ਬਿਨ੍ਹਾਂ ਪ੍ਰਵਾਨਗੀ ਲਾਊਡ ਸਪੀਕਰਾਂ/ਆਵਾਜ਼ੀ ਯੰਤਰਾਂ ਦੀ ਨਹੀਂ ਕੀਤੀ ਜਾ ਸਕਦੀ ਵਰਤੋਂ
ਬਰਨਾਲਾ, 30 ਸਤੰਬਰ :
ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਬਰਨਾਲਾ ਜ਼ਿਲ੍ਹੇ ਦੀ ਹਦੂਦ ਅੰਦਰ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਦੇਖਣ ’ਚ ਆਇਆ ਹੈ ਕਿ ਜ਼ਿਲ੍ਹਾ ਬਰਨਾਲਾ ਅੰਦਰ ਕਈ ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਚੱਲ ਰਹੇ ਹਨ ਜਾਂ ਨਵੇਂ ਬਣਾਏ ਜਾ ਰਹੇ ਹਨ, ਜਿਨ੍ਹਾਂ ’ਚ ਕਈ ਤਰ੍ਹਾਂ ਦੀਆਂ ਤਕਨੀਕੀ ਪੱਖਾਂ ਤੋਂ ਕਮੀਆਂ ਰਹਿ ਜਾਂਦੀਆਂ ਹਨ, ਜੋ ਉਥੇ ਜਾਣ ਵਾਲੀ ਜਨਤਾ ਲਈ ਖਤਰੇ ਦਾ ਕਾਰਣ ਬਣ ਜਾਂਦੀਆਂ ਹਨ। ਜਿਸ ਨਾਲ ਜਾਨ ਤੇ ਮਾਲ ਦਾ ਨੁਕਸਾਨ ਹੋ ਸਕਦਾ ਹੈ। ਇਨ੍ਹਾਂ ਮੈਰਿਜ ਪੈਲੇਸ, ਰੈਸਟੋਰੈਂਟਾਂ ਅਤੇ ਹੋਟਲਾਂ ਦੀ ਤਾਮੀਰ ਕਈ ਪ੍ਰਕਾਰ ਦੇ ਮੁਢਲੇ ਪੱਖਾਂ ਜਿਵੇਂ ਇਮਾਰਤਾਂ ਦੀ ਬਣਤਰ, ਬਿਜਲੀ ਫਿਟਿੰਗ, ਸਾਈਟ ਲਈ ਢੁਕਵੀਂ ਜਗ੍ਹਾ, ਪਾਰਕਿੰਗ ਨਾਲ ਲਗਦੀਆਂ ਸੜ੍ਹਕਾਂ ਤੋਂ ਜਾਇਜ ਦੂਰੀ, ਸੁਰੱਖਿਆ ਆਦਿ ਦੀ ਪੁਸ਼ਟੀ ਲਈ ਜ਼ਰੂਰੀ ਬਣ ਜਾਂਦਾ ਹੈ। ਇਸ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਦਿੱਤਾ ਗਿਆ ਹੈ ਜ਼ਿਲ੍ਹਾ ਬਰਨਾਲਾ ’ਚ ਜੋ ਵੀ ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਬਨਾਉਣ ਦੇ ਚਾਹਵਾਨ ਹਨ ਜਾਂ ਜੋ ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟ ਪਹਿਲਾਂ ਹੀ ਚੱਲ ਰਹੇ ਹਨ ਉਨ੍ਹਾਂ ਦੇ ਮਾਲਕ ਪੁੱਡਾ/ਟਾਊਨ ਪਲਾਨਰ ਦੇ ਦਫ਼ਤਰ ਵਿੱਚੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ। ਇਸ ਪ੍ਰਵਾਨਗੀ ਦੀ ਕਾਪੀ ਆਪੋ-ਆਪਣੇ ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਵਿੱਚ ਢੁਕਵੀਂ ਜਗ੍ਹਾ ’ਤੇ ਲਗਾਈ ਜਾਵੇ ਤਾਂ ਜੋ ਕੋਈ ਵੀ ਮੈਜਿਸਟ੍ਰੇਟ ਜਾਂ ਪੁਲਿਸ ਅਧਿਕਾਰੀ, ਜੋ ਕਿ ਐਸ.ਐਚ.ਓ ਜਾਂ ਉਸ ਤੋਂ ਉਚ ਪਦ ਦਾ ਹੋਵੇ ਕਿਸੇ ਸਮੇਂ ਵੀ ਇਨ੍ਹਾਂ ਦਾ ਨਿਰੀਖਣ ਕਰ ਸਕੇ।
ਇੱਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਵੇਖਣ ’ਚ ਆਇਆ ਹੈ ਕਿ ਮੈਰਿਜ ਪੈਲੇਸ/ਧਾਰਮਿਕ ਸਥਾਨਾਂ/ਆਮ ਪਬਲਿਕ ਦੁਆਰਾ ਕਲਚਰ/ਧਾਰਮਿਕ ਅਤੇ ਹੋਰ ਪ੍ਰੋਗਰਾਮਾਂ ਆਦਿ ’ਚ ਲਾਊਡ ਸਪੀਕਰਜ, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ। ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੁਆਇਜ) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾ ਪੂਰਵ ਪ੍ਰਵਾਨਗੀ ਲਾਊਡ ਸਪੀਕਰ ਜਾਂ ਆਵਾਜੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ। ਇਸ ਲਈ ਮਾਨਯੋਗ ਪੰਜਾਬ ਵਾ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਵੱਲੋਂ ਸਿਵਲ ਰਿਟ ਪਟੀਸ਼ਨ ਦੁਆਰਾ ਜਾਰੀ ਕੀਤੇ ਫ਼ੈਸਲੇ ਜੋ ਕਿ ਲਾਊਡ ਸਪੀਕਰਾਂ/ਆਵਾਜ਼ੀ ਯੰਤਰਾਂ ਸਬੰਧੀ ਦਿਸ਼ਾ-ਨਿਰਦੇਸ਼ ਕੀਤੇ ਗਏ ਹਨ, ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਬਰਨਾਲਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ਤੇ ਪੂਰਣ ਤੌਰ ’ਤੇ ਪਾਬੰਦੀ ਲਗਾਉਣ ਦਾ ਹੁਕਮ ਦਿੰਦਾਂ ਹਾਂ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਜਾਂ ਆਮ ਪਬਲਿਕ ਵੱਲੋਂ ਲਾਊਡ ਸਪੀਕਰਜ਼/ਆਵਾਜ਼ੀ ਯੰਤਰਾਂ ਦੀ ਵਰਤੋਂ ਸਬੰਧੀ ਵੱਖਰੇ ਤੌਰ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ। ਇਹ ਹੁਕਮ 30 ਨਵੰਬਰ 2020 ਤੱਕ ਲਾਗੂ ਰਹਿਣਗੇ।