ਲੁਧਿਆਣਾ ਨੂੰ 70 ਹਜ਼ਾਰ ਕੋਵਿਡ-19 ਵੈਕਸੀਨ ਦੀਆਂ ਖੁਰਾਕਾਂ ਹੋਈਆਂ ਪ੍ਰਾਪਤ, ਡੀ.ਸੀ. ਵੱਲੋਂ ਕੋਰੋਨਾ ਦੀ ਰੋਕਥਾਮ ਲਈ ਤੁਰੰਤ ਟੀਕਾਕਰਣ ਕਰਾਉਣ ਦੀ ਅਪੀਲ

ਲੁਧਿਆਣਾ ਦੇ 22.60 ਲੱਖ ਲੋਕਾਂ ਦੇ ਟੀਕਾਕਰਨ ਲਈ ਡਾਕਟਰਾਂ, ਪੈਰਾ ਮੈਡੀਕਸ ਤੇ ਹੋਰਨਾਂ ਦੀ ਕੀਤੀ ਸ਼ਲਾਘਾ
ਕੋਵਿਡ ਪ੍ਰਤੀ ਅਵੇਸਲਾਪਣ, ਤੀਸਰੀ ਲਹਿਰ ਨੂੰ ਦੇ ਸਕਦਾ ਹੈ ਸੱਦਾ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ
ਲੁਧਿਆਣਾ, 08 ਸਤੰਬਰ 2021 ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਅੱਜ ਸਵੇਰੇ 70 ਹਜ਼ਾਰ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਦਾ ਨਵਾਂ ਸਟਾਕ ਪ੍ਰਾਪਤ ਹੋਇਆ ਹੈ ਅਤੇ ਸਾਰੀਆਂ ਖੁਰਾਕਾਂ ਦੀ ਵਰਤੋਂ 24 ਘੰਟਿਆਂ ਦੇ ਅੰਦਰ ਕੀਤੀ ਜਾਵੇਗੀ ਤਾਂ ਜੋ ਜ਼ਿਲ੍ਹੇ ਦੀ ਬਾਕੀ ਆਬਾਦੀ ਨੂੰ ਹੋਰ ਤੇਜ਼ੀ ਨਾਲ ਕਵਰ ਕੀਤਾ ਜਾ ਸਕੇ।
ਡੀ.ਪੀ.ਆਰ.ਓ ਲੁਧਿਆਣਾ ਦੇ ਅਧਿਕਾਰਤ ਪੇਜ਼ ‘ਤੇ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਤਕਰੀਬਨ 22.60 ਲੱਖ ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਅਤੇ ਇਹ ਡਾਕਟਰਾਂ, ਪੈਰਾ ਮੈਡੀਕਲ ਸਟਾਫ ਅਤੇ ਹੋਰ ਸਾਰਿਆਂ ਦੀ ਵਚਨਬੱਧਤਾ ਕਾਰਨ ਸੰਭਵ ਹੋ ਸਕਿਆ ਹੈ ਜਿਹੜੇ ਕਿ 16 ਜਨਵਰੀ, 2021 ਤੋਂ ਆਪਣਾ ਮੋਹਰੀ ਰੋਲ ਅਦਾ ਕਰ ਰਹੇ ਹਨ ਜਦੋਂ ਤੋਂ ਇਹ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਸੀ।
ਉਨ੍ਹਾਂ ਇਸ ਟੀਕਾਕਰਨ ਮੁਹਿੰਮ ਵਿੱਚ ਉਨ੍ਹਾਂ ਦੀ ਅਟੱਲ ਭਾਵਨਾ ਦੀ ਸ਼ਲਾਘਾ ਕੀਤੀ ਅਤੇ ਪਿਛਲੇ 100 ਸਾਲਾਂ ਵਿੱਚ ਸਭ ਤੋਂ ਵੱਡੀ ਮਹਾਂਮਾਰੀ ਦੇ ਵਿਰੁੱਧ ਲੜਾਈ ਵਿੱਚ ਲੁਧਿਆਣਾ ਨੂੰ ਚੈਂਪੀਅਨ ਬਣਾਇਆ ਹੈ.
ਉਨ੍ਹਾਂ ਕਿਹਾ ਕਿ ਵੈਕਸੀਨ ਵਾਇਰਸ ਨਾਲ ਲੜਨ ਦਾ ਇਕੋ ਇਕ ਰਸਤਾ ਹੈ ਅਤੇ ਇਸ ਨਾਲ ਸਮਾਜ ਨੂੰ ਜਲਦ ਹੀ ਪਹਿਲਾਂ ਵਾਲਾ ਚੰਗਾ ਮਾਹੌਲ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੰਭਾਵਤ ਤੀਜੀ ਲਹਿਰ ਦੇ ਆਉਣ ਤੋਂ ਪਹਿਲਾਂ ਹਰ ਯੋਗ ਵਿਅਕਤੀ ਦਾ ਟੀਕਾਕਰਨ ਕਰਵਾਉਣ ਲਈ ਯਤਨਸ਼ੀਲ ਹੈ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਕਰਦਿਆਂ ਮਾਸਕ ਪਹਿਨਣ, ਸਮਾਜਕ ਦੂਰੀ ਬਣਾਈ ਰੱਖਣ ਅਤੇ ਕੋਵਿਡ-19 ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਦੇ ਬਾਵਜੂਦ ਹੱਥਾਂ ਦੀ ਸਫਾਈ ਦਾ ਪਾਲਣ ਕਰਨ ਦੀ ਅਪੀਲੀ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਅਵੇਸਲਾਪਣ, ਨਿਸ਼ਚਤ ਰੂਪ ਨਾਲ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਸੱਦਾ ਦੇਵੇਗਾ।
ਇੱਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਟੀਕਾਕਰਣ ਕਰਵਾਉਣ ਤੋਂ ਬਾਅਦ ਆਪਣੇ ਰਜਿਸਟਰਡ ਮੋਬਾਈਲ ਨੰਬਰਾਂ ‘ਤੇ ਸੰਦੇਸ਼ ਪ੍ਰਾਪਤ ਨਹੀਂ ਕਰ ਰਹੇ ਹਨ ਉਨ੍ਹਾਂ ਨੂੰ ਲਾਜ਼ਮੀ ਤੌਰ ‘ਤੇ ਨੇੜਲੇ ਸਰਕਾਰੀ ਸਿਹਤ ਕੇਂਦਰ ਜਾਂ ਹਸਪਤਾਲ ਨਾਲ ਸੰਪਰਕ ਕਰਨਾ ਚਾਹੀਦਾ ਹੈ।

Spread the love