ਪਟਿਆਲਾ, 10 ਸਤੰਬਰ 2021
ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਫੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਦੀ ਵਰਤੋਂ ਨਾਲ ਆਵਾਜ਼ ਪ੍ਰਦੂਸ਼ਣ ਫੈਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਜੋ 2 ਨਵੰਬਰ 2021 ਤੱਕ ਲਾਗੂ ਰਹਿਣਗੇ।
ਹੁਕਮਾਂ ਅਨੁਸਾਰ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਦੇ ਆਗੂਆਂ ਤੇ ਅਹੁਦੇਦਾਰਾਂ ਵੱਲੋਂ ਕੀਤੇ ਜਾਣ ਵਾਲੇ ਜਲਸਿਆਂ, ਰੈਲੀਆਂ, ਰੋਸ ਧਰਨੇ ਆਦਿ ਮੌਕੇ ‘ਤੇ ਅਤੇ ਕਿਸੇ ਵੀ ਐਨ.ਜੀ.ਓਜ਼, ਪ੍ਰਾਈਵੇਟ, ਸਮਾਜਿਕ, ਧਾਰਮਿਕ, ਵਪਾਰਕ ਸੰਸਥਾਵਾਂ/ਅਦਾਰਿਆਂ ਆਦਿ ਦੇ ਪ੍ਰਬੰਧਕਾਂ/ਅਹੁਦੇਦਾਰਾਂ ਵੱਲੋਂ ਵੱਖ-ਵੱਖ ਪ੍ਰੋਗਰਾਮ, ਸਮਾਗਮ ਆਦਿ ਮੌਕੇ ਕਿਸੇ ਵੀ ਇਮਾਰਤ, ਜਨਤਕ ਸਥਾਨਾਂ, ਖੁੱਲੇ ਸਥਾਨਾਂ, ਪੰਡਾਲਾਂ ਵਿੱਚ ਲਾਊਡ ਸਪੀਕਰ ਆਦਿ ਦੀ ਵਰਤੋਂ ਲਈ ਕਿਸੇ ਵੱਲੋਂ ਵੀ ਵਿਆਹ ਸ਼ਾਦੀਆਂ, ਖੁਸ਼ੀ ਦੇ ਮੌਕਿਆਂ ਅਤੇ ਵੱਖ-ਵੱਖ ਮੌਕਿਆਂ ਆਦਿ ‘ਤੇ ਮੈਰਿਜ ਪੈਲਸਾਂ, ਕਲੱਬਾਂ, ਹੋਟਲਾਂ ਅਤੇ ਖੁੱਲੇ ਸਥਾਨ ਆਦਿ ਵਿੱਚ ਡੀ.ਜੇ. ਆਰਕੈਸਟਰਾ, ਸੰਗੀਤਕ ਯੰਤਰ ਆਦਿ ਸਬੰਧਤ ਉਪ ਮੰਡਲ ਮੈਜਿਸਟਰੇਟ ਕੋਲੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੁਆਇਸ) ਐਕਟ, 1956 ਵਿੱਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ। ਲਾਊਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ/ਆਵਾਜ਼ੀ ਯੰਤਰ ਆਦਿ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਰਾਤ 10:00 ਵਜੇ ਤੋਂ ਸਵੇਰੇ 6:00 ਵਜੇ ਤੱਕ ਉਕਤ ਕਿਸੇ ਵੀ ਆਵਾਜ਼ੀ ਅਤੇ ਸੰਗੀਤਕ ਯੰਤਰਾਂ ਆਦਿ ਦੇ ਕਿਸੇ ਵੀ ਇਮਾਰਤ ਅਤੇ ਸਥਾਨ ਵਿੱਚ ਚਲਾਉਣ/ਵਜਾਉਣ ‘ਤੇ ਮੁਕੰਮਲ ਪਾਬੰਦੀ ਹੋਵੇਗੀ।