ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਕਿਸਾਨਾਂ ਨੂੰ ਕਣਕ ਵੇਚਣ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ  ਸੰਦੀਪ ਹੰਸ
ਇਸ ਵਾਰ 8 ਲੱਖ 87 ਹਜ਼ਾਰ 743 ਮੀਟ੍ਰਿਕ ਟਨ ਕਣਕ ਮੰਡੀਆਂ ‘ਚ ਆਉਣ ਦੀ ਸੰਭਾਵਨਾ
ਜ਼ਿਲ੍ਹੇ ‘ਚ ਕਣਕ ਦੀ ਖ਼ਰੀਦ ਲਈ ਬਣਾਏ 109 ਖ਼ਰੀਦ ਕੇਂਦਰ
ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਕੀਤੀ ਅਪੀਲ

ਪਟਿਆਲਾ, 25 ਮਾਰਚ 2022

ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਲਈ ਕਣਕ ਦੀ ਸੰਭਾਲ ਲਈ ਬਾਰਦਾਨੇ, ਢੋਆ-ਢੁਆਈ ਲਈ ਆਵਾਜਾਈ ਦੇ ਸਾਧਨ ਸਮੇਤ ਲੇਬਰ ਅਤੇ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕੀਤੇ ਜਾਣ ਵਾਲੇ ਹੋਰ ਪ੍ਰਬੰਧਾਂ ਬਾਰੇ ਇੱਕ ਅਹਿਮ ਮੀਟਿੰਗ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ। ਇਸ ਮੌਕੇ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਮੌਜੂਦਾ ਹਾੜੀ ਦੇ ਸੀਜਨ ਦੌਰਾਨ ਕਣਕ ਦੀ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਹੋਰ ਪੜ੍ਹੋ :-ਜਿਲ੍ਹਾਂ ਪੱਧਰੀ ਕਮੇਟੀ ਡੀਐਮਸੀ ਤਰਨ ਤਾਰਨ ਡੀਐਮਡੀ ਦੀ ਮੀਟਿੰਗ ਹੋਈ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਖਰੀਦ ਏਜੰਸੀਆਂ ਨੂੰ ਜ਼ਿਲ੍ਹੇ ਦੀਆਂ 109 ਮੰਡੀਆਂ ਅਲਾਟ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਇਸ ਵਾਰ 8 ਲੱਖ 87 ਹਜ਼ਾਰ 743 ਮੀਟ੍ਰਿਕ ਟਨ ਕਣਕ ਮੰਡੀਆਂ ‘ਚ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ‘ਚ ਆਪਣੀ ਕਣਕ ਦੀ ਫ਼ਸਲ ਲੈਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਤੰਗੀ ਨਹੀਂ ਆਉਣ ਦਿੱਤੀ ਜਾਵੇਗੀ, ਇਸ ਲਈ ਮੰਡੀਆਂ ‘ਚ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਪਖਾਨੇ ਤੇ ਪਿਸ਼ਾਬ ਘਰ, ਲਾਇਟਾਂ ਆਦਿ ਦੇ ਸੁਚੱਜੇ ਪ੍ਰਬੰਧ ਹੋਣਗੇ।

ਡਿਪਟੀ ਕਮਿਸ਼ਨਰ ਨੇ ਹੋਰ ਕਿਹਾ ਕਿ ਇਸ ਤੋਂ ਬਿਨ੍ਹਾਂ ਤੋਲ ਤੋਲਾਈ ਲਈ ਕੰਡੇ ਤੇ ਨਮੀ ਜਾਂਚਣ ਵਾਲੇ ਮੀਟਰ ਵੀ ਠੀਕ ਹਾਲਤ ‘ਚ ਹੋਣੇ ਚਾਹੀਦੇ ਹਨ ਅਤੇ ਤਰਪਾਲਾਂ ਤੇ ਕਰੇਟਾਂ ਸਮੇਤ ਅੱਗ ਬਜਾਊ ਯੰਤਰਾਂ ਦਾ ਵੀ ਪ੍ਰਬੰਧ ਕਰਨਾ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਸਟਾਫ਼ ਅਤੇ ਹੋਰ ਸਬੰਧਤ ਅਧਿਕਾਰੀਆਂ ਵੱਲੋਂ ਖਰੀਦ ਸੀਜ਼ਨ ਦੌਰਾਨ ਆਪਣੇ ਸਟੇਸ਼ਨ ‘ਤੇ ਹਾਜ਼ਰ ਰਹਿਣਾ ਵੀ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਫਸਲ ਦਾ ਉਚਿਤ ਮੁੱਲ ਲੈਣ ਲਈ ਫ਼ਸਲ ਸੁਕਾ ਕੇ ਅਤੇ ਸਾਫ਼ ਸੁਥਰੀ ਹੀ ਮੰਡੀਆਂ ਵਿਖੇ ਲੈਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ, ਡੀ.ਐਫ.ਐਸ.ਸੀ. ਗੁਰਪ੍ਰੀਤ ਸਿੰਘ ਕੰਗ, ਜ਼ਿਲ੍ਹਾ ਮੰਡੀ ਅਫ਼ਸਰ ਅਜੈਪਾਲ ਸਿੰਘ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਡੀ.ਐਮ ਮੌਜੂਦ ਸਨ।

Spread the love