ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਦਾ ਸਫ਼ਲ ਆਯੋਜਨ

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਦਾ ਸਫ਼ਲ ਆਯੋਜਨ
ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਦਾ ਸਫ਼ਲ ਆਯੋਜਨ
 ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨੇ ਦਿਖਾਇਆ ਭਾਰੀ ਉਤਸ਼ਾਹ

ਰੂਪਨਗਰ 5 ਮਾਰਚ 2022 

ਸਿੱਖਿਆ ਵਿਭਾਗ ਵੱਲੋਂ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤੇ ਅਤੇ ਪਰਦੀਪ ਅਗਰਵਾਲ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦੀ ਦੇਖ-ਰੇਖ ਅਧੀਨ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਮਾਪਿਆਂ ਨਾਲ ਸਾਂਝਾ ਕਰਨ ਲਈ ਰੂਪਨਗਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 4 ਅਤੇ 5 ਮਾਰਚ ਨੂੰ ਮਾਪੇ-ਅਧਿਆਪਕ ਮਿਲਣੀ ਆਯੋਜਿਤ ਕਰਵਾਈ ਗਈ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਤੇ ਉਨ੍ਹਾਂ ਨੂੰ ਸਹੀ ਸੇਧ ਦੇਣ ਲਈ ਅਧਿਆਪਕਾਂ ਦੇ ਨਾਲ-ਨਾਲ ਮਾਪਿਆਂ ਦਾ ਰੋਲ ਬਹੁਤ ਮਹੱਤਵਪੂਰਨ ਹੁੰਦਾ ਹੈ।

ਹੋਰ ਪੜ੍ਹੋ :-ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਅੰਗਰੇਜੀ ਅਤੇ ਸਮਾਜਿਕ ਵਿਗਿਆਨ ਮੇਲੇ ਕਰਵਾਏ ਗਏ।

ਇਸ ਅਹਿਮੀਅਤ ਨੂੰ ਮੁੱਖ ਰੱਖਦਿਆਂ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਦਿਆਰਥੀਆਂ ਦੁਆਰਾ ਪ੍ਰੀ- ਬੋਰਡ ਪ੍ਰੀਖਿਆਵਾਂ ਵਿੱਚ ਦਿਖਾਈ ਗਈ ਕਾਰਗੁਜ਼ਾਰੀ ਨੂੰ ਸਾਂਝਾ ਕਰਨ ਲਈ ਅਤੇ ਸਾਲਾਨਾ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਇਹ ਮਾਪੇ-ਅਧਿਆਪਕ ਮਿਲਣੀ ਆਯੋਜਿਤ ਕਰਵਾਈ ਗਈ। ਇਸ ਬਾਰੇ ਦੱਸਦਿਆਂ ਜ਼ਿਲ੍ਹਾ ਸਿੱਖਿਆ ਮੀਡੀਆ ਕੁਆਰਡੀਨੇਟਰ ਮਨਜਿੰਦਰ ਸਿੰਘ ਚੱਕਲ ਨੇ ਕਿਹਾ ਕਿ ਵਿਭਾਗ ਵਿਦਿਆਰਥੀਆਂ ਦੀ ਭਲਾਈ ਲਈ ਮਾਪਿਆਂ ਨਾਲ ਲਗਾਤਾਰ  ਰਾਬਤਾ ਬਣਾਈ ਰੱਖਣ ਲਈ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ। ਇਸ ਵਾਰ ਵੀ  ਹਮੇਸ਼ਾ ਦੀ ਤਰ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਵਧ-ਚੜ੍ਹ ਕੇ ਸ਼ਿਰਕਤ ਕੀਤੀ ਗਈ। ਉਹਨਾਂ ਕਿਹਾ ਕਿ ਸਾਲਾਨਾ ਪ੍ਰੀਖਿਆਵਾਂ ਨਜ਼ਦੀਕ ਹਨ ਇਸ ਲਈ ਇਹ ਮਿਲਣੀ ਬਹੁਤ ਹੀ ਅਹਿਮ ਹੈ।

ਉਹਨਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਮਾਪੇ- ਅਧਿਆਪਕ ਮਿਲਣੀ ਦੌਰਾਨ ਮਾਪਿਆਂ ਵੱਲੋਂ ਵਿਦਿਆਰਥੀਆਂ ਦੀ ਭਲਾਈ ਲਈ ਦਿੱਤੇ ਗਏ  ਉਸਾਰੂ ਸੁਝਾਵਾਂ ਤੇ ਵਿਭਾਗ ਵੱਲੋਂ ਪੂਰਾ ਧਿਆਨ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸਾਰੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਵਿਭਾਗ ਵੱਲੋਂ 4 ਅਤੇ 5 ਮਾਰਚ ਨੂੰ ਮਾਪੇ- ਅਧਿਆਪਕ ਮਿਲਣੀ ਕਰਵਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਸ ਨੂੰ ਮੁੱਖ ਰੱਖਦਿਆਂ ਸਾਰੇ ਸਕੂਲਾਂ ਵੱਲੋਂ ਮਾਪਿਆਂ ਨੂੰ ਸ਼ਮੂਲੀਅਤ ਕਰਨ ਲਈ ਫੋਨ ਅਤੇ ਸੋਸ਼ਲ ਮੀਡੀਆ ਰਾਹੀਂ ਵਿਸ਼ੇਸ਼ ਸੱਦਾ ਭੇਜਿਆ ਗਿਆ ਸੀ। ਇਸ ਮੰਤਵ ਲਈ ਆਕਰਸ਼ਕ ਪੋਸਟਰ ਅਤੇ ਇਨਵੀਟੇਸ਼ਨ ਕਾਰਡ ਤਿਆਰ ਕੀਤੇ ਗਏ। ਮਾਪਿਆਂ ਦੇ ਸਵਾਗਤ ਲਈ ਉਚੇਚੇ ਪ੍ਰਬੰਧ ਕੀਤੇ ਗਏ ਸਨ। ਮਾਪਿਆਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਸਕੂਲਾਂ ਵਿੱਚ ਆਧੁਨਿਕ ਤਕਨੀਕਾਂ ਨਾਲ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਬਾਰੇ ਵੀ ਜਾਣਕਾਰੀ ਦਿੱਤੀ ਗਈ। ਜਿਸ ਨੂੰ ਦੇਖ ਕੇ ਮਾਪੇ ਬਹੁਤ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਵਿਭਾਗ ਵੱਲੋਂ ਸਕੂਲਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਸਰਕਾਰੀ ਸਕੂਲ ਵਿਚ ਮਾਪੇ- ਅਧਿਆਪਕ ਮਿਲਣੀਆ।

Spread the love