ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਸਬੰਧੀ ਕਾਰਜਾਂ ਵਿੱਚ ਸ਼ਾਨਦਾਰ ਭੁਮਿਕਾ ਲਈ ਅਧਿਕਾਰੀਆਂ/ਕਰਮਚਾਰੀਆਂ ਦੇ ਤੀਜੇ ਬੈਚ ਦਾ ਸਨਮਾਨ
ਆਕਸੀਜਨ ਅਤੇ ਅਹਿਮ ਦਵਾਈਆਂ ਦੀ ਜਮ੍ਹਾਖੋਰੀ ਤੇ ਮੁਨਾਫਾਖੋਰੀ ਨੂੰ ਰੋਕਣ ਲਈ ਤਾਇਨਾਤ ਸਟਾਫ਼ ਨੂੰ ਕੀਤਾ ਸਨਮਾਨਿਤ
ਜਲੰਧਰ, 2 ਅਗਸਤ 2021
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਵਿਡ-19 ਪ੍ਰਬੰਧਨ ਵਿੱਚ ਚੰਗੀ ਕਾਰਗੁਜ਼ਾਰੀ ਲਈ 58 ਹੋਰ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ।
ਇਨ੍ਹਾਂ ਅਧਿਕਾਰੀਆਂ ਵੱਲੋਂ ਨਿਭਾਈ ਡਿਊਟੀ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਵੱਲੋਂ ਆਕਸੀਜਨ ਅਤੇ ਕੋਵਿਡ-19 ਨਾਲ ਸਬੰਧਤ ਦਵਾਈਆਂ ਦੇ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਆਕਸੀਜਨ ਦੇ ਵਧ ਰਹੇ ਸੰਕਟ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਰਕਾਰੀ ਅਧਿਕਾਰੀਆਂ ਨੂੰ ਆਕਸੀਜਨ ਉਤਪਾਦਨ ਪਲਾਂਟਾਂ ਵਿਖੇ ਤਾਇਨਾਤ ਕੀਤਾ ਗਿਆ ਸੀ ਅਤੇ ਨਾਲ ਹੀ ਮਹੱਤਵਪੂਰਨ ਦਵਾਈਆਂ ਦੀ ਜਮ੍ਹਾਖੋਰੀ ਅਤੇ ਮੁਨਾਫਾਖੋਰੀ ‘ਤੇ ਸਖ਼ਤ ਨਜ਼ਰ ਰੱਖਣ ਲਈ ਵਿਸ਼ੇਸ਼ ਟੀਮਾਂ ਵੀ ਗਠਿਤ ਕੀਤੀਆਂ ਗਈਆਂ ਸਨ।
ਡਿਪਟੀ ਕਮਿਸ਼ਨਰ, ਜਿਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ (ਯੂਟੀ) ਓਜਸਵੀ ਅਲੰਕਾਰ ਵੀ ਮੌਜੂਦ ਸਨ, ਨੇ ਕਿਹਾ ਕਿ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਮੂਹਿਕ ਯਤਨਾਂ ਸਦਕਾ ਜ਼ਿਲ੍ਹਾ ਦੂਜੀ ਲਹਿਰ ਦੇ ਨਾਲ ਸਫ਼ਲਤਾਪੂਰਵਕ ਨਜਿੱਠਣ ਦੇ ਸਮਰੱਥ ਹੋ ਸਕਿਆ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਆਮ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਆਪਣੀਆਂ ਸੇਵਾਵਾਂ ਦੇਣ ਵਾਲੇ ਹਰੇਕ ਅਧਿਕਾਰੀ/ਕਰਮਚਾਰੀ ਦੀਆਂ ਸੇਵਾਵਾਂ ਨੂੰ ਮਾਨਤਾ ਦੇਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ । ਉਨ੍ਹਾਂ ਅੱਗੇ ਕਿਹਾ ਕਿ ਸੰਕਟ ਦੇ ਸਮੇਂ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਸਮਾਗਮ ਕਰਵਾਏ ਜਾਣਗੇ।