ਚੋਣ ਕਮਿਸ਼ਨ ਨੂੰ ਜਲੰਧਰ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਤੋਂ ਕਰਵਾਇਆ ਜਾਣੂ
ਜਲੰਧਰ, 28 ਜਨਵਰੀ 2022
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਅੱਜ ਵੋਟਰਾਂ ਨੂੰ ਵਿਧਾਨ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜਾਂ ਬਾਰੇ ਜਾਣਨ ਲਈ ‘ਨੋਅ ਯੂਅਰ ਕੈਂਡੀਡੇਟ’ (ਆਪਣੇ ਉਮੀਦਵਾਰ ਨੂੰ ਜਾਣੋ) ਐਪ ਨੂੰ ਵੱਡੀ ਗਿਣਤੀ ਵਿੱਚ ਡਾਊਨਲੋਡ ਕਰਨ ਦਾ ਸੱਦਾ ਦਿੱਤਾ ਤਾਂ ਜੋ ਉਮੀਦਵਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਹੋਰ ਪੜ੍ਹੋ :-ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਿਟਰਨਿੰਗ ਅਫ਼ਸਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਐਪ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ। ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਵੱਲੋਂ ਜਮ੍ਹਾ ਕਰਵਾਏ ਗਏ ਸਾਰੇ ਸਕੈਨ ਕੀਤੇ ਦਸਤਾਵੇਜ਼ ਵੋਟਰਾਂ ਦੀ ਜਾਗਰੂਕਤਾ ਲਈ ਇਸ ਮੋਬਾਈਲ ਐਪਲੀਕੇਸ਼ਨ ‘ਤੇ ਅੱਪਲੋਡ ਕੀਤੇ ਜਾਂਦੇ ਹਨ।
ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ ਨਿਤੇਸ਼ ਵਿਆਸ ਦੀ ਪ੍ਰਧਾਨਗੀ ਹੇਠ ਹੋਈ ਸਮੀਖਿਆ ਮੀਟਿੰਗ ਵਿੱਚ ਭਾਗ ਲੈਂਦਿਆਂ ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ ਵੀ ਮੌਜੂਦ ਸਨ, ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਤੰਤਰ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਕਮਿਸ਼ਨ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਜਲੰਧਰ ਵਿੱਚ ਪਾਰਦਰਸ਼ੀ ਚੋਣਾਂ ਲਈ ਪ੍ਰਸ਼ਾਸਨ ਵੱਲੋਂ ਚੋਣ ਸਬੰਧੀ ਸਮੁੱਚੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ ਅਤੇ ਜ਼ਿਲ੍ਹਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਨਾਜਾਇਜ਼ ਸ਼ਰਾਬ ਜ਼ਬਤ ਕਰਨ ਅਤੇ ਗੜਬੜੀ ਕਰਨ ਵਾਲਿਆਂ ਵਿਰੁੱਧ ਕੀਤੀਆਂ ਰੋਕੂ ਕਾਰਵਾਈਆਂ ਦੇ ਨਾਲ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਨੂੰ ਰੋਕਣ ਲਈ ਅਪਣਾਏ ਗਏ ਉਪਾਵਾਂ ਬਾਰੇ ਵੀ ਜਾਣਕਾਰੀ ਦਿੱਤੀ।
ਚੋਣ ਤਿਆਰੀਆਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ‘ਤੇ ਵੈਬਕਾਸਟਿੰਗ ਦੀ ਸਹੂਲਤ ਤੋਂ ਇਲਾਵਾ ਜ਼ਿਲ੍ਹੇ ਵਿੱਚ 59 ਮਾਡਲ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾਣਗੇ ਜਦਕਿ 9 ਪੋਲਿੰਗ ਸਟੇਸ਼ਨ ਅਜਿਹੇ ਹੋਣਗੇ, ਜੋ ਮਹਿਲਾਵਾਂ ਵੱਲੋਂ ਸੰਚਾਲਿਤ ਕੀਤੇ ਜਾਣਗੇ ਅਤੇ ਇੱਕ ਪੋਲਿੰਗ ਸਟੇਸ਼ਨ ਪੀ.ਡਬਲਯੂ.ਡੀਜ਼. ਵੱਲੋਂ ਸੰਚਾਲਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਰੇ 1975 ਪੋਲਿੰਗ ਸਟੇਸ਼ਨਾਂ ਲਈ ਸੈਕਟਰ ਅਫ਼ਸਰ, ਵਿਸ਼ੇਸ਼ ਕਾਰਜਕਾਰੀ ਮੈਜਿਸਟ੍ਰੇਟ ਅਤੇ ਸੈਕਟਰ ਮੈਜਿਸਟ੍ਰੇਟ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਤਾਇਨਾਤ 18131 ਕਰਮਚਾਰੀਆਂ ਦੇ ਸੰਪੂਰਨ ਟੀਕਾਕਰਨ ਤੋਂ ਇਲਾਵਾ 5340 ਅਹਿਤਿਆਤੀ ਖੁਰਾਕਾਂ ਵੀ ਲਗਾਈਆਂ ਜਾ ਚੁੱਕੀਆਂ ਹਨ ।
ਉਨ੍ਹਾਂ ਚੋਣ ਕਮਿਸ਼ਨ ਨੂੰ ਇਹ ਵੀ ਜਾਣੂ ਕਰਵਾਇਆ ਕਿ ਸੀ-ਵਿਜੀਲ ਅਤੇ 1950 ਕਾਲ ਸੈਂਟਰ ‘ਤੇ ਪ੍ਰਾਪਤ 353 ਅਤੇ 293 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ । ਇਸੇ ਤਰ੍ਹਾਂ ਜਲੰਧਰ ਜ਼ਿਲ੍ਹੇ ਵਿੱਚ 1.63 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਨ ਤੋਂ ਇਲਾਵਾ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ‘ਤੇ 15 ਦੇ ਕਰੀਬ ਐਫ.ਆਈ.ਆਰ. ਦਰਜ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੀ.ਡਬਲਯੂ.ਡੀ. ਵੋਟਰਾਂ, ਸੀਨੀਅਰ ਸਿਟੀਜ਼ਨਾਂ (80 ਸਾਲ ਤੋਂ ਵੱਧ ਉਮਰ ਵਾਲੇ ) ਨੂੰ ਬੈਲਟ ਪੇਪਰ ਵੋਟਿੰਗ, ਪਿਕ ਐਂਡ ਡਰਾਪ ਸਹੂਲਤ, ਪੋਲਿੰਗ ਸਟੇਸ਼ਨਾਂ ‘ਤੇ ਸਹਾਇਤਾ ਆਦਿ ਵਰਗੀਆਂ ਸੇਵਾਵਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ।