ਡਿਪਟੀ ਕਮਿਸ਼ਨਰ ਵੱਲੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰਾਇਲ ਦੀ ਫਸਟ ਲੈਵਲ ਚੈਕਿੰਗ ਦਾ ਨਿਰੀਖਣ

ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰਾਇਲ ਦੀ ਫਸਟ ਲੈਵਲ ਚੈਕਿੰਗ ਦਾ ਨਿਰੀਖਣ
ਅਗਾਮੀ ਵਿਧਾਨ ਸਭਾ ਚੋਣਾਂ-2022 ਲਈ ਈਵੀਐਮ ਅਤੇ ਵੀਵੀਪੈਟ ਦੀ ਫਸਟ ਲੈਵਲ ਚੈਕਿੰਗ ਸ਼ੁਰੂ

ਜਲੰਧਰ, 1 ਅਕਤੂਬਰ

ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਵੱਲੋਂ ਅੱਜ ਸਟੇਟ ਪਟਵਾਰ ਸਕੂਲ, ਕਪੂਰਥਲਾ ਰੋਡ ਵਿਖੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰਾਇਲ (ਵੀਵੀਪੈਟ) ਦੀ ਫਸਟ ਲੈਵਲ ਚੈਕਿੰਗ (ਐਫਐਲਸੀ) ਦਾ ਨਿਰੀਖਣ ਕੀਤਾ ਗਿਆ।

ਹੋਰ ਪੜ੍ਹੋ :-ਵਜੀਫ਼ੇ ਵਾਸਤੇ ਦਿਵਿਆਂਗ ਵਿਦਿਆਰਥੀਆਂ ਤੋਂ ਅਰਜ਼ੀਆਂ ਪ੍ਰਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ

ਡਿਪਟੀ ਕਮਿਸ਼ਨਰ ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦੇ ਕੰਮ ਦਾ ਨਿਰੀਖਣ ਕੀਤਾ। ਉਨ੍ਹਾਂ ਭਾਰਤ ਇਲੈਕਟ੍ਰਿਕ ਲਿਮਟਿਡ (ਬੀ.ਈ.ਐਲ.) ਦੇ ਇੰਜੀਨੀਅਰਾਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੂੰ ਇਹ ਮਸ਼ੀਨਾਂ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸ਼੍ਰੀ ਥੋਰੀ ਨੇ ਕਿਹਾ ਕਿ ਇਸ ਨਿਰੀਖਣ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵੋਟਿੰਗ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੋਵੇ ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਸ਼ਾਸਨ ਵੱਲੋਂ ਇਨ੍ਹਾਂ ਸਾਰੀਆਂ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ ਅਤੇ ਚੋਣਾਂ ਦੌਰਾਨ ਵਰਤੀਆਂ ਜਾਣ ਵਾਲੀਆਂ 4448 ਬੈਲਟ ਯੂਨਿਟਸ, 2810 ਕੰਟਰੋਲ ਯੂਨਿਟਸ ਅਤੇ 3021 ਵੀਵੀਪੈਟਸ ਦੀ ਪੂਰੀ ਚੈਕਿੰਗ ਪ੍ਰਕਿਰਿਆ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਨਿਰਵਿਘਨ, ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਇਹ ਸਭ ਤੋਂ ਮਹੱਤਵਪੂਰਨ ਕਾਰਜ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਫ.ਐਲ.ਸੀ. ਦੇ ਮੁਕੰਮਲ ਹੋਣ ਦੇ ਦੌਰਾਨ ਸੀਸੀਟੀਵੀ/ਵੀਡਿਓਗ੍ਰਾਫੀ ਦੇ ਨਾਲ ਸੁਰੱਖਿਆ ਦੇ ਉਚਿਤ ਪ੍ਰਬੰਧ ਯਕੀਨੀ ਬਣਾਏ ਗਏ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਸਿਆਸੀ ਪਾਰਟੀਆਂ ਨੂੰ ਚੈਕਿੰਗ ਦੌਰਾਨ ਆਪਣੇ ਪ੍ਰਤੀਨਿਧੀ ਭੇਜਣ ਦੀ ਬੇਨਤੀ ਕੀਤੀ ਗਈ ਹੈ ਤਾਂ ਜੋ ਸਮੁੱਚੇ ਕਾਰਜ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਤਹਿਸੀਲਦਾਰ ਚੋਣਾਂ ਸੁਖਦੇਵ ਸਿੰਘ ਅਤੇ ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਤੇ ਹੋਰ ਮੌਜੂਦ ਸਨ।

Spread the love