ਜ਼ਿਲੇ ਵਿੱਚ ਬੈੱਡਾਂ ਅਤੇ ਆਕਸੀਜਨ ਦੀ ਨਹੀਂ ਹੈ ਕੋਈ ਸਮੱਸਿਆ ਕਰੋਨਾ ਟੈਸਟਿੰਗ ਵਿੱਚ ਦੇਰੀ ਹੈ ਜ਼ਿਆਦਾ ਹਾਨੀਕਾਰਕ

ਕਰੋਨਾ ਮੁਕਤ ਪਿੰਡ ਮੁਹਿੰਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ : ਡਿਪਟੀ ਕਮਿਸ਼ਨਰ
#ਬਠਿੰਡਾ, 21 ਮਈ , 2021 : ਸੂਬਾ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਨਾਲ ਨਜਿੱਠਣ ਅਤੇ ਇਸ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਕਰੋਨਾ ਮੁਕਤ ਪਿੰਡ ਮੁਹਿੰਮ ਨੂੰ ਜ਼ਿਲੇ ਦੇ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਨਾਲ ਜਿੱਥੇ ਪਿੰਡਾਂ ਵਿੱਚ ਕਰੋਨਾ ਟੈਸਟਿੰਗ ਦੀ ਗਿਣਤੀ ਵਧੀ ਹੈ, ਉੱਥੇ ਹੀ ਮੌਤ ਦਰ ਵਿੱਚ ਗਿਰਾਵਟ ਆਈ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਰੀਵਿਊ ਮੀਟਿੰਗ ਦੌਰਾਨ ਦਿੱਤੀ। ਰੋਜ਼ਾਨਾ ਕੀਤੀ ਜਾ ਰਹੀ ਇਸ ਮੀਟਿੰਗ ਦੌਰਾਨ ਉਨਾਂ ਜ਼ਿਲੇ ਵਿੱਚ ਕੋਵਿਡ ਨਾਲ ਸਬੰਧਤ ਅਤੇ ਇਸ ਭਿਆਨਕ ਮਹਾਂਮਾਰੀ ਨੂੰ ਰੋਕਣ ਲਈ ਕੀਤੀਆਂ ਜਾਣ ਵਾਲੀਆਂ ਸਮੂਹ ਗਤੀਵਿਧੀਆਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਇਸ ਮੌਕੇ ਉਨਾਂ ਕੋਵਿਡ ਮੁਕਤ ਪਿੰਡ ਮੁਹਿੰਮ ਤਹਿਤ ਜ਼ਿਲੇ ਦੇ ਵੱਧ ਕਰੋਨਾ ਪ੍ਰਭਾਵਿਤ ਪਿੰਡਾਂ ਵਿੱਚ ਪਹਿਲ ਦੇ ਆਧਾਰ ‘ਤੇ ਟੈਸਟਿੰਗ ਕਰਨ ਦੇ ਆਦੇਸ਼ ਦਿੱਤੇ।
ਜ਼ਿਲੇ ਵਿੱਚ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਸਥਾਪਿਤ ਕੀਤੇ ਗਏ ਲੈਵਲ 2 ਤੇ ਲੈਵਲ 3 ਦੀ ਸਮਰੱਥਾ ਵਾਲੇ ਬੈੱਡਾਂ ਦੀ ਸਥਿਤੀ ਦਾ ਜਾਇਜਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਜੂਦਾ ਸਮੇਂ ਜ਼ਿਲੇ ਵਿੱਚ ਬੈੱਡਾਂ ਅਤੇ ਆਕਸੀਜਨ ਦੀ ਕੋਈ ਸਮੱਸਿਆ ਨਹੀਂ ਹੈ। ਇਸ ਦੌਰਾਨ ਉਨਾਂ ਪੇਂਡੂ ਖੇਤਰ ਵਿੱਚ ਇਸ ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਲਗਾਏ ਜਾ ਰਹੇ ਕੈਂਪਾਂ ਵਿੱਚ ਹੋਰ ਤੇਜੀ ਲਿਆਉਣ ਲਈ ਹਦਾਇਤ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰੀ ਖੇਤਰ ਦੇ ਨਾਲ-ਨਾਲ ਪਿੰਡਾਂ ਵਿਚ ਵੀ ਵੱਡੀ ਪੱਧਰ ‘ਤੇ ਕਰੋਨਾ ਟੈਸਟਿੰਗ ਕੀਤੀ ਜਾਵੇ। ਉਨਾਂ ਅਧਿਕਾਰੀਆਂ ਨੂੰ ਇਹ ਵੀ ਖਾਸ ਹਦਾਇਤ ਕੀਤੀ ਕਿ ਪਿੰਡਾਂ ਦੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡ ਵਾਸੀਆਂ ਨੂੰ ਇਹ ਦੱਸਿਆ ਜਾਵੇ ਕਿ ਉਹ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਜੇਕਰ ਉਨਾਂ ਨੂੰ ਖੰਘ, ਬੁਖਾਰ, ਜੁਕਾਮ ਆਦਿ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਆਪਣੇ ਟੈਸਟ ਕਰਵਾਉਣ। ਉਹ ਪਿੰਡ ਵਾਸੀਆਂ ਨੂੰ ਇਹ ਵੀ ਜਾਣੂ ਕਰਵਾਉਣ ਕਿ ਜੇਕਰ ਕੋਈ ਵਿਅਕਤੀ ਕਰੋਨਾ ਪਾਜੀਟਿਵ ਆਉਂਦਾ ਹੈ ਤਾਂ ਉਸਨੂੰ ਘਬਰਾਉਣ ਦੀ ਨਹੀਂ ਸਗੋਂ ਹੌਂਸਲੇ ਨਾਲ ਇਲਾਜ ਦੀ ਜ਼ਰੂਰਤ ਹੈ। ਇਸ ਨਾਲ ਜਿੱਥੇ ਉਹ ਮੁੱਢਲੇ ਪੜਾਅ ‘ਤੇ ਹੀ ਇਸ ਬਿਮਾਰੀ ਤੇ ਕਾਬੂ ਪਾ ਸਕਦੇ ਹਨ, ਉੱਥੇ ਆਪਣੇ ਪਰਿਵਾਰ ਤੇ ਸਮਾਜ ਨੂੰ ਵੀ ਇਸ ਭਿਆਨਕ ਬਿਮਾਰੀ ਤੋਂ ਬਚਾਅ ਸਕਣਗੇ।
ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐਸ. ਅਧਿਕਾਰੀ ਸ਼੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਸ੍ਰੀ ਗੁਰਬੀਰ ਸਿੰਘ ਕੋਹਲੀ, ਸ੍ਰੀ ਬਬਨਦੀਪ ਸਿੰਘ ਵਾਲੀਆ, ਡਾ. ਯਾਦਵਿੰਦਰ ਸਿੰਘ, ਕਰੋਨਾ ਸੈੱਲ ਦੇ ਜ਼ਿਲਾ ਇੰਚਾਰਜ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ ਅਤੇ ਡਾਟਾ ਸੈੱਲ ਦੇ ਇੰਚਾਰਜ ਸ੍ਰੀ ਨਵੀਨ ਗਡਵਾਲ ਤੋਂ ਇਲਾਵਾ ਹੋਰ ਵੱਖ-ਵੱਖ ਕਰੋਨਾ ਸੈੱਲਾਂ ਦੇ ਇੰਚਾਰਜ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।