ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ ਰੱਸੀ ਟੱਪਣ ਮੁਕਾਬਲੇ ਦੀਆਂ ਜੇਤੂ ਵਿਦਿਆਰਥਣਾਂ ਦਾ ਸਨਮਾਨ

ਬਲਾਕ ਬਰਨਾਲਾ ਅਤੇ ਮਹਿਲ ਕਲਾਂ ਦੀਆਂ ਵਿਦਿਆਰਥਣਾਂ ਦੇ ਕਰਵਾਏ ਮੁਕਾਬਲੇ
ਬਰਨਾਲਾ, 23 ਜੁਲਾਈ 2021
ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ‘ਚ ਮੋਹਰੀ ਬਣਾਉਣ ਦੇ ਨਾਲ-ਨਾਲ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰੱਖਣ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਸ਼੍ਰੀ ਕੁਲਵਿੰਦਰ ਸਿੰਘ ਸਰਾਏ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਾਇਮਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੋੜੀ ਰੱਖਣ ਲਈ ਜ਼ਿਲਾ ਮੈਂਟਰ ਖੇਡਾਂ ਦੇ ਪ੍ਰਬੰਧਾਂ ਹੇਠ ਅਤੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਪ੍ਰਾਇਮਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੇ ਸਕੂਲ ਅਤੇ ਜੋਨ ਪੱਧਰੀ ਰੱਸੀ ਟੱਪਣ ਮੁਕਾਬਲੇ ਕਰਵਾਉਣ ਉਪਰੰਤ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ ਦੀ ਨਿਗਰਾਨੀ ਹੇਠ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ। ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਰੱਸੀ ਟੱਪਣ ਨਾਲ ਵਿਦਿਆਰਥਣਾਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ ਅਤੇ ਰੱਸੀ ਟੱਪਣ ਦਾ ਅਭਿਆਸ ਵਿਦਿਆਰਥਣਾਂ ਬੜੇ ਆਰਾਮ ਨਾਲ ਘਰਾਂ ਵਿੱਚ ਹੀ ਕਰ ਸਕਦੀਆਂ ਹਨ ਕਿਉਂ ਜੋ ਇਸ ਲਈ ਕਿਸੇ ਵਿਸ਼ੇਸ਼ ਖੇਡ ਮੈਦਾਨ ਜਾਂ ਖੇਡ ਸਮੱਗਰੀ ਦੀ ਜ਼ਰੂਰਤ ਨਹੀਂ ਹੁੰਦੀ।
ਸ਼੍ਰੀ ਸਿਮਰਦੀਪ ਸਿੰਘ ਜ਼ਿਲ੍ਹਾ ਮੈਂਟਰ ਖੇਡਾਂ ਨੇ ਦੱਸਿਆ ਕਿ ਸੈਕੰਡਰੀ ਵਿੰਗ ਦੀ ਤਰਜ਼ ‘ਤੇ ਹੀ ਸਮੂਹ ਪ੍ਰਾਇਮਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੇ ਰੱਸੀ ਟੱਪਣ ਮੁਕਾਬਲੇ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਬਲਾਕ ਮਹਿਲ ਕਲਾਂ ਦੇ ਮੁਕਾਬਲੇ ਵਿੱਚੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਹਲਾ ਦੀ ਵਿਦਿਆਰਥਣ ਹਰਪ੍ਰੀਤ ਕੌਰ ਪਹਿਲੇ ਸਥਾਨ ‘ਤੇ ਰਹੀ, ਸਰਕਾਰੀ ਪ੍ਰਾਇਮਰੀ ਸਕੂਲ ਬਖਤਗੜ੍ਹ ਦੀ ਵਿਦਿਆਰਥਣ ਪ੍ਰਭਪ੍ਰੀਤ ਕੌਰ ਦੂਜੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਟੱਲੇਵਾਲ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਤੀਜੇ ਸਥਾਨ ‘ਤੇ ਰਹੀ। ਇਸੇ ਤਰ੍ਹਾਂ ਬਲਾਕ ਬਰਨਾਲਾ ਦੇ ਮੁਕਾਬਲਿਆਂ ‘ਚੋਂ ਸ੍ਰੀ ਗੁਰੂ ਤੇਗ ਬਹਾਦਰ ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਦੀ ਵਿਦਿਆਰਥਣ ਸੰਦੀਪ ਕੌਰ ਪਹਿਲੇ, ਸਰਕਾਰੀ ਪ੍ਰਾਇਮਰੀ ਸਕੂਲ ਗਾਂਧੀ ਨਗਰ ਬਰਨਾਲਾ ਦੀ ਵਿਦਿਆਰਥਣ ਸੰਦੀਪ ਕੌਰ ਦੂਜੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਬਾ ਆਲਾ ਸਿੰਘ ਨਗਰ ਦੀ ਵਿਦਿਆਰਥਣ ਜੈਸਮੀਨ ਕੌਰ ਤੀਜੇ ਸਥਾਨ ‘ਤੇ ਰਹੀ। ਬਲਾਕ ਪੱਧਰੀ ਦੀਆਂ ਜੇਤੂ ਵਿਦਿਆਰਥਣਾਂ ਨੂੰ ਸਿੱਖਿਆ ਅਧਿਕਾਰੀਆਂ ਵੱਲੋਂ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਰਮਨਦੀਪ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਰਨਾਲਾ, ਗੁਰਗੀਤ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਹਿਲ ਕਲਾਂ, ਕੁਲਦੀਪ ਸਿੰਘ ਭੁੱਲਰ ਜ਼ਿਲ੍ਹਾ ਕੋ-ਆਰਡੀਨੇਟਰ ਪੜੋ ਪੰਜਾਬ, ਪਰਮਜੀਤ ਕੌਰ ਬਲਾਕ ਮੈਂਟਰ ਖੇਡਾਂ ਅਤੇ ਰਜਿੰਦਰ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਜਿਲ੍ਹਾ ਸਿੱਖਿਆ ਅਧਿਕਾਰੀ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ।

Spread the love