19 ਹਜ਼ਾਰ ਉਮੀਦਵਾਰਾਂ ਵੱਲੋਂ ਦਿੱਤੀ ਜਾਵੇਗੀ ਇਹ ਪ੍ਰੀਖਿਆ – ਡਿਪਟੀ ਕਮਿਸ਼ਨਰ
ਸੁਚਾਰੂ ਪ੍ਰੀਖਿਆ ਨੂੰ ਯਕੀਨੀ ਬਣਾਉਣ ਲਈ, ਏ.ਡੀ.ਸੀ. (ਜਨਰਲ) ਰਾਹੁਲ ਚਾਬਾ ਹੋਣਗੇ ਨੋਡਲ ਅਧਿਕਾਰੀ – ਵਰਿੰਦਰ ਕੁਮਾਰ ਸ਼ਰਮਾ
ਲੁਧਿਆਣਾ, 05 ਅਗਸਤ 2021 ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 8 ਅਗਸਤ ਨੂੰ ਮਾਲ ਪਟਵਾਰੀਆਂ, ਜ਼ਿਲੇਦਾਰਾਂ ਅਤੇ ਸਿੰਚਾਈ ਪਟਵਾਰੀਆਂ ਦੀਆਂ 1152 ਅਸਾਮੀਆਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜੁਆਇੰਟ ਸੀ.ਪੀ. ਸ੍ਰੀ ਜੇ. ਐਲਨਚੇਜ਼ੀਅਨ ਨਾਲ ਕਿਹਾ ਕਿ ਪ੍ਰਸ਼ਾਸਨ ਨੇ ਪ੍ਰੀਖਿਆ ਵਿੱਚ ਬੈਠਣ ਵਾਲੇ 19 ਹਜ਼ਾਰ ਉਮੀਦਵਾਰਾਂ ਦੀ ਸਮਾਜਿਕ ਦੂਰੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 36 ਕੇਂਦਰ ਬਣਾਏ ਹਨ।
ਉਨ੍ਹਾਂ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਪ੍ਰੀਖਿਆ ਲਈ ਨੋਡਲ ਅਧਿਕਾਰੀ ਹੋਣਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਪ੍ਰੀਖਿਆ ਸਹੀ ਅਤੇ ਨਿਰਪੱਖ ਢੰਗ ਨਾਲ ਆਯੋਜਿਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ 36 ਕੇਂਦਰਾਂ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ ਹੈ ਅਤੇ ਹਰੇਕ ਸੈਕਟਰ ਦੀ ਨਿਗਰਾਨੀ ਇੱਕ ਐਸ.ਡੀ.ਐਮ. ਦੁਆਰਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਤਹਿਸੀਲਦਾਰ ਅਤੇ ਨਾਇਬ-ਤਹਿਸੀਲਦਾਰ ਵੀ ਹਰੇਕ ਪ੍ਰੀਖਿਆ ਕੇਂਦਰ ਵਿੱਚ ਨਿਗਰਾਨ ਵਜੋਂ ਨਿਯੁਕਤ ਕੀਤੇ ਜਾਣਗੇ।
ਉਨ੍ਹਾਂ ਅਧਿਕਾਰੀਆਂ ਨੂੰ ਪ੍ਰੀਖਿਆ ਦੌਰਾਨ ਉਮੀਦਵਾਰਾਂ ਦੁਆਰਾ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਾਰੇ ਉਪਾਅ ਕਰਨ ਲਈ ਵੀ ਕਿਹਾ।
ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਕੇਂਦਰਾਂ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ ਅਤੇ ਲਗਭਗ 2,34,000 ਬਿਨੈਕਾਰਾਂ ਨੇ ਸੂਬੇ ਦੀਆਂ 1152 ਅਸਾਮੀਆਂ ਲਈ ਅਰਜ਼ੀਆਂ ਦਿੱਤੀਆਂ ਹਨ।