ਦੋਗਲੀ ਨੀਤੀ ਅਪਨਾ ਕੇ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਨੂੰ ਹੋਰ ਗੁੰਮਰਾਹ ਨਹੀਂ ਕਰ ਸਕਦਾ
ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ’ਤੇ ਵਚਨਬੱਧ
ਸੋਮਵਾਰ ਨੂੰ ਪਿੰਡ ਅਤੇ ਸ਼ਹਿਰ ਪੱਧਰ ’ਤੇ ਖੇਤੀ ਆਰਡੀਨੈਂਸਾਂ ਖਿਲਾਫ਼ ਹੋਣਗੇ ਰੋਸ ਮੁਜਾਹਰੇ
ਹੁਸ਼ਿਆਰਪੁਰ, 18 ਸਤੰਬਰ:
ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧਤਾ ਨੂੰ ਦੁਹਾਰਾਉਂਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਦੀ ਹਮਾਇਤ ਕਰਕੇ ਪੰਜਾਬ ਅਤੇ ਇਸ ਦੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ ਅਤੇ ਹੁਣ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਮੰਤਰੀ ਮੰਡਲ ’ਚੋਂ ਅਸਤੀਫ਼ਾ ਦੇਣਾ ਸਿਰਫ਼ ਤੇ ਸਿਰਫ਼ ਇਕ ‘ਸਿਆਸੀ ਸਟੰਟ’ ਹੈ।
ਉਦਯੋਗ ਤੇ ਵਣਜ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਪੰਜਾਬ ਦੇ ਪਿੰਡ ਅਤੇ ਸ਼ਹਿਰ ਪੱਧਰ ’ਤੇ ਕੇਂਦਰ ਸਰਕਾਰ ਅਤੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਵਰਚੂਅਲ ਕਿਸਾਨ ਮੇਲੇ ਵਿੱਚ ਆਨਲਾਈਨ ਸ਼ਮੂਲੀਅਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਆਪਣੇ-ਆਪ ਨੂੰ ਕਿਸਾਨੀ ਦੀ ਰਖਵਾਲੀ ਪਾਰਟੀ ਕਹਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਹੁਣ ਚੁਫੇਰਿਓਂ ਘਿਰ ਚੁੱਕੀ ਹੈ ਅਤੇ ਖੇਤੀ ਆਰਡੀਨੈਂਸਾਂ ਦੀ ਹਮਾਇਤ ਨੇ ਇਸ ਪਾਰਟੀ ਦਾ ਮੌਕਾਪ੍ਰਸਤੀ ਵਾਲਾ ਚੇਹਰਾ ਨੰਗਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸਾਂ ਦੇ ਰੋਸ ਵਜੋਂ ਕੇਂਦਰੀ ਵਜ਼ੀਰੀ ਤੋਂ ਅਸਤੀਫ਼ਾ ਹਰਸਿਮਰਤ ਕੌਰ ਬਾਦਲ ਨੇ ਆਪਣੇ ਸਿਆਸੀ ਮੁਫਾਦਾਂ ਖਾਤਰ ਦਿੱਤਾ ਹੈ ਜਦਕਿ ਪੰਜਾਬ ਦੇ ਲੋਕ ਅਤੇ ਕਿਸਾਨ ਬਹੁਤ ਸਿਆਣੇ ਹੋ ਚੁੱਕੇ ਹਨ ਅਤੇ ਹੁਣ ਅਕਾਲੀ ਦਲ ਦੋਗਲੀ ਨੀਤੀ ਰਾਹੀਂ ਪੰਜਾਬੀਆਂ ਨੂੰ ਗੁੰਮਰਾਹ ਨਹੀਂ ਕਰ ਸਕਦਾ।
ਪੱਤਰਕਾਰਾਂ ਵਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੇਕਰ ਅਸਲੋਂ ਖੇਤੀ ਆਰਡੀਨੈਂਸਾਂ ਦਾ ਵਿਰੋਧੀ ਸੀ ਤਾਂ ਪਾਰਟੀ ਲੀਡਰਸ਼ਿਪ ਨੇ ਪਹਿਲਾਂ ਇਨ੍ਹਾਂ ਕਿਸਾਨ ਮਾਰੂ ਆਰਡੀਨੈਂਸਾਂ ਦਾ ਵਿਰੋਧ ਕਿਉਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਜਦੋਂ ਇਹ ਏਜੰਡੇ ਵਿਚਾਰੇ ਜਾ ਰਹੇ ਸਨ ਤਾਂ ਇਨ੍ਹਾਂ ਦਾ ਵਿਰੋਧ ਕਿਉਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਕਿਸਾਨਾਂ ਅਤੇ ਕਿਸਾਨੀ ਦੀ ਗੱਲ ਨਾ ਕਰਨ ਨਾਲ ਪਾਰਟੀ ਲੀਡਰਸ਼ਿਪ ਦਾ ਦੋਹਰਾ ਚਿਹਰਾ ਸਾਹਮਣੇ ਆ ਗਿਆ ਹੈ।
ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਵੇਲੇ ਚਟਾਨ ਵਾਂਗ ਉਨ੍ਹਾਂ ਦੇ ਨਾਲ ਖੜ੍ਹੀ ਹੈ। ਵਰਚੂਅਲ ਕਿਸਾਨ ਮੇਲੇ ਸਬੰਧੀ ਉਨ੍ਹਾਂ ਦੱਸਿਆ ਕਿ ਕੋਵਿਡ ਕਾਰਨ ਇਸ ਵਾਰ ਇਹ ਮੇਲਾ ਵੱਖ-ਵੱਖ ਥਾਵਾਂ ’ਤੇ ਆਨਲਾਈਨ ਲਗਾਇਆ ਗਿਆ ਹੈ, ਜਿਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਵਲੋਂ ਖੇਤੀ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ ਚਰਚਾ ਅਤੇ ਕਿਸਾਨਾਂ ਨੂੰ ਲਾਹੇਵੰਦ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੇਲਾ ਕੋਵਿਡ ਦੀਆਂ ਬੰਦਸ਼ਾਂ ਦੌਰਾਨ ਕਿਸਾਨਾਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਉਦਯੋਗ ਵਿਕਾਸ ਬੋਰਡ ਦੇ ਵਾਇਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ, ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਰਾਕੇਸ਼ ਮਰਵਾਹਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਕੁਮਾਰ ਪੰਚਾਲ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਅਮਿਤ ਮਹਾਜਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਮੌਜੂਦ ਸਨ।