ਸਾਰੇ ਪ੍ਰਾਈਵੇਟ ਹਸਪਤਾਲਾਂ ਲਈ ਡੇਂਗੂ ਕੇਸਾਂ ਦੀ ਰਿਪੋਰਟ ਸਿਹਤ ਵਿਭਾਗ ਨੂੰ ਦੇਣੀ ਜ਼ਰੂਰੀ: ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ

GURINDERBIR KAUR
ਕੋਵਿਡ ਵਾਇਰਸ ਨਾਲ ਲੜਨ ਲਈ ਸਰੀਰ ਵਿੱਚ ਪੂਰੀ ਇਮਿਊਨਿਟੀ ਬਣਾਉਣ ਲਈ ਦੂਜੀ ਡੋਜ ਲਗਾਉਣੀ ਜ਼ਰੂਰੀ: ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ
ਡੇਂਗੂ ਅਤੇ ਮਲੇਰੀਆ ਮਹਾਂਮਾਰੀ ਰੋਗ ਐਕਟ ਦੀ ਉਲੰਘਣਾ ਕਰਨ ’ਤੇ ਪ੍ਰਾਈਵੇਟ ਸਿਹਤ ਸੰਸਥਾਵਾਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ
ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਤੀਬਰ ਸਰਵੇ ਤੇ ਜਾਗਰੂਕਤਾ ਮੁਹਿੰਮ ਛੇੜੀ
ਨਵਾਂਸ਼ਹਿਰ, 24 ਸਤੰਬਰ 2021 
ਸ਼ਹੀਦ ਭਗਤ ਸਿੰਘ ਨਗਰ ਦੇ ਮਾਣਯੋਗ ਸਿਵਲ ਸਰਜਨ ਡਾ ਗੁਰਿੰਦਰਬੀਰ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਡੇਂਗੂ ਤੇ ਮਲੇਰੀਆ ਵਰਗੀਆਂ ਬਿਮਾਰੀਆਂ ਦੀ ਰੋਕਥਾਮ ਲਈ ਤੀਬਰ ਸਰਵੇ ਤੇ ਜਾਗਰੂਕਤਾ ਗਤੀਵਿਧੀਆਂ ਵਿੱਢ ਦਿੱਤੀਆਂ ਹਨ।
ਸਿਵਲ ਸਰਜਨ ਡਾ ਗੁਰਿਦਰਬੀਰ ਕੌਰ ਨੇ ਅੱਜ ਇੱਥੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਦੱਸਿਆ ਕਿ ਇਸ ਸਾਲ ਦੌਰਾਨ ਜ਼ਿਲ੍ਹੇ ਵਿੱਚ ਡੇਂਗੂ ਦੇ ਕੇਸਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਉਨਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਡੇਂਗੂ ਦੇ 26 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ। ਸਿਹਤ ਵਿਭਾਗ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਲਈ ਢੱੁਕਵੇਂ ਕਦਮ ਉਠਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਦਫਤਰਾਂ ਸਮੇਤ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿਚ ਡੇਂਗੂ ਵਿਰੋਧੀ ਸਰਵੇਖਣ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮ ਵੱਲੋਂ ਘਰਾਂ ਵਿਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਜਿਵੇਂ ਖਾਲੀ ਭਾਂਡੇ, ਗਮਲੇ, ਟਾਇਰ, ਕੂਲਰ ਆਦਿ ਵਿੱਚ ਪਾਣੀ ਜਮ੍ਹਾਂ ਹੋਣ ਤੋਂ ਰੋਕਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਕ ਹਫ਼ਤੇ ‘ਚ ਇਕ ਆਂਡੇ ਤੋਂ ਪੂਰਾ ਜਵਾਨ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇਕ ਚੱਮਚ ਪਾਣੀ ‘ਚ ਵੀ ਇਹ ਮੱਛਰ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜ਼ਿਆਦਾਤਰ ਸਵੇਰ ਤੇ ਸ਼ਾਮ ਨੂੰ ਕੱਟਦਾ ਹੈ।
