ਜ਼ਿਲੇ ਦੇ ਸੇਵਾ ਕੇਂਦਰਾਂ ਨੇ ਇਕ ਸਾਲ ਵਿਚ 1.10 ਲੱਖ ਸੇਵਾਵਾਂ ਕੀਤੀਆਂ ਪ੍ਰਦਾਨ-ਡੀ. ਸੀ 

Dr. Shena Aggarwal
Dr. Shena Aggarwal
ਨਵਾਂਸ਼ਹਿਰ, 9 ਅਗਸਤ  2021
ਜ਼ਿਲੇ ਦੇ ਸੇਵਾ ਕੇਂਦਰਾਂ ਵੱਲੋਂ ਕੋਵਿਡ ਮਹਾਂਮਾਰੀ ਦੇ ਬਾਵਜੂਦ ਪਿਛਲੇ ਇਕ ਸਾਲ ਦੇ ਅਰਸੇ ਦੌਰਾਨ ਜ਼ਿਲਾ ਵਾਸੀਆਂ ਨੂੰ ਕਰੀਬ 1.10 ਲੱਖ ਸੇਵਾਵਾਂ ਪ੍ਰਦਾਨ ਕੀਤੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਨਵੇਂ ਡਿਜੀਟਲ ਯੁੱਗ ਵਿਚ ਕੰਮਕਾਜ ਨੂੰ ਵਧੇਰੇ ਪਾਰਦਰਸ਼ੀ ਅਤੇ ਕਾਰਗਰ ਬਣਾਉਣ ਲਈ ਜ਼ਿਲੇ ਵਿਚ 17 ਸੇਵਾ ਕੇਂਦਰ ਕੰਮ ਕਰ ਰਹੇ ਹਨ, ਜਿਥੇ ਰੋਜ਼ਾਨਾ ਸੈਂਕੜੇ ਲੋਕ 332 ਪ੍ਰਕਾਰ ਦੀਆਂ ਵੱਖ-ਵੱਖ ਸੇਵਾਵਾਂ ਹਾਸਲ ਕਰਨ ਲਈ ਇਨਾਂ ਕੇਂਦਰਾਂ ਵਿਚ ਆਉਂਦੇ ਹਨ। ਉਨਾਂ ਕਿਹਾ ਕਿ ਸੇਵਾ ਕੇਂਦਰਾਂ ਦੀ ਸਫਲਤਾ ਦੇ ਮੱਦੇਨਜ਼ਰ ਹਾਲ ਹੀ ਵਿਚ ਫਰਦਾਂ, ਟ੍ਰਾਂਸਪੋਰਟ ਅਤੇ ਸਾਂਝ ਕੇਂਦਰਾਂ ਨਾਲ ਸਬੰਧਤ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਅਗਲੇ ਕੁਝ ਮਹੀਨਿਆਂ ਦੌਰਾਨ ਆਮ ਲੋਕਾਂ ਨਾਲ ਸਬੰਧਤ ਕੁਝ ਹੋਰ ਅਹਿਮ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਜਨਤਕ ਸ਼ਿਕਾਇਤਾਂ ਦਾ ਹੱਲ ਵੈੱਬ, ਮੋਬਾਈਲ ਅਤੇ ਟੋਲ ਫਰੀ ਨੰਬਰ 1100 ’ਤੇ ਕਾਲ ਕਰਕੇ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੇ ਜੁਲਾਈ 2020 ਤੋਂ ਜੁਲਾਈ 2021 ਦੇ ਇਕ ਸਾਲ ਦੇ ਅਰਸੇ ਦੌਰਾਨ ਕੇਵਲ 0.03 ਫੀਸਦੀ ਪੈਂਡੈਂਸੀ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਕਿਹਾ ਕਿ ਪੈਂਡੈਂਸੀ ਦੀ ਨਿਯਮਿਤ ਨਿਗਰਾਨੀ ਰਾਹੀਂ ਜ਼ੀਰੋ ਪੈਂਡੈਂਸੀ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਵੱਲੋਂ ਇਕ ਵਿਹਾਰਕ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਸੇਵਾ ਕੇਂਦਰਾਂ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਵੀ ਨਾਗਰਿਕਾਂ ਨੂੰ ਬਿਹਤਰ ਤੇ ਸੁਰੱਖਿਅਤ ਵਾਤਾਵਰਨ ਵਿਚ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਸਮੂਹ ਸੇਵਾ ਕੇਂਦਰਾਂ ਵਿਚ ਸਟਾਫ ਅਤੇ ਬਿਨੈਕਾਰਾਂ ਸਮੇਤ ਸਾਰਿਆਂ ਦੀ ਸੁਰੱਖਿਆ ਲਈ ਲੋੜੀਂਦੇ ਉਪਾਅ ਅਪਣਾਏ ਗਏ ਹਨ। ਉਨਾਂ ਦੱਸਿਆ ਕਿ ਜ਼ਿਲੇ ਵਿਚ ਇਸ ਵੇਲੇ 17 ਸੇਵਾ ਕੇਂਦਰਾਂ ਵੱਲੋਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਨਾਂ ਵਿਚ ਇਕ ਟਾਈਪ-1, ਚਾਰ ਟਾਈਪ-2 ਅਤੇ 12 ਟਾਈਪ-3 ਸੇਵਾ ਕੇਂਦਰ ਸ਼ਾਮਲ ਹਨ। ਉਨਾਂ ਦੱਸਿਆ ਕਿ ਸੇਵਾ ਕੇਂਦਰਾਂ ਵੱਲੋਂ ਸਪੀਡ ਪੋਸਟ ਅਤੇ ਕੋਰੀਅਰ ਸੇਵਾ ਰਾਹੀਂ ਨਾਗਰਿਕਾਂ ਨੂੰ ਉਨਾਂ ਦੇ ਦਸਤਾਵੇਜ਼ ਘਰ ਬੈਠਿਆਂ ਹੀ ਪਹੰੁਚਾਉਣ ਦਾ ਉਪਰਾਲਾ ਵੀ ਕੀਤਾ ਗਿਆ ਹੈ।
ਫੋਟੋ : ਡਾ. ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ।
ਸੇਵਾ ਕੇਂਦਰ।
Spread the love