ਹੁਕਮਾਂ ਦੀ ਉਲੰਘਣਾ ਤੇ ਹੋਵੇਗੀ ਸਖਤ ਕਾਰਵਾਈ-ਸੰਦੀਪ ਹੰਸ
ਮੋਗਾ, 17 ਮਈ , 2021 :
ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਮਿਉਂਸਪਲ ਟਾਊਨਜ਼ ਜਿਵੇਂ ਕਿ ਨਗਰ ਨਿਗਮ ਮੋਗਾ, ਨਗਰ ਕੌਂਸਲ, ਬਾਘਾਪੁਰਾਣਾ/ ਧਰਮਕੋਟ ਅਤੇ ਨਗਰ ਪੰਚਾਇਤ, ਨਿਹਾਲ ਸਿੰਘ ਵਾਲਾ/ ਬੱਧਨੀ ਕਲਾਂ/ ਕੋਟ ਈਸੇ ਖਾਂ/ ਫਤਿਹਗੜ੍ਹ ਪੰਜਤੂਰ ਦੀਆਂ ਮਿਊਨਸੀਪਲ ਹੱਦਾਂ ਅੰਦਰ ਕੁਝ ਟਰੇਡ (Trade) ਸੇਵਾਵਾਂ ਨੁੰ ਖੋਲਣ ਅਤੇ ਪਾਬੰਦੀਆਂ ਦੇ ਹੁਕਮ ਦਿੱਤੇ ਗਏ ਸਨ। ਹੁਣ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਮੋਗਾ ਵਿੱਚ ਪਹਿਲਾਂ ਜਾਰੀ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਮਿਤੀ 31/5/2021 ਤੱਕ ਵਾਧਾ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਅਧਿਕਾਰੀਆਂ ਵੱਲੋਂ ਕੋਵਿਡ ਸਬੰਧਤ ਵਿਵਹਾਰ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਜਿਸ ਵਿੱਚ 6 ਫੁੱਟ ਦੀ ਸਮਾਜਿਕ ਦੂਰੀ ਨੂੰ ਬਣਾਈ ਰੱਖਣਾ, ਬਜ਼ਾਰਾਂ ਅਤੇ ਪਬਲਿਕ ਟਰਾਂਸਪੋਰਟ ਵਿੱਚ ਭੀੜ ਨੂੰ ਨਿਯਮਤ ਕਰਨਾ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਕੋਵਿਡ ਨਿਯਮਾਂ ਦੀ ਉਲੰਘਣਾ ਜਿਵੇਂ ਕਿ ਮਾਸਕ ਨਾ ਪਹਿਨਣਾ ਅਤੇ ਜਨਤਕ ਥਾਵਾਂ ਤੇ ਥੁੱਕਣ ਵਾਲਿਆਂ ਨੂੰ ਨਿਰਧਾਰਤ ਜੁਰਮਾਨੇ ਕਰਨਾ ਯਕੀਨੀ ਬਣਾਇਆ ਜਾਵੇਗਾ।
ਉਪਰੋਕਤ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀ/ਅਦਾਰਿਆਂ ਵਿਰੁੱਧ ਇੰਡੀਅਨ ਪੈਨਲ ਕੋਡ ਦੀ ਧਾਰਾ 188 ਅਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51-60 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।