ਪਟਿਆਲਾ, 5 ਜੁਲਾਈ 2021
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੈਨਲ ਵਕੀਲਾਂ ਵੱਲੋਂ ਹਰ ਇੱਕ ਅਦਾਲਤ ‘ਚ ਅਜਿਹੇ ਕੇਸਾਂ ਦੀ ਪਹਿਚਾਣ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਨ੍ਹਾਂ ਨੂੰ 10 ਜੁਲਾਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ‘ਚ ਪੇਸ਼ ਕੀਤਾ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਲੋਕ ਅਦਾਲਤ ਦੌਰਾਨ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕਰਨ ਲਈ ਇਸ ਵਾਰ ਵੱਖਰਾ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਪੈਨਲ ਵਕੀਲਾਂ ਨੂੰ ਅਜਿਹੇ ਕੇਸਾਂ ਦੀ ਪਹਿਚਾਣ ਕਰਨ ਲਈ ਕਿਹਾ ਗਿਆ ਹੈ ਜਿਨ੍ਹਾਂ ‘ਚ ਸਮਝੌਤੇ ਦੀ ਸੰਭਾਵਨਾ ਹੈ ਅਤੇ ਇਸ ਦਾ ਪੈਨਲ ਵਕੀਲਾਂ ਵੱਲੋਂ ਭਰਵਾਂ ਹੁੰਗਾਰਾ ਆਇਆ ਹੈ। ਉਨ੍ਹਾਂ ਵੱਲੋਂ ਅਜਿਹੇ ਕੇਸਾਂ ਦੀ ਪਹਿਚਾਣ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਪਰਮਿੰਦਰ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਮਝੌਤੇ ਯੋਗ ਕੇਸਾਂ ਦੀ ਪਹਿਚਾਣ ਕਰਨ ਤੋਂ ਬਾਅਦ ਪੈਨਲ ਐਡਵੋਕੇਟਸ ਕੇਸਾਂ ਦੀ ਪੈਰਵੀ ਕਰ ਰਹੇ ਵਕੀਲ ਸਾਹਿਬਾਨ ਨਾਲ ਸੰਪਰਕ ਕਰਨਗੇ ਤੇ ਝਗੜਿਆਂ ਦਾ ਸਮਝੌਤੇ ਰਾਹੀਂ ਨਿਪਟਾਰਾ ਕਰਨ ਵਿੱਚ ਅਦਾਲਤਾਂ ਨਾਲ ਸਹਿਯੋਗ ਕਰਨਗੇ। ਪੈਨਲ ਐਡਵੋਕੇਟਸ ਵਲੋਂ ਸਮਝੌਤੇ ਲਈ ਕੇਸਾਂ ਦੀ ਪਹਿਚਾਣ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ।