ਕ੍ਰਿਸ਼ੀ ਵਿਗਿਆਨ ਕੇਂਦਰ ਨੇ ਸਰਕਾਰੀ ਹਾਈ ਸਕੂਲ ਦੌਣ ਕਲਾਂ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ

PATIALA
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਸਰਕਾਰੀ ਹਾਈ ਸਕੂਲ ਦੌਣ ਕਲਾਂ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ

ਵਿਦਿਆਰਥੀਆਂ ਦੇ ਕਰਵਾਏ ਵੱਖ ਵੱਖ ਮੁਕਾਬਲੇ

ਪਟਿਆਲਾ, 2 ਨਵੰਬਰ 2021

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਸਰਕਾਰੀ ਹਾਈ ਸਕੂਲ, ਦੌਣ-ਕਲਾਂ, ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਲੇਖ ਰਚਨਾ, ਨਾਅਰਾ ਰਚਨਾ, ਭਾਸ਼ਣ ਅਤੇ ਪੇਂਟਿੰਗ ਦੇ ਮੁਕਾਬਲੇ ਕਰਵਾਏ ਗਏ।

ਹੋਰ ਪੜ੍ਹੋ :-ਅੱਜ 1 ਕੋਰੋਨਾ ਮਰੀਜ਼ ਸਿਹਤਯਾਬ ਹੋਇਆ ਅਤੇ ਕੋਈ ਵੀ  ਪਾਜੇਟਿਵ ਮਰੀਜ਼ ਨਹੀਂ ਆਇਆ ਸਾਹਮਣੇ : ਡਿਪਟੀ ਕਮਿਸ਼ਨਰ

ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਵਿਪਨ ਕੁਮਾਰ ਰਾਮਪਾਲ, ਸਹਾਇਕ ਨਿਰਦੇਸ਼ਕ (ਸਿਖਲਾਈ), ਕੇ.ਵੀ.ਕੇ ਪਟਿਆਲਾ ਦੀਆਂ ਕਿਰਸਾਨੀ ਪ੍ਰਤੀ ਸੇਵਾਵਾਂ ਬਾਰੇ ਚਾਨਣਾਂ ਪਾਇਆ। ਉਨ੍ਹਾਂ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਵਾਸਤੇ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਦੱਸਿਆ। ਉਹਨਾਂ ਨੇ ਵਿਦਿਆਰਥੀਆਂ ਨੂੰ ਸਮੇਂA ਦੀ ਲੋੜ ਅਨੁਸਾਰ ਵਾਤਾਵਰਨ ਨੂੰ ਬਚਾਉਣ ਲਈ ਖੇਤੀਬਾੜੀ ਦੇ ਢੰਗਾਂ ਵਿਚ ਤਬਦੀਲੀ ਲਿਆਉਣ ਲਈ ਪ੍ਰੇਰਿਤ ਕੀਤਾ।

ਡਾ ਗੁਰਉਪਦੇਸ਼ ਕੌਰ, ਸਹਿਯੋਗੀ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿਚ ਅਹਿਮ ਜ਼ਿੰਮੇਵਾਰੀ ਨਾਲ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਡਾ. ਗੁਰਨਾਜ ਸਿੰਘ ਗਿੱਲ, ਸਹਾਇਕ ਪ੍ਰੋਫੈਸਰ (ਭੋਜਨ ਪ੍ਰੋਸੈਸਿੰਗ) ਨੇ ਝੋਨੇ ਦੀ ਪਰਾਲੀ ਵਿਚਲੇ ਵੱਖ-ਵੱਖ ਤੱਤਾਂ ਦੀ ਮਹੱਤਤਾ ਅਤੇ ਇਸ ਦੀ ਸੰਭਾਲ ਲਈ ਵਰਤੀ ਜਾਂਦੀ ਖੇਤੀ ਮਸ਼ੀਨਰੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।

ਇਸ ਸੈਮੀਨਾਰ ਦਾ ਆਯੋਜਨ ਪ੍ਰਿੰਸੀਪਲ ਕੁਮਾਰੀ ਮਿਲੀ ਸ਼ਰਮਾ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਇਹਨਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਗੁਰ ਕਮਲਪ੍ਰੀਤ ਕੌਰ, ਕਿਰਨਦੀਪ ਕੌਰ, ਭਾਰਤੀ, ਰਜ਼ੀਆ, ਰੀਨਾ, ਗੁਰਜੋਤ ਸਿੰਘ, ਪਰਮਜੋਤ ਕੌਰ, ਕਾਮਨੀ, ਭਾਰਤੀ ਅੱਤਰੀ, ਮਨਪ੍ਰੀਤ ਕੌਰ ਅਤੇ ਪਰਨੀਤ ਕੌਰ ਨੇ ਵੱਖ ਵੱਖ ਇਨਾਮ ਜਿੱਤੇ। ਜੇਤੂ ਰਹੇ ਵਿਦਿਆਰਥੀਆ ਨੂੰ ਉਤਸ਼ਾਹਿਤ ਕਰਨ ਵਾਸਤੇ ਸਨਮਾਨ ਚਿੰਨ੍ਹ ਵੀ ਦਿੱਤੇ ਗਏ। ਇਸ ਮੌਕੇ ਸ਼੍ਰੀ ਰਜਿੰਦਰ ਸਿੰਘ, ਸ੍ਰੀ ਧੰਨਾ ਸਿੰਘ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।