ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 35 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ

ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 2124 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ ਵੈਕਸੀਨ
ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 1118 ਸੈਂਪਲ ਹੋਰ
ਤਰਨ ਤਾਰਨ, 04 ਜੂਨ 2021
ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 1,35,007 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 2124 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਈ ਗਈ ਹੈ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ।
ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1118 ਸੈਂਪਲ ਹੋਰ ਲਏ ਗਏ ਹਨ।ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 367 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 09 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 358 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,60,046 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,52,153 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 751 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7622 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 6876 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 421 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 225 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 42 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 12 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ ਅਤੇ 03 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਅਧੀਨ ਹਨ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।

Spread the love