ਇਸ ਸਾਲ ਸਮਾਰੋਹ ਕੋਵਿਡ ਟੀਕਾਕਰਨ ਮੁਹਿੰਮ ਨੂੰ ਸਮਰਪਿਤ ਕੀਤਾ ਜਾਵੇਗਾ: ਗਿਰੀਸ਼ ਦਿਆਲਨ
ਐਸ.ਏ.ਐਸ. ਨਗਰ, 10 ਅਗਸਤ 2021
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਅੱਜ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ 75ਵੇਂ ਸੁਤੰਤਰਤਾ ਦਿਵਸ ਨੂੰ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਏਗਾ ਅਤੇ ਇਹ ਸਮਾਰੋਹ ਕੋਵਿਡ ਟੀਕਾਕਰਨ ਮੁਹਿੰਮ ਨੂੰ ਸਮਰਪਿਤ ਕੀਤਾ ਜਾਵੇਗਾ, ਜਿਸ ਵਿੱਚ ਜ਼ਿਲ੍ਹੇ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ।
ਸੁਤੰਤਰਤਾ ਦਿਵਸ ਸਬੰਧੀ ਸਮਾਗਮ ਲਈ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫ਼ੇਜ਼- -6 ਵਿਖੇ ਪ੍ਰਬੰਧਾਂ ਦੀ ਸਮੀਖਿਆ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਹ ਯਕੀਨੀ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ ਕਿ ਇਸ ਦਿਨ ਨੂੰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਾਰੇ ਰੋਕਥਾਮ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਉਤਸ਼ਾਹ ਨਾਲ ਮਨਾਇਆ ਜਾਵੇ।
ਸ੍ਰੀ ਦਿਆਲਨ ਨੇ ਕਿਹਾ ਕਿ ਸੁਤੰਤਰਤਾ ਦਿਵਸ ਦੇ ਜਸ਼ਨ ਸਾਡੇ ਸਾਰਿਆਂ ਲਈ ਸਭ ਤੋਂ ਮਹੱਤਵਪੂਰਨ ਹਨ ਕਿਉਂਕਿ ਇਸ ਦਿਨ ਸਾਡੇ ਦੇਸ਼ ਨੇ ਬਰਤਾਨਵੀ ਸਾਮਰਾਜਵਾਦ ਤੋਂ ਆਜ਼ਾਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਦੇਸ਼ ਹਮੇਸ਼ਾ ਮੈਡੀਕਲ ਪੇਸ਼ੇਵਰਾਂ, ਪੁਲਿਸ, ਸੈਨੀਟੇਸ਼ਨ ਕਰਮਚਾਰੀਆਂ ਅਤੇ ਫਰੰਟਲਾਈਨ ਵਰਕਰਾਂ ਦਾ ਰਿਣੀ ਰਹੇਗਾ, ਜਿਨ੍ਹਾਂ ਆਪਣੀ ਡਿਊਟੀ ਜੋਸ਼ ਅਤੇ ਨਿਡਰਤਾ ਨਾਲ ਨਿਭਾਉਂਦੇ ਹੋਏ ਮਹਾਂਮਾਰੀ ਵਿਰੁੱਧ ਲੜਾਈ ਵਿੱਚ ਆਪਣੀ ਜਾਨ ਜ਼ੋਖ਼ਿਮ ਵਿੱਚ ਪਾਈ।
ਉਨ੍ਹਾਂ ਕਿਹਾ ਕਿ ਇਹ ਕੋਰੋਨਾ ਯੋਧੇ ਬਿਨਾਂ ਵਰਦੀ ਦੇ ਸਿਪਾਹੀ ਹਨ ਅਤੇ ਉਨ੍ਹਾਂ ਦੀ ਸਖ਼ਤ ਮਿਹਨਤ ਨਾਲ ਸੰਕਰਮਣ ਨਾਲ ਲੜਨ ਵਿੱਚ ਅਹਿਮ ਭੂਮਿਕਾ ਰਹੀ ਹੈ। ਕੋਵਿਡ -19 ਮਹਾਂਮਾਰੀ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਸਦਕਾ ਬੱਚਿਆਂ ਅਤੇ ਬਜ਼ੁਰਗਾਂ ਨੂੰ ਸੱਦਾ ਨਹੀਂ ਦਿੱਤਾ ਗਿਆ ਅਤੇ ਸਮਾਗਮ ਵਿੱਚ ਕੋਈ ਸੱਭਿਆਚਾਰਕ ਗਤੀਵਿਧੀਆਂ ਨਹੀਂ ਹੋਣਗੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਡੀ) ਸ੍ਰੀ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਤਰਸੇਮ ਚੰਦ ਸ਼ਰਮਾ ਅਤੇ ਐਸਡੀਐਮ ਸ੍ਰੀ ਹਰਬੰਸ ਸਿੰਘ ਹਾਜ਼ਰ ਸਨ।