ਗੁਰਦਾਸਪੁਰ 31 ਦਸੰਬਰ 2021
ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਦੀ ਅਗਵਾਈ ਵਿੱਚ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 100 ਦਿਨਾਂ ਪੜ੍ਹਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ :-ਸ਼ਰਾਬ ਦੇ ਉਤਪਾਦਨ, ਭੰਡਾਰਨ ਤੇ ਵੰਡ ਸਬੰਧੀਂ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ-ਸੰਦੀਪ ਹੰਸ
ਇਸ ਸਬੰਧੀ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਅਤੇ ਡੀ.ਈ.ਓ. ਐਲੀ. ਮਦਨ ਲਾਲ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ 100 ਰੋਜਾ ਪੜ੍ਹਨ ਮੁਹਿੰਮ ਵਿਦਿਆਰਥੀਆਂ ਦੇ ਸਿੱਖਣ ਪੱਧਰਾਂ ਵਿੱਚ ਸੁਧਾਰ ਕਰਨ ਹਿੱਤ 1 ਜਨਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਮੁਹਿੰਮ ਲਈ ਪੰਜਾਬ ਭਰ ਦੇ ਵਿਦਿਆਰਥੀਆਂ ਦੀਆਂ ਸਿੱਖਣ ਲੋੜਾਂ ਨੂੰ ਮੁੱਖ ਰੱਖਦਿਆਂ ਹੋਇਆਂ ਵਿਭਾਗ ਵੱਲੋਂ ਹਫ਼ਤਾਵਾਰੀ ਗਤੀਵਿਧੀਆਂ ਦਾ ਕੈਲੰਡਰ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਵਿਦਿਆਰਥੀਆਂ ਦੀਆਂ ਪੜ੍ਹਨ ਰੁਚੀਆਂ ਨੂੰ ਵਿਕਸਿਤ ਕਰਨ ਵਾਲੀਆਂ ਗਤੀਵਿਧੀਆਂ ਸ਼ਾਮਿਲ ਕੀਤੀਆਂ ਗਈਆਂ ਹਨ ਜਿਸ ਸਦਕਾ ਸਮੂਹ ਸਕੂਲਾਂ ਨੂੰ ਅਗਵਾਈ ਮਿਲੇਗੀ । ਉਹਨਾਂ ਸਮੂਹ ਅਧਿਕਾਰੀਆਂ , ਸਕੂਲ ਮੁਖੀਆਂ ,ਸਕੂਲ ਅਧਿਆਪਕਾਂ ਨੂੰ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਨਿਰਧਾਰਿਤ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਲਈ ਕਿਹਾ ਹੈ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਮੂਹ ਅਧਿਆਪਕਾਂ ਨੂੰ ਇਸ ਕੈਲੰਡਰ ਨੂੰ ਮਾਪਿਆਂ ਨਾਲ ਸਾਂਝਾ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਕਿ ਸਮੂਹ ਮਾਪੇ ਵੀ ਸਬੰਧਤ ਗਤੀਵਿਧੀਆਂ ਲਈ ਆਪਣੇ ਬੱਚਿਆਂ ਦਾ ਸਹਿਯੋਗ ਕਰ ਸਕਣ। ਮੁੱਖ ਦਫ਼ਤਰ ਵੱਲੋਂ ਪੜ੍ਹਨ ਮੁਹਿੰਮ ਸਬੰਧੀ ਬੈਨਰ/ਲੋਗੋ ਵੀ ਸਕੂਲਾਂ ਨਾਲ ਸਾਂਝਾ ਕੀਤਾ ਜਾਵੇਗਾ ਜਿਸ ਦੀ ਵਰਤੋਂ ਸਮੂਹ ਸਕੂਲ ਆਪਣੇ ਸੋਸ਼ਲ ਮੀਡੀਆ ਮਾਧਿਅਮਾਂ ਲਈ ਕਰ ਸਕਣਗੇ। ਵਿਭਾਗ ਵੱਲੋਂ ਇਸ ਮੁਹਿੰਮ ਨੂੰ ਵੱਧ ਤੋਂ ਵੱਧ ਪ੍ਰਚਾਰਨ , ਵਿੱਦਿਆਰਥੀਆਂ ਵਿੱਚ ਹਰਮਨ ਪਿਆਰਾ ਬਣਾਉਣ ਅਤੇ ਹੱਲਾਸ਼ੇਰੀ ਦੇਣ ਦੇ ਉਦੇਸ਼ ਲਈ ਸਮੂਹ ਸਕੂਲਾਂ ਨੂੰ ਸੋਸ਼ਲ ਮੀਡੀਆ ‘ਤੇ ਗਤੀਵਿਧੀਆਂ ਸਾਂਝੀਆਂ ਕਰਨ ਸਮੇਂ ਪੱਤਰ ਵਿੱਚ ਦਿੱਤੇ ਗਏ ਹੈਸ਼ਟੈਗ ਵਰਤਣ ਲਈ ਵੀ ਕਿਹਾ ਹੈ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ , ਡਿਪਟੀ ਡੀ.ਈ.ਓ. ਬਲਬੀਰ ਸਿੰਘ , ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਜਸਪਿੰਦਰ ਸਿੰਘ ਹਾਜ਼ਰ ਸਨ ।