ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੀ 26 ਸਤੰਬਰ ਨੂੰ ਹੋਵੇਗੀ ਸ਼ੁਰੂਆਤ
ਨਵਾਂਸ਼ਹਿਰ, 11 ਸਤੰਬਰ 2021 ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਜੀ ਅਗਵਾਈ ਹੇਠ ਜ਼ਿਲ੍ਹੇ ਦੀ ਮਾਈਗ੍ਰੇਟਰੀ ਆਬਾਦੀ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾਉਣ ਲਈ 26 ਸਤੰਬਰ ਤੋਂ 28 ਸਤੰਬਰ ਤੱਕ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਸ਼ੁਰੂ ਹੋਣ ਜਾ ਰਹੀ ਹੈ।
ਇਸ ਸਬੰਧੀ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 26 ਸਤੰਬਰ ਤੋਂ 28 ਸਤੰਬਰ ਤੱਕ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ 0 ਤੋਂ 5 ਸਾਲ ਤੱਕ ਦੇ ਮਾਈਗ੍ਰੇਟਰੀ ਬੱਚਿਆਂ ਨੂੰ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਤਿੰਨ ਦਿਨਾਂ ਮੁਹਿੰਮ ਦੌਰਾਨ ਹਾਈ ਰਿਸਕ ਖੇਤਰਾਂ ਜਿਵੇਂ ਝੁੱਗੀਆਂ-ਝੌਂਪੜੀਆਂ, ਗੁੱਜਰਾਂ ਦੇ ਡੇਰਿਆਂ, ਇੱਟਾਂ ਦੇ ਭੱਠਿਆਂ, ਦੂਜੇ ਰਾਜਾਂ ਤੋਂ ਆਏ ਪ੍ਰਵਾਸੀ ਵਿਅਕਤੀਆਂ ਦੇ ਬੱਚਿਆਂ ਅਤੇ ਨਿਰਮਾਣ ਅਧੀਨ ਸਥਾਨਾਂ ‘ਤੇ ਰਹਿ ਰਹੇ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ।
ਡਾ ਕੌਰ ਨੇ ਦੱਸਿਆ ਕਿ ਭਾਵੇਂ ਪਿਛਲੇ ਦਸ ਸਾਲਾਂ ਦੌਰਾਨ ਭਾਰਤ ਵਿੱਚ ਪੋਲੀਓ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਪਰ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਪੋਲਿਓ ਦੇ ਵਾਇਰਸ ਦਾ ਪ੍ਰਸਾਰ ਅਜੇ ਵੀ ਜਾਰੀ ਹੈ।ਇਹ ਭਾਰਤ ਵਿੱਚ ਵੀ ਪ੍ਰਵੇਸ਼ ਕਰ ਸਕਦਾ ਹੈ। ਇਸ ਦੇ ਮੱਦੇਨਜ਼ਰ ਇਹ ਵਾਇਰਸ ਉਨ੍ਹਾਂ ਬੱਚਿਆਂ ਲਈ ਖ਼ਤਰਾ ਪੈਦਾ ਕਰ ਸਕਦਾ ਹੈ, ਜਿਨ੍ਹਾਂ ਨੇ ਪੋਲੀਓ ਰੋਕੂ ਬੂੰਦਾਂ ਨਹੀਂ ਪੀਤੀਆਂ ਹਨ। ਇਸ ਲਈ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਬੇਹੱਦ ਜ਼ਰੂਰੀ ਹਨ।
ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ 0 ਤੋਂ 5 ਸਾਲ ਤੱਕ ਦੇ ਮਾਈਗ੍ਰੇਟਰੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 26 ਸਤੰਬਰ ਤੋਂ 28 ਸਤੰਬਰ ਤੱਕ ਚਲਾਈ ਜਾ ਰਹੀ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਕੋਈ ਵੀ ਮਾਈਗ੍ਰੇਟਰੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ।