ਰੂਪਨਗਰ 9 ਜੁਲਾਈ 2021
ਪ੍ਰਾਦੇਸ਼ਿਕ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ, ਮੋਹਾਲੀ ਵੱਲੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਅਧਿਕਾਰੀਆਂ/ਕਰਮਚਾਰੀਆਂ ਅਤੇ ਲਾਈਨ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਦੇ ਸਮਰੱਥਾ ਨਿਰਮਾਣ ਸਿਖਲਾਈ ਪ੍ਰੋਗਰਾਮ ਨਿਰਵਿਘਨ ਕਰਵਾਏ ਜਾਂਦੇ ਹਨ ਤਾਂ ਕਿ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦੇ ਅਧਿਕਾਰੀ/ਕਰਮਚਾਰੀ ਕੇਂਦਰ ਅਤੇ ਰਾਜ ਸਰਕਰਾ ਦੀਆਂ ਸਕੀਮਾਂ ਦੀ ਜਾਣਕਾਰੀ ਹਾਸਿਲ ਕਰ ਕੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰ ਸਕਣ। ਇਨ੍ਹਾ ਸਿਖਲਾਈ ਪ੍ਰੋਗਰਾਮਾਂ ਦੀ ਹੀ ਲਗਾਤਾਰਤਾ ਅਧੀਨ ਸ੍ਰੀ ਮਨਪ੍ਰੀਤ ਸਿੰਘ ਡਾਇਰੈਕਟਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀਮਤੀ ਰਾਮਿੰਦਰ ਕੌਰ ਬੁੱਟਰ, ਵਧੀਕ ਡਾਇਰੈਕਟਰ (ਪੰਚਾਇਤ) ਅਤੇ ਮੁੱਖੀ ਐਸ.ਆਈ.ਆਰ.ਡੀ. ਦੀ ਰਹਿਨਮਾਈ ਹੇਠ ਜ਼ਿਲ੍ਹਾ ਰੂਪ ਨਗਰ ਦੇ ਜ਼ਿਲ੍ਹਾ ਪਰਿਸ਼ਦ ਦੇ ਚੁਣੇ ਹੋਏ ਨੁਮਾਇੰਦਿਆਂ, ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੇ ਕਰਤੱਵਾਂ ਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਅਤੇ ਸਖ਼ਸੀਅਤ ਵਿਕਾਸ ਹਿੱਤ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਪਰਿਸ਼ਦ ਦੇ ਚੇਅਰ ਪਰਸਨ ਸ੍ਰੀਮਤੀ ਕ੍ਰਿਸ਼ਨਾ ਦੇਵੀ, ਮੈਂਬਰ ਅਤੇ ਜ਼ਿਲ੍ਹਾ ਰੂਪ ਨਗਰ ਦੇ ਪੰਜ ਪੰਚਾਇਤ ਸੰਮਤੀਆਂ ਦੇ ਚੇਅਰਮੈਨ ਨੇ ਭਾਗ ਲਿਆ। ਕੈਂਪ ਦੌਰਾਨ ਹਾਜ਼ਰ ਭਾਗੀਦਾਰਾਂ ਨੂੰ ਕਰਿੱਡ, ਚੰਡੀਗੜ੍ਹ ਦੀ ਟੀਮ ਦੇ ਡਾ. ਸੁਖਵਿੰਦਰ ਸਿੰਘ ਅਤੇ ਜਸਬੀਰ ਸਿੰਘ ਦੁਆਰਾ ਜ਼ਿਲ੍ਹਾ ਪਰਿਸ਼ਦ ਦੀਆਂ ਮੀਟਿੰਗਾਂ ਦੀ ਪ੍ਰੀਕ੍ਰਿਆ, ਕੋਰਮ, ਸਥਾਈ ਕਮੇਟੀਆਂ ਅਤੇ ਜ਼ਿਲ੍ਹਾ ਪਰਿਸ਼ਦ ਦੇ ਕੰਮ ਅਤੇ ਸ਼ਕਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਪਿੰਡਾਂ ਦੇ ਵਿਕਾਸ ਲਈ ਕੇਂਦਰ ਅਤੇ ਰਾਜ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਯੋਜਨਾਵਾਂ, 15ਵਾਂ ਵਿੱਤ ਕਮਿਸ਼ਨ, ਸਕੀਮਾਂ ਦੀ ਕੰਨਵਰਜੈਂਸ, ਟਿਕਾਉ ਵਿਕਾਸ ਦੇ ਟੀਚਿਆਂ ਦੀ ਪ੍ਰਾਪਤੀ ਅਤੇ ਬੰਧਨ ਅਤੇ ਬੰਧਨ ਮੁਕਤ ਫੰਡਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸ੍ਰੀ ਸੁਰਿੰਦਰ ਸਿੰਘ ਧਾਲੀਵਾਲ, ਪੀ.ਸੀ.ਐੱਸ. ਸਕੱਤਰ ਜ਼ਿਲ੍ਹਾ ਪਰਿਸ਼ਦ ਵੱਲੋਂ ਦਿੱਤੀ ਗਈ।
