ਜ਼ਿਲੇ ਵਿਚ 100 ਫੀਸਦੀ ਟੀਕਾਕਰਨ ਕਰਵਾਉਣ ਵਾਲੇ ਪਿੰਡਾਂ ਦੀ ਗਿਣਤੀ ਹੋਈ ਤਿੰਨ-ਡੀ. ਸੀ

ਅਟਾਰੀ ਤੋਂ ਬਾਅਦ ਬੈਂਸਾਂ ਅਤੇ ਗੜੀ ਭਾਰਟੀ ਨੇ ਵੀ ਹਾਸਲ ਕੀਤਾ ਟੀਚਾ
ਨਵਾਂਸ਼ਹਿਰ, 23 ਜੂਨ 2021
ਜ਼ਿਲੇ ਵਿਚ ਸ਼ੁਰੂ ਕੀਤੀ ਗਈ ਕੋਰੋਨਾ ਮੁਕਤ ਪਿੰਡ ਮੁਹਿੰਮ ਤੇਜ਼ ਹੋ ਗਈ ਹੈ ਅਤੇ ਇਥੇ 100 ਫੀਸਦੀ ਟੀਕਾਕਰਨ ਕਰਵਾਉਣ ਦਾ ਟੀਚਾ ਪੂਰਾ ਕਰਨ ਵਾਲੇ ਪਿੰਡਾਂ ਦੀ ਗਿਣਤੀ ਤਿੰਨ ਹੋ ਗਈ ਹੈ। ਜ਼ਿਲੇ ਵਿਚ ਟੀਕਾਕਰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਦੇ ਪਿੰਡ ਅਟਾਰੀ ਤੋਂ ਬਾਅਦ ਹੁਣ ਬੈਂਸਾਂ ਅਤੇ ਗੜੀ ਭਾਰਟੀ ਨੇ ਵੀ 100 ਫੀਸਦੀ ਟੀਕਾਕਰਨ ਕਰਵਾਉਣ ਦਾ ਮਾਣ ਹਾਸਲ ਕੀਤਾ ਹੈ। ਉਨਾਂ ਦੱਸਿਆ ਕਿ ਪਿੰਡਾਂ ਵਿਚ ਟੀਕਾਕਰਨ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ
ਸਮੂਹ ਪਿੰਡਾਂ ਵੱਲੋਂ ਇਸ ਮੁਹਿੰਮ ਵਿਚ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨਾਂ ਇਹ ਟੀਚਾ ਹਾਸਲ ਕਰਨ ਵਾਲੇ ਪਿੰਡਾਂ ਨੂੰ ਵਧਾਈ ਦਿੰਦਿਆਂ ਹੋਰਨਾਂ ਪਿੰਡਾਂ ਨੂੰ ਵੀ ਆਉਣ ਵਾਲੇ ਦਿਨਾਂ ਵਿਚ 100 ਫੀਸਦੀ ਟੀਕਾਕਰਨ ਕਰਵਾਉਣ ਦਾ ਸੱਦਾ ਦਿੱਤਾ। ਉਨਾਂ ਪਿੰਡਾਂ ਦੇ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਹੋਰਨਾਂ ਮੋਹਤਬਰਾਂ ਨੂੰ ਸਿਹਤ ਵਿਭਾਗ ਦੇ ਨਾਲ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਮੂਹਿਕ ਯਤਨਾਂ ਨਾਲ ਹੀ ਇਸ ਮਹਾਂਮਾਰੀ ਨੂੰ ਹਰਾਇਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਵਿਚ ਯੋਗ ਵਿਅਕਤੀਆਂ ਨੂੰ 1.70 ਲੱਖ ਤੋਂ ਵੱਧ ਵੈਕਸੀਨ ਦੀਆਂ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਿਨਾਂ ਵਿਚ ਪਹਿਲੀ ਅਤੇ ਦੂਜੀ ਖ਼ੁਰਾਕ ਸ਼ਾਮਲ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਸੰਭਾਵਿਤ ਤੀਜੀ ਲਹਿਰ ਦੇ ਖ਼ਤਰੇ ਨੂੰ ਰੋਕਣ ਲਈ ਸਾਰੇ ਯੋਗ ਵਿਅਕਤੀ ਆਪਣਾ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਸਕੂਲਾਂ ਦੇ ਸਮੂਹ ਅਧਿਆਪਕਾਂ ਅਤੇ ਹੋਰ ਸਟਾਫ ਦਾ ਸਕੂਲ ਖੁੱਲਣ ਤੋਂ ਪਹਿਲਾਂ 100 ਫੀਸਦੀ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਸ਼ਹਿਰਾਂ ਅਤੇ ਕਸਬਿਆਂ ਵਿਚ ਵਾਰਡ ਵਾਈਜ਼ ਟੀਮਾਂ ਬਣਾ ਕੇ ਟੀਕਾਕਰਨ ਕੀਤਾ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਡੀ. ਡੀ. ਪੀ. ਓ ਦਵਿੰਦਰ ਕੁਮਾਰ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਜੇ. ਐਸ ਬੈਂਸ, ਐਸ. ਐਮ. ਓ ਨਵਾਂਸ਼ਹਿਰ ਡਾ. ਮਨਦੀਪ ਕਮਲ, ਉੱਪ ਅਰਥ ਤੇ ਅੰਕੜਾ ਸਲਾਹਕਾਰ ਨਰੇਸ਼ ਕੁਮਾਰ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਟੀਕਾਕਰਨ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਤੇ ਹੋਰ।

Spread the love