ਅੱਖਾਂ ਦਾਨ ਕਰਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਲੋੜ : ਡਾ. ਕਰਮਜੀਤ ਸਿੰਘ

25 ਅਗਸਤ ਤੋਂ 8 ਸਤੰਬਰ ਤੱਕ 36ਵਾਂ ਅੱਖਾਂ ਦਾਨ ਦਾ ਪੰਦਰਵਾੜਾ ਮਨਾਇਆ ਗਿਆ
ਫਾਜ਼ਿਲਕਾ, 8 ਸਤੰਬਰ 2021
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ 25 ਅਗਸਤ ਤੋਂ 8 ਸਤੰਬਰ ਤੱਕ 36ਵਾਂ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਇਸਦੇ ਤਹਿਤ ਆਸ਼ਾ ਵਰਕਰਾਂ ਰਾਹੀਂ ਪਿੰਡ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹਸਪਤਾਲ ਦੀ ਓਪੀਡੀ ਵਿਚ ਆਉਣ ਵਾਲੇ ਮਰੀਜਾਂ ਨੂੰ ਵੀ ਅੱਖਾਂ ਦਾਨ ਕਰਨ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਐਸ.ਐਮ.ਓ. ਡਾ. ਕਰਮਜੀਤ ਸਿੰਘ ਨੇ ਦਿੱਤੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਅੰਨ੍ਹਾਪਣ ਸਾਡੇ ਦੇਸ਼ ਵਿੱਚ ਗੰਭੀਰ ਜਨਤਕ ਸਿਹਤ ਸਮੱਸਿਆਵਾਂ ਵਿੱਚੋਂ ਇੱਕ ਹੈ। ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ, ਮੋਤੀਆ ਅਤੇ ਗਲੂਕੋਮਾ ਤੋਂ ਬਾਅਦ, ਕੌਰਨੀਆ ਸਬੰਧੀ ਬਿਮਾਰੀਆਂ ਅੱਖਾਂ ਦੇ ਨੁਕਸਾਨ ਅਤੇ ਅੰਨ੍ਹੇਪਣ ਦਾ ਮੁੱਖ ਕਾਰਨ ਹਨ। ਕੌਰਨੀਆ ਇੱਕ ਪਾਰਦਰਸ਼ੀ ਪਰਦਾ ਹੈ, ਜੋ ਅੱਖ ਦੇ ਸਾਹਮਣੇ ਹੁੰਦਾ ਹੈ ਅਤੇ ਉਸਨੂੰ ਕਵਰ ਕਰਦਾ ਹੈ। ਇਹ ਇੱਕ ਖਿੜਕੀ ਵਾਂਗ ਹੈ ਜਿਸ ਕਾਰਨ ਰੌਸ਼ਨੀ ਅੱਖ ਦੇ ਅੰਦਰ ਜਾਂਦੀ ਹੈ। ਬਿਮਾਰੀ, ਸੱਟ, ਕੁਪੋਸ਼ਣ ਅਤੇ ਇਨਫ਼ੈਕਸ਼ਨ ਦੇ ਕਾਰਨ ਕੌਰਨੀਆ ਧੁੰਦਲਾ ਹੋ ਸਕਦਾ ਹੈ ਅਤੇ ਨਜ਼ਰ ਘਟ ਜਾਂਦੀ ਹੈ।
ਸੀ.ਐਚ.ਸੀ. ਡੱਬਵਾਲਾ ਕਲਾ ਦੇ ਬਲਾਕ ਮਾਸ ਮੀਡਿਆ ਇੰਚਾਰਜ ਨੇ ਕਿਹਾ ਕਿ ਕੌਰਨੀਆ ਦੀ ਬਿਮਾਰੀ ਨਾਲ ਹੋਣ ਵਾਲਾ ਅੰਨ੍ਹਾਪਣ ਪੁਤਲੀ ਬਦਲਣ ਦੇ ਆਪਰੇਸ਼ਨ (ਜਿਸਨੂੰ ਕੌਰਨੀਅਲ ਟ੍ਰਾਂਸਪਲਾਂਟੇਸ਼ਨ ਜਾਂ ਕੇਰਾਟੋਪਲਾਸਟੀ ਵੀ ਕਿਹਾ ਜਾਂਦਾ ਹੈ) ਨਾਲ ਦੂਰ ਕੀਤਾ ਜਾ ਸਕਦਾ ਹੈ। ਜਿੱਥੇ ਧੁੰਦਲੇ ਕੌਰਨੀਆ ਦੀ ਥਾਂ ਤੇ ਦਾਨੀ ਅੱਖ ਤੋਂ ਇਕ ਸਿਹਤਮੰਦ ਕੌਰਨੀਆ ਮਰੀਜ਼ ਦੀ ਅੱਖ ਵਿੱਚ ਟਰਾਂਸਪਲਾਂਟ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਮੌਤ ਤੋਂ ਬਾਅਦ ਅੱਖਾਂ ਦਾਨ ਕਰਨ ਦੀ ਸਹੂੰ ਚੁੱਕਣ ਅਤੇ ਲੋੜਵੰਦਾਂ ਨੂੰ ਦ੍ਰਿਸ਼ਟੀ ਦਾ ਤੋਹਫ਼ਾ ਦੇਣ ਵਰਗੇ ਨੇਕ ਕੰਮ ਵਿੱਚ ਹਿੱਸਾ ਪਾਉਣ।
ਬੀ.ਈ.ਈ. ਨੇ ਕਿਹਾ ਕਿ ਅੱਖਾਂ ਦੇ ਦਾਨ ਨਾਲ ਜੁੜੀਆਂ ਮਿੱਥਾਂ ਅਤੇ ਗਲਤ ਧਾਰਨਾਵਾਂ ਨੂੰ ਜਾਗਰੂਕਤਾ ਦੇ ਜ਼ਰੀਏ ਦੂਰ ਕੀਤਾ ਜਾ ਰਿਹਾ ਹੈ। ਅੱਖਾਂ ਦੇ ਦਾਨ ਸੰਬਧੀ ਰਜਿਸਟ੍ਰੇਸ਼ਨ ਫ਼ਾਰਮ ਜਿਲ੍ਹਾ ਹਸਪਤਾਲ, ਸਬ-ਡਵੀਜ਼ਨ ਹਸਪਤਾਲ ਅਤੇ ਨਜ਼ਰ ਕੇਂਦਰਾਂ ਤੇ ਉਪਲਬਧ ਹੈ।

Spread the love