31 ਦਸੰਬਰ ਤੱਕ ਜਾਰੀ ਰਹੇਗੀ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’, ਵੱਖ-ਵੱਖ ਥਾਈਂ ਘੁੰਮ ਰਹੀ ਹੈ ਜਾਗਰੂਕਤਾ ਵੈਨ
ਐਸ.ਏ.ਐਸ ਨਗਰ 24 ਦਸੰਬਰ 2021
ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ । ਇਸ ਮੁਹਿੰਮ ਤਹਿਤ 26 ਨਵੰਬਰ ਤੋਂ ਅੱਜ ਤੱਕ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੋਤੀਆਬਿੰਦ ਤੋਂ ਪੀੜ੍ਹਤ 246 ਮਰੀਜ਼ਾਂ ਦੇ ਆਪਰੇਸ਼ਨ ਕੀਤੇ ਜਾ ਚੁੱਕੇ ਹਨ ਅਤੇ ਕੁੱਲ 7751 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ।
ਹੋਰ ਪੜ੍ਹੋ :-ਉਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਸਿਵਲ ਹਸਪਤਾਲ, ਰੂਪਨਗਰ ਵਿਖੇ ਰੇਡਿਓ ਡਾਇਗਨੋਸਟਿਕ ਲੈਬਾਰੋਟਰੀ ਦਾ ਉਦਘਾਟਨ ਕੀਤਾ
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਹਦਾਇਤ ’ਤੇ ਸੂਬਾ ਭਰ ਵਿੱਚ 26 ਨਵੰਬਰ ਤੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਖੇ ਹੁਣ ਤਕ 109 ਆਪਰੇਸ਼ਨ, ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਚ 46 ਅਤੇ ਖਰੜ ਦੇ ਸਰਕਾਰੀ ਹਸਪਤਾਲ ਵਿਚ 91 ਆਪਰੇਸ਼ਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 31 ਦਸੰਬਰ ਤੱਕ ਜਾਰੀ ਰਹਿਣ ਵਾਲੀ ਇਸ ਮੁਹਿੰਮ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਉਣ ਲਈ ਨਿਜੀ ਹਸਪਤਾਲਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ।
ਡਾ. ਆਦਰਸ਼ਪਾਲ ਕੌਰ ਮੁਤਾਬਿਕ ਇਸ ਮੁਹਿੰਮ ਤਹਿਤ ਜਿਥੇ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਅੱਖਾਂ ਦੀ ਜਾਂਚ ਲਈ ਕੈਂਪ ਲਾਏ ਜਾ ਰਹੇ ਹਨ, ਉਥੇ ਮੋਤੀਆਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ ਆਪਰੇਸ਼ਨ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਇਸ ਮੁਹਿੰਮ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਵੀ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਘੁੰਮ ਰਹੀ ਹੈ। ਉਨ੍ਹਾਂ ਦਸਿਆ, “ਆਪ੍ਰੇਸ਼ਨ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਆਪ੍ਰੇਸ਼ਨ ਵਾਲੇ ਮਰੀਜ਼ਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾ ਰਹੀਆਂ ਹਨ।
ਸਿਵਲ ਸਰਜਨ ਨੇ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਅੱਖਾਂ ਵਿਚ ਕੋਈ ਤਕਲੀਫ਼ ਹੈ ਤਾਂ ਉਹ ਨੇੜਲੀ ਸਿਹਤ ਸੰਸਥਾ ਵਿਚ ਜਾ ਕੇ ਜਾਂਚ ਜ਼ਰੂਰ ਕਰਵਾਏ ਕਿਉਂਕਿ ਸਹੀ ਸਮੇਂ ’ਤੇ ਬੀਮਾਰੀ ਦੀ ਪਛਾਣ ਹੋਣ ਨਾਲ ਇਲਾਜ ਕਰਨਾ ਆਸਾਨ ਹੋ ਜਾਂਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਅਪਣੇ ਗੁਆਂਢੀਆਂ, ਰਿਸ਼ਤੇਦਾਰਾਂ ਦੋਸਤਾਂ-ਮਿੱਤਰਾਂ ਨੂੰ ਇਸ ਮੁਹਿੰਮ ਬਾਰੇ ਜਾਣਕਾਰੀ ਦੇਣ ਤਾਕਿ ਇਸ ਵੱਡੀ ਸਰਕਾਰੀ ਮੁਹਿੰਮ ਨਾਲ ਲੋਕਾਂ ਦਾ ਭਲਾ ਹੋ ਸਕੇ।