-ਰੋਜ਼ਗਾਰ ਮੇਲਿਆਂ ਨੂੰ ਸਫ਼ਲ ਬਣਾਉਣ ’ਚ ਸਮੂਹ ਵਿਭਾਗ ਦੇਣ ਵੱਧ ਤੋਂ ਵੱਧ ਸਹਿਯੋਗ : ਅਪਨੀਤ ਰਿਆਤ

DC Hoshiapur

-ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਦੀ ਕੀਤੀ ਸਮੀਖਿਆ
ਹੁਸ਼ਿਆਰਪੁਰ, 14 ਸਤੰਬਰ:
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਲਗਾਏ ਗਏ ਮੇਲਿਆਂ ਦੀ ਸਮੀਖਿਆ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਬਿਊਰੋ ਦੇ ਕੰਮਕਾਜ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਬਿਊਰੋ ਵਲੋਂ ਜ਼ਿਲ੍ਹੇ ਵਿੱਚ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਵਿੱਚ ਸੁਚਾਰੂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਵੀ ਰੋਜ਼ਗਾਰ ਮੇਲਿਆਂ ਨੂੰ ਸਫ਼ਲ ਬਣਾਉਣ ਵਿੱਚ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਹਰ ਵਿਭਾਗ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਤਨਦੇਹੀ ਨਾਲ ਕੰਮ ਕਰਨਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ 24 ਤੋਂ 30 ਸਤੰਬਰ ਤੱਕ ਲਗਣ ਵਾਲੇ ਮੈਗਾ ਰੋਜ਼ਗਾਰ ਮੇਲਿਆਂ ਲਈ ਇਕੱਤਰ ਕੀਤੀਆਂ ਗਈਆਂ 3881 ਪੋਸਟਾਂ ਲਈ ਇੰਟਰਵਿਊ ਲਿਆ ਜਾਵੇਗਾ, ਤਾਂ ਜੋ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਨੂੰ ਵਧੀਆ ਤਰੀਕੇ ਨਾਲ ਖਤਮ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਬੱਚੇ ਆਪਣੀ ਯੋਗਤਾ ਅਨੁਸਾਰ www.pgrkam.com ’ਤੇ ਇਨ੍ਹਾਂ ਮੇਲਿਆਂ ਦੇ ਸ਼ਡਿਊਲ ਅਤੇ ਮੇਲਿਆਂ ਵਿੱਚ ਪਹੁੰਚ ਰਹੇ ਨਿਯੋਜਕਾਂ ਅਤੇ ਆਸਾਮੀਆਂ ਦੀਆਂ ਕਿਸਮਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਰੋਜਗਾਰ ਅਫ਼ਸਰ ਕਰਮ ਚੰਦ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਟੀਮ ਇਨ੍ਹਾਂ ਰੋਜ਼ਗਾਰ ਮੇਲਿਆਂ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਵੇਗੀ ਤਾਂ ਜੋ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਨੂੰ ਹਰ ਪੱਖੋਂ ਸਫ਼ਲ ਬਣਾਇਆ ਜਾ ਸਕੇ।

Spread the love