ਬਰਨਾਲਾ, 29 ਜੂਨ 2021
ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵਿੱਚ ਪਿਛਲੇ ਸਮੇਂ ਦੌਰਾਨ ਸਮੂਹ ਸਿੱਖਿਆ ਅਮਲੇ ਦੀ ਮਿਹਨਤ ਸਦਕਾ ਭਾਰਤ ਸਰਕਾਰ ਦੇ ਸਕੂਲ ਸਿੱਖਿਆ ਸਰਵੇਖਣ ਵਿੱਚ ਸੂਬੇ ਵੱਲੋਂ ਸਕੂਲ ਸਿੱਖਿਆ ਦੇ ਖੇਤਰ ‘ਚ ਕੀਤੀ ਪਹਿਲੇ ਦਰਜੇ ਦੀ ਮਾਣਮੱਤੀ ਪ੍ਰਾਪਤੀ ਅਤੇ ਕੋਰੋਨਾ ਕਾਲ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਆਨਲਾਈਨ ਤਰੀਕੇ ਜਾਰੀ ਰੱਖਣ ਦੇ ਉਪਰਾਲਿਆਂ ਦੀ ਜਾਣਕਾਰੀ ਮਾਪਿਆਂ ਅਤੇ ਸਮੁੱਚੇ ਸਮਾਜ ਨਾਲ ਸਾਂਝੀ ਕਰਨ ਦੇ ਮਨੋਰਥ ਨਾਲ ਸਕੂਲ ਸਿੱਖਿਆ ਵਿਭਾਗ ਵੱਲੋਂ ਸਮੂਹ ਸਰਕਾਰੀ ਸਕੂਲਾਂ ‘ਚ ਆਨਲਾਈਨ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।
ਸਰਬਜੀਤ ਸਿੰਘ ਤੂਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ 1 ਅਤੇ 2 ਜੁਲਾਈ ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ। ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਦੇ ਨਾਲ-ਨਾਲ ਪੰਚਾਇਤਾਂ,ਸਕੂਲ ਮੈਨੇਜਮੈਂਟ ਕਮੇਟੀਆਂ, ਕਲੱਬਾਂ ਅਤੇ ਸਮਾਜ ਦੀਆਂ ਮੋਹਤਬਰ ਸਖਸ਼ੀਅਤਾਂ ਨਾਲ ਵੀ ਤਾਲਮੇਲ ਪੈਦਾ ਕੀਤਾ ਜਾਵੇਗਾ। ਮਿਲਣੀ ਦੌਰਾਨ ਭਾਰਤ ਸਰਕਾਰ ਵੱਲੋਂ ਜਾਰੀ ਦਰਜਾਬੰਦੀ ਵਿੱਚ ਪੰਜਾਬ ਸੂਬੇ ਦੀ ਪਹਿਲੇ ਦਰਜੇ ਦੀ ਪ੍ਰਾਪਤੀ ਤੋਂ ਇਲਾਵਾ ਅੱਪਰ ਪ੍ਰਾਇਮਰੀ ਜਮਾਤਾਂ ਦੀਆਂ 5 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਮਾਪਿਆਂ ਨਾਲ ਸਾਂਝੀ ਕਰਨਾ, ਅਧਿਆਪਕਾਂ ਵੱਲੋਂ ਆਪਣੇ ਪੱਧਰ ‘ਤੇ ਲਗਾਈਆਂ ਜਾ ਰਹੀਆਂ ਆਨਲਾਈਨ ਜਮਾਤਾਂ ਦੀ ਸਮਾਂ-ਸਾਰਣੀ ਦੀ ਜਾਣਕਾਰੀ ਦੇਣਾ, ਟੈਲੀਵਿਜ਼ਨ ਜਮਾਤਾਂ ਦੇ ਸ਼ਡਿਊਲ ਬਾਰੇ ਮਾਪਿਆਂ ਨੂੰ ਜਾਣਕਾਰੀ ਦੇ ਕੇ ਵਿਦਿਆਰਥੀਆਂ ਨੂੰ ਇਹ ਆਨਲਾਈਨ ਜਮਾਤਾਂ ਲਗਾਉਣ ਲਈ ਪ੍ਰੇਰਿਤ ਕਰਨਾ, ਜੁਲਾਈ ਮਹੀਨੇ ਦੌਰਾਨ ਕਰਵਾਏ ਜਾਣ ਵਾਲੇ ਸਿਲੇਬਸ ਬਾਰੇ ਜਾਣੂ ਕਰਵਾਉਣਾ, ਵਿਦਿਆਰਥੀਆਂ ਦੇ ਅਭਿਆਸ ਲਈ ਵਿਭਾਗ ਵੱਲੋਂ ਲਗਾਤਾਰ ਭੇਜੀ ਜਾ ਰਹੀ ਪੜ੍ਹਨ ਸਮੱਗਰੀ, ਰੋਜ਼ਾਨਾ ਹੋਮ ਵਰਕ, ਅਭਿਆਸ ਸ਼ੀਟਾਂ ,ਰੋਜ਼ਾਨਾ ਸਲਾਈਡਾਂ ਅਤੇ ਮੁਲਾਂਕਣ ਆਦਿ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ।
ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਮਿਲਣੀ ਦੌਰਾਨ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਤੋਂ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਰ ਬਿਹਤਰੀਨ ਬਣਾਉਣ ਲਈ ਸੁਝਾਅ ਵੀ ਲਏ ਜਾਣਗੇ ਅਤੇ ਭਵਿੱਖ ਵਿੱਚ ਇਸੇ ਤਰ੍ਹਾਂ ਸਹਿਯੋਗ ਦੇਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਆਨਲਾਈਨ ਮਾਪੇ-ਅਧਿਆਪਕ ਮਿਲਣੀ ਵਿੱਚ ਹਰ ਪੱਧਰ ਦੇ ਸਿੱਖਿਆ ਅਧਿਕਾਰੀਆਂ ਵੱਲੋਂ ਵੀ ਰੈਂਡਮ ਪੱਧਰ ‘ਤੇ ਸ਼ਮੂਲੀਅਤ ਕੀਤੀ ਜਾਵੇਗੀ।
ਹਰੀਸ਼ ਬਾਂਸਲ ਜ਼ਿਲ੍ਹਾ ਮੈਂਟਰ ਵਿਗਿਆਨ, ਅਮਨਿੰਦਰ ਸਿੰਘ ਜ਼ਿਲ੍ਹਾ ਮੈਂਟਰ ਸਮਾਜਿਕ ਸਿੱਖਿਆ ਅਤੇ ਅੰਗਰੇਜੀ, ਕਮਲਦੀਪ ਜ਼ਿਲ੍ਹਾ ਮੈਂਟਰ ਗਣਿਤ ਅਤੇ ਕੁਲਦੀਪ ਸਿੰਘ ਭੁੱਲਰ ਜਿਲਾ ਕੋ-ਆਰਡੀਨੇਟਰ ਪੜ੍ਹੋ ਪੰਜਾਬ ਨੇ ਦੱਸਿਆ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਪੜੋ ਪੰਜਾਬ ਟੀਮ ਦੇ ਮੈਂਬਰ ਅਧਿਆਪਕਾਂ ਦੇ ਸਹਿਯੋਗੀ ਦੇ ਰੂਪ ਵਿੱਚ ਭੂਮਿਕਾ ਨਿਭਾਉਣਗੇ।