ਪਟਿਆਲਾ, 1 ਅਕਤੂਬਰ:
ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਦੇਸ਼ ਦੇ 272 ਜ਼ਿਲ੍ਹਿਆਂ ਵਿਚ ਸ਼ੁਰੂ ਕੀਤੀ ਗਈ, ਇਸ ਤਹਿਤ ਪਟਿਆਲਾ ਜ਼ਿਲ੍ਹੇ ‘ਚ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਵਿਭਾਗ ਦੀ ਦੇਖ-ਰੇਖ ‘ਚ ਨਸ਼ਾ ਮੁਕਤ ਭਾਰਤ ਮੁਹਿੰਮ ਦੀ ਕਮੇਟੀ ਬਣਾਈ ਗਈ ਹੈ।
ਅੱਜ ਨਸ਼ਾ ਮੁਕਤ ਭਾਰਤ ਮੁਹਿੰਮ ਦੇ ਮੈਂਬਰ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਸ੍ਰੀ ਵਿਕਰਮ ਜੀਤ ਦੁੱਗਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤੇ ਕਮੇਟੀ ਦੇ ਮੈਂਬਰ ਸਕੱਤਰ ਵਰਿੰਦਰ ਸਿੰਘ ਟਿਵਾਣਾ, ਪ੍ਰਧਾਨ ਯੂਥ ਫੈਡਰੇਸ਼ਨ ਆਫ਼ ਇੰਡੀਆ ਪਰਮਿੰਦਰ ਭਲਵਾਨ ਅਤੇ ਮੈਂਬਰ ਨਸ਼ਾ ਮੁਕਤ ਭਾਰਤ ਮੁਹਿੰਮ ਤੇ ਪਾਵਰ ਹਾਊਸ ਯੂਥ ਕਲੱਬ ਦੇ ਸਰਪ੍ਰਸਤ ਜਤਵਿੰਦਰ ਗਰੇਵਾਲ ਅਤੇ ਹੋਰਨਾਂ ਮੈਂਬਰਾਂ ਵੱਲੋਂ ਨਸ਼ਿਆਂ ਵਿਰੋਧੀ ਪੋਸਟਰ ਰੀਲੀਜ਼ ਕੀਤੇ ਗਏ।
ਇਸ ਮੌਕੇ ਐਸ.ਐਸ.ਪੀ ਪਟਿਆਲਾ ਸ੍ਰੀ ਵਿਕਰਮ ਜੀਤ ਦੁੱਗਲ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਾਨੂੰ ਸਾਰਿਆਂ ਨੂੰ ਇੱਕਮੁੱਠ ਹੋ ਕੇ ਨਸ਼ਿਆਂ ਵਰਗੀ ਅਲਾਮਤ ਤੋਂ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਅੱਗੇ ਆਉਣਾ ਚਾਹੀਦਾ ਹੈ ਉਹਨਾਂ ਕਿਹਾ ਕਿ ਪੰਜਾਬ ਪੁਲਿਸ ਖਾਸ ਕਰਕੇ ਪਟਿਆਲਾ ਪੁਲਿਸ ਇਸ ਨਸ਼ਾ ਮੁਕਤ ਭਾਰਤ ਮੁਹਿੰਮ ‘ਚ ਪੂਰਨ ਸਹਿਯੋਗ ਦੇਵੇਗੀ ਉਹਨਾਂ ਕਿਹਾ ਕਿ ਅੱਜ ਲੜਾਈ ਝਗੜੇ, ਪਰਿਵਾਰਕ ਝਗੜੇ ਅਤੇ ਕਈ ਤਰ੍ਹਾਂ ਦੀਆਂ ਗੈਰ ਸਮਾਜਿਕ ਗਤੀਵਿਧੀਆਂ ਵਿਚ ਵਾਧਾ ਨਸ਼ਿਆਂ ਕਾਰਨ ਹੀ ਹੋ ਰਿਹਾ ਹੈ। ਉਹਨਾਂ ਕਿਹਾ ਕਿ ਯੂਥ ਕਲੱਬਾਂ, ਪੰਚਾਇਤ ਅਤੇ ਹਰ ਜ਼ਿੰਮੇਵਾਰ ਨਾਗਰਿਕ ਨੂੰ ਮੁਹਿੰਮ ਨਾਲ ਜੁੜਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਨਸ਼ਾ ਵੇਚਣ ਵਾਲੇ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।