54 ਕੰਪਨੀਆਂ ਨੇ ਕੀਤੀ ਸ਼ਿਰਕਤ, 5624 ਉਮੀਦਵਾਰਾਂ ਨੇ ਲਿਆ ਭਾਗ
ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਦੀ ਕੀਤੀ ਹੌਸਲਾ ਅਫਜ਼ਾਈ
ਜਲੰਧਰ, 15 ਸਤੰਬਰ 2021
ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ’ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਵੱਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਅਧੀਨ ਬੁੱਧਵਾਰ ਨੂੰ ਜਨਤਾ ਕਾਲਜ ਕਰਤਾਰਪੁਰ ਵਿਖੇ ਚੌਥਾ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਵਿੱਚ ਕਰਤਾਰਪੁਰ ਤੋਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਮੇਲੇ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ।
ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਲਗਾਏ ਜਾ ਰਹੇ ਇਹ ਰੋਜ਼ਗਾਰ ਮੇਲੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰ ਕੇ ਉਨ੍ਹਾਂ ਨੂੰ ਸਵੈ ਨਿਰਭਰ ਬਣਾਉਣ ਵਿੱਚ ਬੇਹੱਦ ਸਹਾਈ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਲਾਭ ਲੈਣਾ ਚਾਹੀਦਾ ਹੈ।
ਹੋਰ ਪੜ੍ਹੋ :-ਰਿਆਤ ਗਰੁੱਪ ਵਿਖੇ 16 ਨੂੰ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ ਵਿਚ ਨਾਮਵਰ ਕੰਪਨੀਆਂ ਕਰਨਗੀਆਂ ਸ਼ਿਰਕਤ
ਰੋਜ਼ਗਾਰ ਮੇਲੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ ਸੀ.ਈ.ਓ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਸ਼੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੇਲੇ ਵਿੱਚ 5624 ਬੇਰੋਜ਼ਗਾਰ ਨੌਜਵਾਨਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 4722 ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਰੋਜ਼ਗਾਰ ਲਈ ਚੋਣ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸਕਸੱਸ ਪਰੋਮੋ, ਨਾਰਾਇਣੀ ਹਰਬਲ, ਡਾਇਮੰਡ ਵਰਲਡ, ਕਰਾਸ ਲੈਂਡ ਐਜੂਕੇਸ਼ਨ, ਬ੍ਰਾਈਟ ਫਿਊਚਰ, ਪਲੇਸਮੈਡਸ,ਵੈਸਟੀਜ, ਹਰਬਲਾਈਫ਼ ਨਿਊਟਰਿਸ਼ਨ, ਪਰੀਮੇਰਿਕਾ ਲਾਈਫ਼ ਇੰਸ਼ੋਰੈਂਸ, ਐਨ.ਆਈ.ਆਈ.ਟੀ., ਪੁਖਰਾਜ ਹੈਲਥ ਕੇਅਰ ਅਤੇ ਐਕਸਿਸ ਬੈਂਕ ਸਮੇਤ ਕੁੱਲ 54 ਕੰਪਨੀਆਂ ਨੇ ਰੋਜ਼ਗਾਰ ਮੇਲੇ ਸ਼ਿਰਕਤ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 7ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਅਗਲਾ ਰੋਜ਼ਗਾਰ ਮੇਲਾ ਬੀ.ਡੀ.ਪੀ.ਓ. ਦਫ਼ਤਰ ਭੋਗਪੁਰ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਨਾਮੀ ਕੰਪਨੀਆਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸ਼ਿਰਕਤ ਕਰਨਗੀਆਂ।
ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਰੋਜ਼ਗਾਰ ਦੀ ਭਾਲ ਕਰਨ ਵਾਲਿਆਂ ਅਤੇ ਰੋਜ਼ਗਾਰਦਾਤਾਵਾਂ ਵਿੱਚ ਕੜੀ ਵਜੋਂ ਕੰਮ ਕਰਦੇ ਹਨ, ਜਿਸ ਰਾਹੀਂ ਜਿਥੇ ਨੌਜਵਾਨਾਂ ਨੂੰ ਆਪਣੀ ਯੋਗਤਾ ਤੇ ਪਸੰਦ ਅਨੁਸਾਰ ਰੋਜ਼ਗਾਰ ਪ੍ਰਾਪਤ ਕਰਨ ਦਾ ਮੌਕਾ ਮਿਲਦਾ ਹੈ ਉਥੇ ਕੰਪਨੀਆਂ ਵੀ ਆਪਣੀ ਲੋੜ ਅਨੁਸਾਰ ਕਿਰਤ ਸ਼ਕਤੀ ਦੀ ਚੋਣ ਕਰ ਸਕਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਨੌਕਰੀਆਂ ਲਈ ਨੌਜਵਾਨ ਵਿਭਾਗ ਦੀ ਵੈਬਸਾਈਟ www.pgrkam.com ‘ਤੇ ਰਜਿਸਟਰ ਕਰ ਸਕਦੇ ਹਨ ਅਤੇ ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।