ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨ ਲਾਇਨ ਵਿੱਦਿਅਕ ਮੁਕਾਬਲੇ

ਬਰਨਾਲਾ, 7 ਮਈ:

        ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਰਹਿਨੁਮਾਈ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨ ਲਾਇਨ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ।

            ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਮਈ ਮਹੀਨੇ ਦੌਰਾਨ 31 ਮਈ ਤੱਕ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਸਕੂਲ ਪੱਧਰ ’ਤੇ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਨ੍ਹਾਂ ਦਾ ਵਿਸ਼ਾ ‘ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਕੁਰਬਾਨੀ ਦੇ ਭਾਰਤੀ ਸਮਾਜ ’ਤੇ ਅਸਰ ਨਾਲ ਸਬੰਧਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ 1 ਜੂਨ ਤੋਂ 30 ਜੂਨ ਤੱਕ ਕਵਿਤਾ ਉਚਾਰਨ ਮੁਕਾਬਲੇ, 1 ਜੁਲਾਈ ਤੋਂ 31 ਜੁਲਾਈ ਤੱਕ ਸਲੋਗਨ ਲਿਖਣ ਮੁਕਾਬਲੇ ਅਤੇ 1 ਅਗਸਤ ਤੋਂ 31 ਅਗਸਤ ਤੱਕ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ।ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲੇ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰਵੀਂ ਦੋ ਵੱਖ-ਵੱਖ ਵਰਗਾਂ ਵਿੱਚ ਕਰਵਾਏ ਜਾਣਗੇ।

              ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਇਹ ਮੁਕਾਬਲੇ ਮਈ ਤੋਂ ਅਗਸਤ ਮਹੀਨੇ ਤੱਕ ਸਕੂਲ ਪੱਧਰ ’ਤੇ,  ਸਤੰਬਰ ਮਹੀਨੇ ਦੌਰਾਨ ਬਲਾਕ ਪੱਧਰ ’ਤੇ, ਅਕਤੂਬਰ ਮਹੀਨੇ ਦੌਰਾਨ ਜ਼ਿਲ੍ਹਾ ਪੱਧਰ ’ਤੇ ਅਤੇ ਨਵੰਬਰ ਅਤੇ ਦਸੰਬਰ ਮਹੀਨੇ ਦੌਰਾਨ ਰਾਜ ਪੱਧਰ ’ਤੇ ਕਰਵਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਇਸ ਸੰਬੰਧੀ ਪੂਰੀ ਤਿਆਰੀ ਕੀਤੀ ਗਈ ਹੈ ਜਿਸ ਸਬੰਧੀ ਲੋੜੀਦੀਆਂ ਹਦਾਇਤਾਂ ਸਾਰੇ ਸਕੂਲ ਮੁਖੀਆ ਨੂੰ ਕਰ ਦਿੱਤੀਆਂ ਗਈਆਂ ਹਨ। ਇਸ ਪ੍ਰੋਗਰਾਮ ਦੀ ਪੂਰੀ ਦੇਖ-ਰੇਖ ਲਈ ਜਿਲ੍ਹਾ ਅਤੇ ਬਲਾਕ ਪੱਧਰ ‘ਤੇ ਨੋਡਲ ਅਫਸਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਚੁੱਕੀਆਂ ਹਨ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀ ਸੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮ ਰਾਹੀਂ ਭਾਗ ਲੈ ਸਕਣਗੇ। ਸਕੂਲ, ਬਲਾਕ,ਜਿਲ੍ਹਾ ਅਤੇ ਸੂਬਾ ਪੱਧਰ ‘ਤੇ ਪੁਜੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

Spread the love