ਬੇਰੋਜ਼ਗਾਰ ਨੌਜਵਾਨ ਇਨ੍ਹਾਂ ਮੇਲਿਆਂ ‘ਚ ਹਿੱਸਾ ਲੈਕੇ ਰੋਜ਼ਗਾਰ ਦੇ ਮੌਕੇ ਪ੍ਰਾਪਤ ਕਰਨ-ਗੌਤਮ ਜੈਨ
ਰੋਜ਼ਗਾਰ ਮੇਲਿਆਂ ‘ਚ ਵੱਖ ਵੱਖ ਕੰਪਨੀਆਂ ਵੱਲੋਂ 15 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ : ਸਿੰਪੀ ਸਿੰਗਲਾ
ਪਟਿਆਲਾ, 25 ਅਗਸਤ 2021
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ 9 ਤੋਂ 17 ਸਤੰਬਰ ਤੱਕ ਰਾਜ ਪੱਧਰੀ ਰੋਜ਼ਗਾਰ ਮੇਲੇ ਕਰਵਾਏ ਜਾ ਰਹੇ ਹਨ।
ਇਨ੍ਹਾਂ ਮੇਲਿਆਂ ਦੀ ਤਿਆਰੀ ਸਬੰਧੀਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਗੌਤਮ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਮੀਟਿੰਗ ਕਰਕੇ ਇਨ੍ਹਾਂ ਮੇਲਿਆਂ ਦੀ ਸਫ਼ਲਤਾ ਲਈ ਕੀਤੇ ਜਾਣ ਵਾਲੇ ਕਾਰਜਾਂ ਦੀ ਰੂਪ ਰੇਖਾ ਉਲੀਕੀ ਅਤੇ ਸਬੰਧਤ ਅਧਿਕਾਰੀਆਂ ਨੂੰ ਮੇਲਿਆਂ ਬਾਬਤ ਕੀਤੇ ਜਾਣ ਵਾਲੇ ਕਾਰਜਾਂ ਸਬੰਧੀਂ ਹਦਾਇਤਾਂ ਜਾਰੀ ਕੀਤੀਆਂ।
ਸ੍ਰੀ ਗੌਰਵ ਜੈਨ ਨੇ ਕਿਹਾ ਕਿ ਇਨ੍ਹਾਂ ਮੇਲਿਆਂ ਦਾ ਲਾਭ ਬੇਰੁਜ਼ਗਾਰਾਂ ਤੱਕ ਪੁੱਜਦਾ ਕਰਨ ਸਬੰਧੀਂ ਵੱਧ ਤੋਂ ਵੱਧ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਕਰਵਾਈ ਜਾਵੇ। ਇਸ ਤੋਂ ਬਿਨ੍ਹਾਂ ਇਨ੍ਹਾਂ ਰੋਜ਼ਗਾਰ ਮੇਲਿਆਂ ਦੇ ਪ੍ਰਚਾਰ ਲਈ ਪਿੰਡਾਂ ਦੀਆਂ ਪੰਚਾਇਤਾਂ ਤੇ ਸ਼ਹਿਰਾਂ ‘ਚ ਕੌਂਸਲਰਾਂ ਨਾਲ ਰਾਬਤਾ ਬਣਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਨ੍ਹਾਂ ਮੇਲਿਆਂ ਸਬੰਧੀ ਜਾਣਕਾਰੀ ਪਹੁੰਚਾਈ ਜਾਵੇ ਅਤੇ ਮੀਡੀਆ ਦੇ ਵੱਖ-ਵੱਖ ਸਾਧਨ ਵਰਤਕੇ ਪ੍ਰਾਰਥੀਆਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨ ਨੂੰ ਵੀ ਇਨ੍ਹਾਂ ਮੇਲਿਆਂ ਵਿੱਚ ਹਿੱਸਾ ਲੈਕੇ ਰੋਜ਼ਗਾਰ ਦੇ ਮੌਕੇ ਪ੍ਰਾਪਤ ਕਰਨ ਦੀ ਅਪੀਲ ਕੀਤੀ।
ਮੀਟਿੰਗ ਦੌਰਾਨ ਰੋਜ਼ਗਾਰ ਉਤਪਤੀ ਅਫ਼ਸਰ ਸ੍ਰੀਮਤੀ ਸਿੰਪੀ ਸਿੰਗਲਾ ਨੇ ਸਤੰਬਰ ਮਹੀਨੇ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ 9 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ ਲੜਕੇ ਪਟਿਆਲਾ, 13 ਸਤੰਬਰ ਨੂੰ ਸਰਕਾਰੀ ਕਾਲਜ ਲੜਕੀਆਂ ਪਟਿਆਲਾ, 15 ਸਤੰਬਰ ਨੂੰ ਪਬਲਿਕ ਕਾਲਜ ਸਮਾਣਾ ਤੇ 17 ਸਤੰਬਰ ਨੂੰ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ ਜਿਸ ‘ਚ ਨਾਮੀ ਕੰਪਨੀਆਂ ਵੱਲੋਂ 15 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲੇ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਹੈਲਪਲਾਈਨ ਨੰਬਰ 98776-10877 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ਹਨ।
ਮੀਟਿੰਗ ਦੌਰਾਨ ਐਸ.ਡੀ.ਐਮ. ਪਾਤੜਾਂ ਅੰਕੁਰਜੀਤ ਸਿੰਘ (ਵਾਧੂ ਚਾਰਜ ਦੁਧਨਸਾਧਾਂ), ਐਸ.ਡੀ.ਐਮ. ਸਮਾਣਾ ਸ੍ਰੀਮਤੀ ਸਵਾਤੀ ਟਿਵਾਣਾ, ਐਸ.ਡੀ.ਐਮ. ਰਾਜਪੁਰਾ ਸ. ਖੁਸ਼ਦਿਲ ਸਿੰਘ ਸਮੇਤ ਕਾਲਜਾਂ ਦੇ ਨੁਮਾਇੰਦੇ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਫੋਟੋ ਕੈਪਸ਼ਨ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਗੌਤਮ ਜੈਨ 9 ਤੋਂ 17 ਸਤੰਬਰ ਤੱਕ ਪਟਿਆਲਾ ਜ਼ਿਲ੍ਹੇ ‘ਚ ਲੱਗਣ ਵਾਲੇ ਰਾਜ ਪੱਧਰੀ ਰੋਜ਼ਗਾਰ ਮੇਲਿਆਂ ਸਬੰਧੀਂ ਮੀਟਿੰਗ ਕਰਦੇ ਹੋਏ।