ਹੁਣ ਹਰ ਐਤਵਾਰ ਨੂੰ ਲਗਾਈ ਜਾਵੇਗੀ ਵੈਕਸੀਨ ਦੀ ਕੇਵਲ ਦੂਜੀ ਡੋਜ : ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 4 ਸਤੰਬਰ 2021 ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ, ਜਿਸ ਤਹਿਤ ਅੱਜ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਪੈਂਦੇ ਪਿੰਡਪੱਲੀ ਝਿੱਕੀ, ਕਿਸ਼ਨਪੁਰਾ ਅਤੇ ਮੂਸਾਪੁਰ ਸਮੇਤ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਗਏ।
ਇਸ ਸਬੰਧ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਨੇ ਦੱਸਿਆ ਕਿ ਅੱਜ ਪੂਰੇ ਬਲਾਕ ਵਿੱਚ 4300 ਤੋਂ ਵੱਧ ਯੋਗ ਵਿਅਕਤੀਆਂ ਨੇ ਵੈਕਸੀਨ ਲਗਵਾਈ।
ਡਾ ਸਿੰਘ ਨੇ ਇਹ ਵੀ ਦੱਸਿਆ ਕਿ ਕਰੋਨਾ ਵਾਇਰਸ ਉੱਤੇ ਕਾਬੂ ਪਾਉਣ ਲਈ ਨਿਰੰਤਰ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਗਜਟਿਡ ਛੁੱਟੀ ਵਾਲੇ ਦਿਨ, ਸ਼ਨੀਵਾਰ ਅਤੇ ਐਤਵਾਰ ਵੀ ਕੋਵਿਡ ਟੀਕਾਕਰਨ ਕੀਤਾ ਜਾ ਰਿਹਾ ਹੈ। ਨਵੀਆਂ ਹਦਾਇਤਾਂ ਅਨੁਸਾਰ ਹੁਣ ਹਰ ਐਤਵਾਰ ਨੂੰ ਵੈਕਸੀਨ ਦੀ ਕੇਵਲ ਦੂਜੀ ਡੋਜ ਹੀ ਲਗਾਈ ਜਾਵੇਗੀ।
ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਤੇ ਮਿਸ਼ਨ ਫਤਿਹ 2.0 ਤਹਿਤ ਲੋਕਾਂ ਨੂੰ ਟੀਕਾਕਰਨ ਦੇ ਨਾਲ-ਨਾਲ ਮਾਸਕ ਪਾਉਣ, ਆਪਸੀ ਵਿੱਥ ਬਣਾ ਕੇ ਰੱਖਣ, ਸੈਨੇਟਾਈਜਰ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਮਿਸ਼ਨ ਨਵਾਂ ਨਰੋਆ ਪੰਜਾਬ ਤਹਿਤ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਣ ਲਈ ਘਰਾਂ ਦੇ ਆਲੇ ਦੁਆਲੇ ਦੀ ਸਾਫ ਸਫਾਈ ਰੱਖਣ ਅਤੇ ਹੋਰ ਜ਼ਰੂਰੀ ਸਾਵਧਾਨੀਆਂ ਰੱਖਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ ਹਰੇਕ ਯੋਗ ਵਿਅਕਤੀ ਕੋਵਿਡ ਰੋਕੂ ਟੀਕਾ ਜ਼ਰੂਰ ਲਗਵਾਏ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ। ਉਨ੍ਹਾਂ ਨੇ ਕਿਹਾ ਕਿ ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ ‘ਤੇ ਟੀਕਾ ਲਗਵਾ ਸਕਦੇ ਹਨ, ਇਸ ਲਈ ਹੁਣ ਕਿਸੇ ਵੀ ਤਰ੍ਹਾਂ ਦੀ ਰਜਿਸਟ੍ਰੇਸ਼ਨ ਦੀ ਵੀ ਲੋੜ ਨਹੀਂ ਹੈ। ਇਹ ਟੀਕਾ ਪੂਰੀ ਤਰਾਂ ਸੁਰੱਖਿਅਤ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਰੂਰਲ ਮੈਡੀਕਲ ਅਫਸਰ ਡਾ ਰਣਜੀਤ ਹਰੀਸ਼, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਹੈਲਥ ਕੇਅਰ ਵਰਕਰ ਮਨਦੀਪ ਸਿੰਘ, ਗੁਲਸ਼ਨ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

 

Spread the love