ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

DC Barnala

ਅਣ-ਅਧਿਕਾਰਤ ਤੌਰ ’ਤੇ ਵੇਚੇ/ਖ੍ਰੀਦੇ ਜਾ ਰਹੇ ਸੀਮਨ ਦੀ ਵਰਤੋਂ ਉਪਰ ਪਾਬੰਦੀ

ਸਰਕਾਰੀ/ਪ੍ਰਾਈਵੇਟ ਬੱਸਾਂ ’ਚ ਅਸ਼ਲੀਲ ਗਾਣੇ ਲਗਾਉਣ ’ਤੇ ਹੋਵੇਗੀ ਪਾਬੰਦੀ

ਬਰਨਾਲਾ, 29 ਸਤੰਬਰ :

ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਬਰਨਾਲਾ ਜ਼ਿਲ੍ਹੇ ਦੀ ਹਦੂਦ ਅੰਦਰ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ ਕੀਤੇ ਗਏ ਹਨ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਅਣ-ਅਧਿਕਾਰਤ ਤੌਰ ’ਤੇ ਵੇਚੇ/ਖ੍ਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀਂ ਹੈ ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧੰਨ ਦੀ ਪ੍ਰੋਡਕਟੀਵਿਟੀ ਤੇ ਵੀ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਅਸਰ ਦਾ ਤੁਰੰਤ ਪਤਾ ਨਹੀਂ ਲੱਗ ਸਕਦਾ, ਬਲਕਿ ਆਉਣ ਵਾਲੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ, ਕਿਉਂਕਿ ਵਿਭਾਗ ਦੁਆਰਾ ਭਾਰਤ ਸਰਕਾਰ ਦੇ ਮਾਪਦੰਡਾਂ ਅਤੇ ਰਾਜ ਵਿੱਚ ਬਰੀਡਿੰਗ ਪਾਲਿਸੀ ਅਨੁਸਾਰ ਹੀ ਆਪਣੇ ਲਾਈਵਸਟਾਕ ਫਾਰਮਜ ਤੇ ਉਤਮ ਨਸਲ ਦੇ ਬੁੱਲਜ ਤੋਂ ਤਿਆਰ ਕੀਤਾ ਗਿਆ ਸੀਮਨ ਮਨਸੂਈ ਗਰਭਦਾਨ ਲਈ ਵਰਤਿਆ ਜਾਂਦਾ ਹੈ ਅਤੇ ਇਸੇ ਅਨੁਸਾਰ ਹੀ ਸੀਮਨ ਇੰਪੋਰਟ ਕੀਤਾ ਜਾਂਦਾ ਹੈ। ਇਸ ਤਰ੍ਹਾਂ ਅਣ-ਅਧਿਕਾਰਤ ਸੀਮਨ ਵੇਚਣਾ ਇੱਕ ਅਤਿ ਗੰਭੀਰ ਮਾਮਲਾ ਹੈ, ਜਿਸ ਦਾ ਫੌਰੀ ਹੱਲ ਕਰਨਾ ਬਹੁਤ ਲਾਜ਼ਮੀ ਹੈ। ਉਪਰੋਕਤ ਤੱਥਾਂ ਨੂੰ ਮੁੱਖ ਰਖਦੇ ਹੋਏ ਜ਼ਿਲ੍ਹਾ ਬਰਨਾਲਾ ਅੰਦਰ ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰਣ ਕਰਨ/ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪੂਰਨ ਰੋਕ ਲਗਾਈ ਜਾਂਦੀ ਹੈ ਪ੍ਰੰਤੂ ਇਹ ਆਦੇਸ਼ ਪਸ਼ੂ ਵਿਕਾਸ ਅਤੇ ਪੰਚਾਇਤਾਂ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਪਸ਼ੂ ਡਿਸਪੈਂਸਰੀਆ ਅਤੇ ਪੋਲੀਕਲੀਨਿਕ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਧੀਨ ਚੱਲ ਰਹੇ ਪਸ਼ੂ ਰੂਰਲ ਵੈਟਰਨਰੀ ਹਸਪਤਾਲਾਂ ਨੂੰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਸਪਲਾਈ ਕੀਤੇ ਸੀਮਨ ਨੂੰ ਵਰਤ ਰਹੇ ਹਨ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ, ਗਡਵਾਸੂ, ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਜਾ ਰਹੇ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ ਅਤੇ ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਣਗੇ।

ਇੱਕ ਹੋਰ ਹੁਕਮ ’ਚ ਕਿਹਾ ਗਿਆ ਹੈ ਕਿ ਪ੍ਰਾਈਵੇਟ ਅਤੇ ਸਰਕਾਰੀ ਬੱਸ ਡਰਾਈਵਰਾਂ ਵੱਲੋਂ ਸਫ਼ਰ ਦੌਰਾਨ ਆਪਣੀਆਂ ਬੱਸਾਂ ਵਿੱਚ ਬਹੁਤ ਹੀ ਅਸ਼ਲੀਲ ਗਾਣੇ ਲਗਾਏ ਜਾਂਦੇ ਹਨ। ਕਈ ਵਾਰ ਅਜਿਹੀ ਸਥਿਤੀ ਪੈਦਾ ਹੋ ਜਾਂਦੀ ਹੈ ਕਿ ਕਿਸੇ ਵਿਅਕਤੀ ਵਿਸ਼ੇਸ ਵੱਲੋਂ ਅਜਿਹੇ ਅਸ਼ਲੀਲ ਗਾਣੇ ਲਗਾਉਣ ਤੇ ਮਨਾਹੀ ਕਰਨ ਦੇ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਅਤੇ ਆਮ ਜਨਤਾ ਦੇ ਲੋਕਾਂ ਵਿੱਚ ਤਕਰਾਰ ਪੈਦਾ ਹੋ ਜਾਂਦਾ ਹੈ। ਅਜਿਹੇ ਤਕਰਾਰ ਆਦਿ ਹੋਣ ਨਾਲ ਜਿੱਥੇ ਆਮ ਜਨਤਾ ਨੂੰ ਸਫ਼ਰ ਦੌਰਾਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਨਾਲ ਹੀ ਕਈ ਵਾਰ ਅਮਨ ਤੇ ਸ਼ਾਂਤੀ ਭੰਗ ਹੋਣ ਦਾ ਖਤਰਾ ਹੋ ਜਾਣ ਦੇ ਨਾਲ-ਨਾਲ ਜਾਨੀ ਵਾ ਮਾਲੀ ਨੁਕਸਾਨ ਹੋਣ ਦਾ ਡਰ ਹੁੰਦਾ ਹੈ। ਇਸ ਲਈ ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਵਿੱਚ ਅਸ਼ਲੀਲ ਗਾਣੇ ਵਜਾਉਣ ’ਤੇ ਰੋਕ ਲਗਾਈ ਜਾਂਦੀ ਹੈ

ਇਹ ਹੁਕਮ 30 ਨਵੰਬਰ 2020 ਤੱਕ ਲਾਗੂ ਰਹਿਣਗੇ।

Spread the love