ਉਨ੍ਹਾਂ ਮੀਡੀਆ ਜ਼ਰੀਏ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸਾਨੂੰ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਵਿਚ ਅਤੇ ਆਲੇ-ਦੁਆਲੇ ਤੇ ਗਮਲਿਆਂ ਵਿਚ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਹਫਤੇ ਵਿਚ ਇਕ ਵਾਰ ਕੂਲਰਾਂ, ਫਰਿਜ਼ ਦੀ ਟਰੇਅ ਦੀ ਸਫਾਈ ਜ਼ਰੂਰ ਕਰਨੀ ਚਾਹੀਦੀ ਹੈ ਅਤੇ ਇਨ੍ਹਾਂ ਨੂੰ ਪੂਰੀ ਤਰ੍ਹਾਂ ਨਾਲ ਸੁੱਕਾ ਲੈਣਾ ਚਾਹੀਦਾ ਹੈ।
ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਨੂੰ ਮਹਾਮਾਰੀ ਰੋਗ ਐਕਟ, 1897 ਤਹਿਤ ਨੋਟੀਫਾਈ ਕੀਤਾ ਗਿਆ ਹੈ, ਜਿਸ ਅਨੁਸਾਰ ਸਾਰੇ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਕੇਸਾਂ ਦੀ ਰਿਪੋਰਟ ਸਿਹਤ  ਵਿਭਾਗ ਨੂੰ ਦੇਣੀ ਜ਼ਰੂਰੀ ਹੈ। ਨੋਟੀਫਿਕੇਸ਼ਨ ਦੀ ਉਲੰਘਣਾ ਕਰਨ ਉੱਤੇ ਕਿਸੇ ਵੀ ਹਸਪਤਾਲ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਡੇਂਗੂ ਦੀ ਜਾਂਚ ਲਈ ਲੋੜੀਂਦੀਆਂ ਕਿੱਟਾਂ ਸਰਕਾਰੀ ਹਸਪਤਾਲਾਂ ਵਿੱਚ ਉਪਲੱਬਧ ਹਨ।
ਉਨਾਂ ਦੱਸਿਆ ਕਿ ਵਿਭਾਗ ਨੇ ਡੇਂਗੂ ਦੇ ਕੇਸਾਂ ਦੇ ਤੁਰੰਤ ਅਤੇ ਸੁਚੱਜੇ ਪ੍ਰਬੰਧਨ ਲਈ ਡੇਂਗੂ ਵਾਰਡ ਬਣਾਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਮਰੀਜ਼ ਲਈ ਬੈੱਡਾਂ ਦੀ ਵਿਵਸਥਾ ਹੈ। ਡੇਂਗੂ ਲਈ ਸਪਰੇਅ ਗਤੀਵਿਧੀਆਂ ਲਈ ਬ੍ਰੀਡਿੰਗ ਚੈਕਰਾਂ ਦੀ ਗਿਣਤੀ ਵਧਾ ਕੇ 10 ਕਰ ਦਿੱਤੀ ਗਈ ਹੈ ਅਤੇ ਜਿਸ ਘਰ ਵਿੱਚ ਕੋਈ ਕੇਸ ਸਾਹਮਣੇ ਆਉਂਦਾ ਹੈ, ਉਸ ਘਰ ਦੇ ਆਲੇ-ਦੁਆਲੇ ਦੇ 50-60 ਘਰਾਂ ਵਿਚੋਂ ਜਿੱਥੇ ਵੀ ਲਾਰਵਾ ਮਿਲਦਾ ਹੈ, ਉੱਥੇ ਲੋੜ ਮੁਤਾਬਿਕ ਲਾਰਵਾਸਾਈਟ ਦਾ ਛਿੜਕਾਅ ਕੀਤਾ ਜਾਂਦਾ ਹੈ।

ਡਾ. ਕੌਰ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਗਲ਼ੀਆਂ, ਨਾਲੀਆਂ ਤੇ ਛੱਪੜਾਂ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢੱਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

Spread the love