜਾਣੀਆਂ ਹਨ ਅਤੇ 42.8 ਏਕੜ ਜ਼ਮੀਨ ਵਿੱਚ ਪੌਦੇ ਲਗਾਏ ਜਾਣੇ ਹਨ। ਉਨਾਂ ਕਿਹਾ ਕਿ ਇਸ ਸਬੰਧ ਵਿੱਚ ਸਬੰਧਤ ਗ੍ਰਾਮ ਪੰਚਾਇਤਾਂ ਨਾਲ ਤਾਲਮੇਲ ਕਰਕੇ ਜਲਦ ਹੀ ਇਸ ਕੰਮ ਨੂੰ ਨੇਪਰੇ ਚਾੜ੍ਹਿਆ ਜਾਵੇ। ਸ੍ਰੀ ਸੂਦਨ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਜਿਥੇ ਵੀ ਬਿਜਲੀ ਦੀਆਂ ਤਾਰਾਂ ਲੱਟਕ ਰਹੀਆਂ ਹਨ ਨੂੰ ਠੀਕ ਕੀਤਾ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਮਗਨਰੇਗਾ ਦੇ ਕੰਮਾਂ ਦੀ ਵੀ ਸਮੀਖਿਆ ਕੀਤੀ ਗਈ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਰਣਬੀਰ ਸਿੰਘ ਮੂਧਲ, ਐਸ.ਡੀ.ਐਮ. ਸ੍ਰੀ ਹਰਪ੍ਰੀਤ ਸਿੰਘ, ਐਕਸੀਐਨ ਸ: ਇੰਦਰਜੀਤ ਸਿੰਘ, ਕਾਰਜਕਾਰੀ ਇੰਜੀਨੀਅਰ ਮੰਡੀ ਬੋਰਡ ਰਮਨ ਕੁਮਾਰ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਸ: ਪਰਮਜੀਤ ਸਿੰਘ, ਉਪ ਅਰਥ ਤੇ ਆਂਕੜਾ ਸਲਾਹਕਾਰ ਸ: ਚਰਨਜੀਤ ਸਿੰਘ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਜੀਵ ਕੁਮਾਰ ਤੋਂ ਇਲਾਵਾ ਸਮੂਹ ਬਲਾਕ ਵਿਕਾਸ ਅਫ਼ਸਰ ਵੀ ਹਾਜ਼ਰ ਸਨ।