ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਵਰਚੂਅਲ ਆਗਾਜ਼

ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਿਛਲੇ ਸਾਲ 11 ਹਜ਼ਾਰ 576 ਲੋਕਾਂ ਨੂੰ ਰੋਜ਼ਗਾਰ ਕੈਂਪਾਂ ਵਿਚ ਮਿਲਿਆ ਰੋਜ਼ਗਾਰ-ਡਿਪਟੀ ਕਮਿਸ਼ਨਰ
ਕਿਹਾ, 10 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. (ਲੜਕੇ) ਫਿਰੋਜਪੁਰ ਸ਼ਹਿਰ ਵਿਖੇ ਹੋਣ ਵਾਲੇ ਰੋਜ਼ਗਾਰ ਮੇਲੇ ਵਿੱਚ ਨੌਜਵਾਨ ਵੱਧ ਤੋਂ ਵੱਧ ਕਰਨ ਸ਼ਿਰਕਤ
ਫਿਰੋਜ਼ਪੁਰ 9 ਸਤੰਬਰ 2021
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਰਚੂਅਲ ਤਰੀਕੇ ਨਾਲ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਕੀਤਾ।ਇਸ ਦੌਰਾਨ ਉਨ੍ਹਾਂ ਨੇ ਰੋਜ਼ਗਾਰ ਉਤਪਤੀ ਵਿਭਾਗ ਦੀਆਂ ਦੋ ਹੋਰ ਸਕੀਮਾਂ ਜਿਵੇਂ ਕਿ ਸਰਕਾਰੀ ਨੌਕਰੀਆਂ ਲਈ ਮੁਫਤ ਆਨਲਾਈਨ ਕੋਚਿੰਗ ਅਤੇ ਮੇਰਾ ਕਾਮ ਮੇਰਾ ਮਾਨ ਯੋਜਨਾ ਦਾ ਆਗਾਜ਼ ਕੀਤਾ ਗਿਆ ਹੈ।
ਇਸ ਆਨਲਾਈਨ ਵਰਚੁਅਲ ਸਮਾਗਮ ਦੌਰਾਨ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਫਤ ਆਨਲਾਈਨ ਕੋਚਿੰਗ ਤਹਿਤ ਹੁਣ ਨੌਕਰੀਆਂ ਲਈ ਇਕ ਲੱਖ ਨੌਜਵਾਨਾਂ ਨੂੰ ਇਹ ਮੁਫਤ ਆਨਲਾਈਨ ਕੋਚਿੰਗ ਦਿੱਤੀ ਜਾਵੇਗੀ ਜਿਸ ਦੇ ਪਹਿਲੇ ਬੈਚ ਵਿਚ 11 ਹਜ਼ਾਰ ਨੌਜਵਾਨ ਸਿਖਲਾਈ ਸ਼ੁਰੂ ਕਰਨਗੇ। ਇਸੇ ਤਰ੍ਹਾਂ ਅੱਜ ਹੀ ਮੇਰਾ ਕਾਮ ਮੇਰਾ ਮਾਨ ਯੋਜਨਾ ਤਹਿਤ ਉਸਾਰੀ ਕਿਰਤੀਆਂ ਦੇ ਬਚਿਆਂ ਨੂੰ ਹੁਨਰ ਸਿਖਲਾਈ ਦਿੱਤੀ ਜਾਵੇਗੀ ਅਤੇ ਇਸ ਸਮੇਂ ਦੌਰਾਨ ਉਨ੍ਹਾਂ ਨੂੰ 2500 ਰੁਪਏ ਪ੍ਰਤੀ ਮਹੀਨੇ ਦੀ ਦਰ ਨਾਲ ਇਕ ਸਾਲ ਤੱਕ ਭੱਤਾ ਵੀ ਮਿਲੇਗਾ। ਇਸ ਸਕੀਮ ਤਹਿਤ 30 ਹਜ਼ਾਰ ਲਾਭਪਾਤਰੀਆਂ ਨੂੰ ਫਾਇਦਾ ਹੋਵੇਗਾ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜੋੜਨ ਲਈ ਸੂਬਾ ਸਰਕਾਰ ਨੇ ਨੌਜਵਾਨਾਂ ਦੇ ਹੁਨਰ ਵਿਕਾਸ ਨੂੰ ਤਰਜੀਹ ਦਿੱਤੀ ਹੈ ਤਾਂ ਜੋ ਸਾਡੇ ਨੌਜਵਾਨ ਵੱਖ-ਵੱਖ ਸੈਕਟਰਾਂ ਵਿਚ ਰੋਜ਼ਗਾਰ ਪ੍ਰਾਪਤ ਕਰ ਸਕਣ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਰਾਜ ਵਿਚ 91 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਰੋਜ਼ਗਾਰ ਦੇ ਹੋਰ ਵੀ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਮੌਕੇ ਮਿਲਣਗੇ। ਇਸੇ ਤਰ੍ਹਾਂ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਨਾਲ ਵੀ ਜੋੜਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਬੋਲਦਿਆਂ ਤਕਨੀਕੀ ਸਿਖਿਆ ਤੇ ਰੋਜ਼ਗਾਰ ਵਿਭਾਗ ਦੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਵਿਭਾਗ ਵੱਲੋਂ ਨੌਜਵਾਨਾਂ ਨੂੰ ਹੁਨਰ ਸਿਖਲਾਈ ਅਤੇ ਰੋਜ਼ਗਾਰ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੇਰਵਾ ਸਾਂਝਾ ਕੀਤਾ।ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਰਕਾਰ ਵੱਲੋਂ ਵਿਦੇਸ਼ਾਂ ਵਿਚ ਰੋਜ਼ਗਾਰ ਦੀਆਂ ਸੰਭਾਵਨਾਵਾਂ ਸਬੰਧੀ ਜਾਣਕਾਰੀ ਦਿੱਤੀ।
ਜ਼ਿਲ੍ਹਾ ਸਦਰ ਮੁਕਾਮ ਤੋਂ ਇਸ ਸਮਾਗਮ ਵਿਚ ਜੁੜੇ ਡਿਪਟੀ ਕਮਿਸ਼ਨਰ ਸ੍ਰੀ. ਵਿਨੀਤ ਕੁਮਾਰ ਨੇ ਦੱਸਿਆ ਕਿ ਪਿਛਲੇ ਸਾਲ ਦੌਰਾਨ ਫਿਰੋਜ਼ਪੁਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਲਈ 72 ਪਲੇਸਮੈਂਟ ਕੈਂਪਾਂ ਵਿੱਚ 148 ਕੰਪਨੀਆਂ ਵੱਲੋਂ ਸਿਰਕਤ ਕੀਤੀ ਗਈ ਜਿਨ੍ਹਾਂ ਵੱਲੋਂ 25 ਹਜ਼ਾਰ 686 ਨੌਕਰੀਆਂ ਲਈ ਨੌਜਵਾਨਾਂ ਤੋਂ ਅਰਜੀਆਂ ਦੀ ਮੰਗ ਕੀਤੀ ਗਈ। ਇਨ੍ਹਾਂ ਨੌਕਰੀਆਂ ਲਈ 19 ਹਜ਼ਾਰ 431 ਨੌਜਵਾਨ ਵਿਦਿਆਰਥੀਆਂ/ਵਿਦਿਆਰਥਣਾਂ ਨੇ ਆਪਣੀਆਂ ਅਰਜੀਆਂ ਦਿੱਤੀਆਂ ਜਿਨ੍ਹਾਂ ਵਿੱਚੋਂ 11 ਹਜ਼ਾਰ 576 ਯੋਗ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ ਜਦਕਿ ਹੁਣ ਫਿਰ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਉਨ੍ਹਾ ਨੇ ਇਸ ਮੌਕੇ ਅੱਜ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਕਾਲਜ ਆਫ ਸਟੇਟ ਟੈਕਨੀਕਲ ਕੈਂਪਸ ਵਿਖੇ ਲਗਾਏ ਰੋਜ਼ਗਾਰ ਮੇਲੇ ਦੇ ਸਬੰਧੀ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬੰਧਿਤ ਸਥਾਨ ਤੇ ਬਾਥਰੂਮ, ਰਿਸ਼ੈਪਸ਼ਨ, ਪਾਣੀ ਅਤੇ ਕਮਰੇ ਆਦਿ ਦੇ ਪ੍ਰਬੰਧ ਠੀਕ ਹੋਣੇ ਚਾਹੀਦੇ ਹਨ ਤੇ ਨੌਜਵਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਸਮੂਹ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਕੱਲ੍ਹ 10 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. (ਲੜਕੇ) ਫਿਰੋਜਪੁਰ ਸ਼ਹਿਰ ਵਿਖੇ ਹੋਣ ਵਾਲੇ ਰੋਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਸਿਰਕਤ ਕਰਨ ਅਤੇ ਰੋਜ਼ਗਾਰ ਪ੍ਰਾਪਤ ਕਰਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸਰਬਜੀਤ ਸਿੰਘ ਵਾਲੀਆ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

Spread the love