ਡਿਪਟੀ ਕਮਿਸ਼ਨਰ ਨੇ ਲਿਆ ਮੁਕੰਮਲ ਤਿਆਰੀਆਂ ਦਾ ਜਾਇਜ਼ਾ
ਬਰਨਾਲਾ, 13 ਅਗਸਤ 2021
ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ ਅੱਜ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ ਵੀ ਹਾਜ਼ਰ ਸਨ।
ਇਸ ਮਗਰੋਂ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁਕੰਮਲ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਆਖਿਆ ਕਿ ਕੋਵਿਡ-19 ਦੇ ਮੱਦੇਨਜ਼ਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਆਜ਼ਾਦੀ ਦਿਹਾੜਾ ਸੰਖੇਪ ਅਤੇ ਸਾਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ ਤੇ ਇਸ ਵਾਰ ਵੀ ਬੱਚਿਆਂ ਦਾ ਪ੍ਰੋਗਰਾਮ ਨਹੀਂ ਹੋਵੇਗਾ। ਉਨਾਂ ਕਿਹਾ ਕਿ ਆਜ਼ਾਦੀ ਦਿਹਾੜਾ ਸਾਡੇ ਸਾਰਿਆਂ ਲਈ ਬੇਹੱਦ ਮਹੱਤਤਾ ਰੱਖਦਾ ਹੈ, ਇਸ ਲਈ ਹਰੇਕ ਅਧਿਕਾਰੀ ਅਤੇ ਕਰਮਚਾਰੀ ਦਾ ਫਰਜ਼ ਬਣਦਾ ਹੈ ਕਿ ਕੌਮੀ ਮਹਤੱਤਾ ਵਾਲੇ ਇਸ ਦਿਹਾੜੇ ’ਤੇ ਆਪਣੀ ਡਿਊਟੀ ਪੂਰੀ ਸਮਰਪਣ ਭਾਵਨਾ ਨਾਲ ਨਿਭਾਵੇ।
ਇਸ ਮੌਕੇ ਐਸਪੀ ਜਗਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਬਰਨਾਲਾ ਪੁਲਿਸ ਵੱਲੋਂ ਆਜ਼ਾਦੀ ਦਿਹਾੜੇ ਨੂੰ ਲੈ ਕੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਦੇਵਦਰਸ਼ਦੀਪ ਸਿੰਘ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।