ਡਿਪਟੀ ਕਮਿਸ਼ਨਰ ਵੱਲੋਂ ਨੌਕਰੀਆਂ ਹਾਸਲ ਕਰਨ ਵਾਲੀਆਂ ਧੀਆਂ ਦਾ ਸਨਮਾਨ

poshan mah
*‘ਧੀ ਦੀ ਪੜਾਈ, ਧੀ ਦਾ ਪੋਸ਼ਣ, ਨੌਕਰੀ ਮਿਲਣ ’ਤੇ ਜ਼ਿੰਦਗੀ ਰੋਸ਼ਨ’
ਨਵਾਂਸ਼ਹਿਰ, 14 ਸਤੰਬਰ :
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਪ੍ਰਵਾਨਗੀ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਦੀ ਕੰਨਵਰਜੈਂਸ ਨਾਲ ਜ਼ਿਲੇ ਵਿਚ ਰੋਜ਼ਗਾਰ ਉੱਤਪਤੀ ਵਿਭਾਗ ਵੱਲੋਂ ਬੀਤੇ ਦਿਨੀਂ ਕਰਵਾਏ ਪਲੇਸਮੈਂਟ ਕੈਂਪ ਵਿਚ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਦੀ ਰਿਲਾਇੰਸ ਮਾਰਟ ਅਤੇ ਐਸ. ਬੀ. ਆਈ (ਲਾਈਫ ਇੰਸ਼ੋਰੈਂਸ) ਵੱਲੋਂ ਕੈਸ਼ੀਅਰ, ਬੈਂਕ ਆਫ਼ਿਸ ਅਤੇ ਕਸਟਮਰ ਐਸੋਸੀਏਟ ਦੀਆਂ 76 ਅਸਾਮੀਆਂ ਲਈ ਇੰਟਰਵਿਊ ਕੀਤੀ ਗਈ ਸੀ। ਇਸ ਵਿਚ ਜ਼ਿਲੇ ਦੀਆਂ 45 ਲੜਕੀਆਂ ਨੇ ਨੌਕਰੀ ਹਾਸਲ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਜ਼ਗਾਰ ਉੱਤਪਤੀ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਕਰਵਾਏ ਸਮਾਗਮ ਦੌਰਾਨ ‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਨੂੰ ਹੁਲਾਰਾ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਰੋਜ਼ਗਾਰ ਹਾਸਲ ਕਰਨ ਵਾਲੀਆਂ ਇਨਾਂ ਧੀਆਂ ਦਾ ਐਪਰੀਸੀਏਸ਼ਨ ਸਰਟੀਫਿਕੇਟਾਂ ਨਾਲ ਸਨਮਾਨ ਕੀਤਾ ਗਿਆ। ਇਸ ਦੌਰਾਨ ਨੌਕਰੀ ਹਾਸਲ ਕਰਨ ਵਾਲੇ ਸਾਰੇ ਲੜਕੇ-ਲੜਕੀਆਂ ਨੂੰ ਆਫ਼ਰ ਲੈਟਰ ਵੀ ਪ੍ਰਦਾਨ ਕੀਤੇ ਗਏ। ਡਾ. ਸ਼ੇਨਾ ਅਗਰਵਾਲ ਨੇ ਇਸ ਮੌਕੇ ਆਪਣੇ ਪੈਰਾਂ ’ਤੇ ਖੜੇ ਹੋਣ ਵਾਲੀਆਂ ਸਾਰੀਆਂ ਧੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨਾਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ। ਉਨਾਂ ਕਿਹਾ ਕਿ ਜ਼ਿਲੇ ਵਿਚ ਬੇਟੀਆਂ ਨੂੰ ਹਰ ਖੇਤਰ ਵਿਚ ਅੱਗੇ ਲਿਜਾਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾ ਰਹੇ ਹਨ।
ਜ਼ਿਲਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਵੱਲੋਂ ਇਸ ਮੌਕੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਦੀ ਜਾਗਰੂਕਤਾ ਲਈ ਉਲੀਕੀਆਂ ਜਾਣ ਵਾਲੀਆਂ ਗਤੀਵਿਧੀਆਂ ’ਤੇ ਚਾਨਣਾ ਪਾਇਆ। ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲੇ ਵਿਚ ਰੋਜ਼ਗਾਰ ਹਾਸਲ ਕਰਨ ਵਾਲੀਆਂ ਸਾਰੀਆਂ ਧੀਆਂ ਨੂੰ ਐਪਰੀਸੀਏਸ਼ਨ ਸਰਟੀਫਿਕੇਟ ਨਾਲ ਸਨਮਾਨਿਤ ਕੀਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ, ਜੋ ਕਿ ਧੀਆਂ ਨੂੰ ਅੱਗੇ ਵਧਣ ਲਈ ਹੋਰ ਉਤਸ਼ਾਹਿਤ ਕਰੇਗਾ।
ਜ਼ਿਲਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਨੇ ਇਸ ਮੌਕੇ ਕਿਹਾ ਕਿ ਜ਼ਿਲੇ ਵਿਚ ਧੀਆਂ ਲਈ ਟੈਗ-ਲਾਈਨ ‘ਧੀ ਦੀ ਪੜਾਈ, ਧੀ ਦਾ ਪੋਸ਼ਣ, ਨੌਕਰੀ ਮਿਲਣ ’ਤੇ ਜ਼ਿੰਦਗੀ ਰੋਸ਼ਨ’ ਜਾਰੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਸ ਸਕੀਮਤ ਦੀ ਜਾਗਰੂਕਤਾ ਲਈ ਵਾਲ ਪੇਂਟਿੰਗਜ਼, ਫੇਸਬੁੱਕ ਅਤੇ ਇੰਸਟਾਗ੍ਰਾਮ ਆਦਿ ਰਾਹੀਂ ਜਾਗਰੂਕਤਾ ਫੈਲਾਈ ਜਾ ਰਹੀ ਹੈ ਅਤੇ ਜ਼ਿਲਾ ਸਿੱਖਿਆ ਅਫ਼ਸਰ ਰਾਹੀਂ ਸਕੂਲਾਂ ਵਿਚ ਲੜਕੀਆਂ ਦੇ ਆਨਲਾਈਨ ਪੇਂਟਿੰਗ ਮੁਕਾਬਲੇ ਕਰਵਾਉਣ ਦਾ ਫ਼ੈਸਲਾ ਵੀ ਲਿਆ ਗਿਆ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਜ਼ਿਲਾ ਰੋਜ਼ਗਾਰ ਉੱਤਪਤੀ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ, ਪੰਜਾਬ ਹੁਨਰ ਵਿਕਾਸ ਮਿਸ਼ਨ ਤੋਂ ਰਾਜ ਕੁਮਾਰ ਤੇ ਹੋਰ ਹਾਜ਼ਰ ਸਨ।
Spread the love