ਸ. ਅਮਰੀਕ ਸਿੰਘ, ਖੇਤੀਬਾੜੀ ਅਫ਼ਸਰ ਨੇ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ, ਸ੍ਰੀ ਅਮਨਦੀਪ ਸੈਣੀ ਜੀ ਨੇ ਸਮਾਜ ਭਲਾਈ ਅਤੇ ਸੁਰੱਖਿਆ ਵਿਭਾਗ ਦੀਆਂ ਸਕੀਮਾਂ, ਸ.ਗੁਰਦੀਪ ਸਿੰਘ , ਡਿਪਟੀ ਮਾਸ ਮੀਡੀਆ ਅਫ਼ਸਰ ਨੇ ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਕੋਵਿਡ-19 ਸਬੰਧੀ ਹਦਾਇਤਾਂ ਅਤੇ ਟੀਕਾਕਰਨ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ। ਇਸ ਪ੍ਰੋਗਰਾਮ ਦੇ ਨਿਰੀਖਣ ਲਈ ਪ੍ਰਾਦੇਸ਼ਿਕ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ ਤੋਂ ਪਹੁੰਚੇ ਸ. ਗੁਰਬਿੰਦਰ ਸਿੰਘ ਨੇ ਆਏ ਮਹਿਮਾਨਾਂ ਨੂੰ ਸੰਬੋਧਨ ਕਰਦਿਆਂ ਸਰਕਾਰ ਦੇ ਇਸ ਸਿਖਲਾਈ ਪ੍ਰੋਗਰਾਮ ਦੇ ਉਦੇਸ਼ ਸਬੰਧੀ ਚਾਨਣਾ ਪਾਉਂਦਿਆਂ ਵੱਡੀ ਗਿਣਤੀ ਵਿੱਚ ਇਨ੍ਹਾਂ ਪ੍ਰੋਗਰਾਮਾਂ ਵਿੱਚ ਸਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਕਿ ਸਾਡੇ ਚੁਣੇ ਹੋਏ ਨੁਮਾਇੰਦਿਆਂ ਨੂੰ ਕੇਂਦਰ ਅਤੇ ਰਾਜ ਸਰਕਾਰ ਦੀਆਂ ਸਕੀਮਾਂ ਦੀ ਜਾਣਕਾਰੀ ਪ੍ਰਦਾਨ ਕਰਨ ਦੇ ਨਾਲ ਨਾਲ ਉਨ੍ਹਾਂ ਦੀ ਸਖ਼ਸੀਅਤ ਦਾ ਸਰਵਪੱਖੀ ਵਿਕਾਸ ਹੋ ਸਕੇ ਅਤੇ ਉਹ ਜਾਗਰੂਕ ਹੋ ਕੇ ਪਿੰਡ ਪੱਧਰ ਤੇ ਪਿੰਡਾਂ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਉਠਾ ਸਕਣ ਦੇ ਯੋਗ ਹੋ ਸਕਣ। ਇਸ ਨਾਲ ਜਿੱਥੇ ਸਾਡੇ ਪਿੰਡਾਂ ਦੇ ਵਿਕਾਸ ਦੀ ਗਤੀ ਤੇਜ਼ ਹੋਵੇਗੀ ਉੱਥੇ ਸਾਡੇ ਪਿੰਡਾਂ ਦੇ ਲੋਕਾਂ ਦਾ ਜੀਵਨ ਵੀ ਖ਼ੁਸਹਾਲ ਬਣੇਗਾ। ਪ੍ਰੋਗਰਾਮ ਵਿੱਚ ਹਾਜ਼ਰ ਭਾਗੀਦਾਰਾਂ ਨੇ ਇਸ ਪ੍ਰੋਗਰਾਮ ਵਿੱਚ ਪਹੁੰਚ ਕੇ ਬੜੀ ਪ੍ਰਸੰਨਤਾ ਜਾਹਿਰ ਕੀਤੀ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੇ ਪ੍ਰੋਗਰਾਮ ਥੋੜ੍ਹੇ ਥੋੜ੍ਹੇ ਸਮੇਂ ਬਾਅਦ ਕਰਵਾਏ ਜਾਣੇ ਜ਼ਰੂਰੀ ਹਨ ਤਾਂ ਕਿ ਉਨ੍ਹਾਂ ਨੂੰ ਨਵੀਆਂ ਜਾਣਕਾਰੀਆਂ ਹਾਸਿਲ ਹੋ ਸਕਣ ਅਤੇ ਉਹ ਪਿੰਡਾਂ ਦਾ ਸਹੀ ਅਰਥਾਂ ਵਿੱਚ ਵਿਕਾਸ ਕਰਨ ਵਿੱਚ ਆਪਣਾ ਯੋਗਦਾਨ ਪਾ ਸਕਣ।