ਸਾਰੀਆਂ ਹੀ ਜਮਾਤਾਂ ਦੇ ਪ੍ਰਸ਼ਨ ਪੱਤਰ ਬਹੁ-ਵਿਕਲਪੀ ਪੈਟਰਨ ਅਨੁਸਾਰ
ਜਦਕਿ ਤੀਜੀ,ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤਾਂ ਦੇ ਪ੍ਰਸ਼ਨ ਪੱਤਰ ਨਵੰਬਰ ਮਹੀਨੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਦੀ ਤਿਆਰੀ ਪੈਟਰਨ ਅਨੁਸਾਰ
ਜਿਲ੍ਹਾ ਅਧਿਕਾਰੀਆਂ ਨੇ ਸਕੂਲਾਂ ਦੇ ਦੌਰੇ ਕਰ ਵਿਦਿਆਰਥੀਆਂ ਨੂੰ ਦਿੱਤੀਆਂ ਸੁੱਭਕਾਮਨਾਵਾਂ
ਪਠਾਨਕੋਟ, 13 ਸਤੰਬਰ 2021 ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਐਲਾਨੀ ਡੇਟਸ਼ੀਟ ਅਨੁਸਾਰ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਵਿਦਿਆਰਥੀਆਂ ਦੀ ਉਤਸ਼ਾਹਜਨਕ ਹਾਜ਼ਰੀ ਨਾਲ ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ਼ੁਰੂ ਹੋ ਗਈ ਹਨ ਅਤੇ ਜਿਲ੍ਹਾ ਅਧਿਕਾਰੀਆਂ ਵੱਲੋਂ ਸਕੂਲਾਂ ਦੇ ਦੌਰੇ ਕਰ ਵਿਦਿਆਰਥੀਆਂ ਨੂੰ ਸੁੱਭਕਾਮਨਾਵਾਂ ਦਿੱਤੀਆਂ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਸਤੰਬਰ ਪ੍ਰੀਖਿਆ ਸ਼ੁਰੂ ਹੋ ਗਈ ਹੈ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਆਫਲਾਈਨ ਤਰੀਕੇ ਸ਼ੁਰੂ ਹੋਈ ਪ੍ਰੀਖਿਆ ਦੇ ਪਹਿਲੇ ਦਿਨ ਤੀਜੀ,ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਹੋਈ ਜਦਕਿ ਛੇਵੀਂ ਜਮਾਤ ਦੀ ਅੰਗਰੇਜ਼ੀ, ਸੱਤਵੀਂ ਜਮਾਤ ਦੀ ਪੰਜਾਬੀ, ਅੱਠਵੀਂ ਜਮਾਤ ਦੀ ਗਣਿਤ, ਨੌਵੀ ਜਮਾਤ ਦੀ ਹਿੰਦੀ, ਦਸਵੀਂ ਜਮਾਤ ਦੀ ਵਿਗਿਆਨ, ਗਿਆਰਵੀਂ ਜਮਾਤ ਦੀ ਪੰਜਾਬੀ ਜਨਰਲ ਅਤੇ ਬਾਰਵੀਂ ਜਮਾਤ ਦੀ ਅੰਗਰੇਜ਼ੀ ਜਨਰਲ ਵਿਸ਼ੇ ਦੀ ਪ੍ਰੀਖਿਆ ਹੋਈ। ਸਾਰੀਆਂ ਜਮਾਤਾਂ ਦੇ ਪ੍ਰਸ਼ਨ ਪੱਤਰ ਮੁੱਖ ਦਫਤਰ ਵੱਲੋਂ ਮੁਹੱਈਆ ਕਰਵਾਏ ਗਏ ਸਨ ਅਤੇ ਸਾਰੀਆਂ ਹੀ ਜਮਾਤਾਂ ਦੇ ਪ੍ਰਸ਼ਨ ਪੱਤਰ ਬਹੁ-ਵਿਕਲਪੀ ਪੈਟਰਨ ਅਨੁਸਾਰ ਸਨ ਜਦਕਿ ਤੀਜੀ,ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤਾਂ ਦੇ ਪ੍ਰਸ਼ਨ ਪੱਤਰ ਨਵੰਬਰ ਮਹੀਨੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਦੀ ਤਿਆਰੀ ਪੈਟਰਨ ਅਨੁਸਾਰ ਸਨ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪ੍ਰੀਖਿਆ ਦੇ ਪਹਿਲੇ ਦਿਨ ਵਿਦਿਆਰਥੀਆਂ ਦੀ ਹਾਜ਼ਰੀ ਬਹੁਤ ਹੀ ਸਲਾਘਾਯੋਗ ਰਹੀ ਅਤੇ ਕੇਂਦਰਾਂ ਦਾ ਦੌਰਾ ਕਰਨ ‘ਤੇ ਵਿਦਿਆਰਥੀਆਂ ਪ੍ਰੀਖਿਆਵਾਂ ਪ੍ਰਤੀ ਬਹੁਤ ਹੀ ਉਤਸ਼ਾਹਿਤ ਨਜ਼ਰ ਆਏ। ਸਾਰੇ ਹੀ ਸਕੂਲਾਂ ‘ਚ ਸਰਕਾਰ ਵੱਲੋਂ ਜਾਰੀ ਕੋਵਿਡ ਹਦਾਇਤਾਂ ਦੀ ਪਾਲਣਾ ਕੀਤੀ ਗਈ।ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੀ ਸਲਾਘਾਯੋਗ ਹਾਜ਼ਰੀ ਅਤੇ ਕੋਵਿਡ ਹਦਾਇਤਾਂ ਦੀ ਪਾਲਣਾ ‘ਚ ਵਿਦਿਆਰਥੀਆਂ ਦੇ ਮਾਪਿਆਂ ਦਾ ਯੋਗਦਾਨ ਪ੍ਰਸੰਸਾਯੋਗ ਰਿਹਾ।
ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਵਿਦਿਆਰਥੀਆਂ ਨੂੰ ਵੰਡੇ ਪੈਨ।
ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਵੱਲੋਂ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਜਿਥੇ ਵਿਦਿਆਰਥੀਆਂ ਨੂੰ ਪੈਨ ਵੰਡੇ ਗਏ ਅਤੇ ਸੁਭਕਾਮਨਾਵਾਂ ਦਿੱਤੀਆਂ ਗਈਆਂ ਉਥੇ ਹੀ ਅਧਿਆਪਕਾਂ ਨੂੰ ਪ੍ਰੀਖਿਆਵਾਂ ਸਬੰਧੀ ਅਤੇ ਨੈਸਨਲ ਅਚੀਵਮੈਂਟ ਸਰਵੇ ਸਬੰਧੀ ਵਿਦਿਆਰਥੀਆਂ ਨੂੰ ਪੂਰੀ ਤਨਦੇਹੀ ਨਾਲ ਅਗਵਾਈ ਦੇਣ ਲਈ ਪ੍ਰੇਰਿਤ ਕੀਤਾ।
ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਵਿਦਿਆਰਥੀਆਂ ਦੇ ਸਾਲਾਨਾ ਨਤੀਜਿਆਂ ਅਤੇ ਨੈਸ਼ਨਲ ਅਚੀਵਮੈਂਟ ਸਰਵੇਖਣ ਤਿਆਰੀ ਲਈ ਬਹੁਤ ਅਹਿਮ–ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਨੇ ਦੱਸਿਆ ਕਿ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਵਿਦਿਆਰਥੀਆਂ ਦੇ ਸਾਲਾਨਾ ਨਤੀਜਿਆਂ ਅਤੇ ਨੈਸ਼ਨਲ ਅਚੀਵਮੈਂਟ ਸਰਵੇਖਣ ਤਿਆਰੀ ਲਈ ਬਹੁਤ ਅਹਿਮ ਹਨ। ਉਹਨਾਂ ਕਿਹਾ ਕਿ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਡਿਜ਼ੀਟਲ ਸਾਧਨਾਂ ਜਰੀਏ ਕਰਵਾਈ ਜਾ ਰਹੀ ਪੜ੍ਹਾਈ ਦਾ ਅਸਰ ਪ੍ਰੀਖਿਆਵਾਂ ਦੇ ਪਹਿਲੇ ਦਿਨ ਬਾਖੂਬੀ ਵੇਖਣ ਨੂੰ ਮਿਲਿਆ। ਵਿਦਿਆਰਥੀਆਂਂ ਵੱਲੋਂ ਕੀਤੀ ਮਿਹਨਤ ਦਾ ਪ੍ਰਭਾਵ ਪ੍ਰੀਖਿਆਵਾਂ ਪ੍ਰਤੀ ਆਤਮ ਵਿਸਵਾਸ਼ ਦੇ ਰੂਪ ਵਿੱਚ ਵੇਖਣ ਨੂੰ ਮਿਲਿਆ।
ਇਸ ਮੌਕੇ ਤੇ ਸਟੈਨੋ ਅਰੁਣ ਮਹਾਜਨ, ਸਟੈਨੋ ਤਰੁਣ ਪਠਾਨੀਆ, ਕਮਲ ਕਿਸੋਰ, ਮੁਨੀਸ ਕੁਮਾਰ, ਰਮੇਸ ਸਰਮਾ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।