ਦਿਵਿਆਂਗ ਬੱਚੇ ਸਮਾਜ ਦਾ ਅਨਿੱਖੜਵਾਂ ਅੰਗ, ਬਣਦੀਆਂ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵਚਨਬੱਧ : ਡਾ. ਬਲਜੀਤ ਕੌਰ
ਗਾਂਧੀ ਵਨਿਤਾ ਆਸ਼ਰਮ ਤੇ ਸਖੀ-ਵਨ ਸਟਾਪ ਸੈਂਟਰ ਦਾ ਵੀ ਕੀਤਾ ਦੌਰਾ
ਜਲੰਧਰ, 7 ਅਪ੍ਰੈਲ 2022
ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕਿਹਾ ਕਿ ਦਿਵਿਆਂਗ ਬੱਚੇ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ, ਜਿਨ੍ਹਾਂ ਨੂੰ ਬਣਦੀ ਹਰ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਪਹਿਲ ਦੇ ਆਧਾਰ ’ਤੇ ਕੰਮ ਕੀਤਾ ਜਾਵੇਗਾ।
ਹੋਰ ਪੜ੍ਹੋ :-ਵਾਤਾਵਰਣ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣਾ ਸਾਡਾ ਸਾਰਿਆਂ ਦਾ ਸਾਂਝਾ ਫ਼ਰਜ਼: ਡਾ. ਵਿਜੈ ਸਿੰਗਲਾ
ਕੈਬਨਿਟ ਮੰਤਰੀ ਨੇ ਸਥਾਨਕ ਸਾਈਂ ਦਾਸ ਏ.ਐਸ. ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਸਪੈਸ਼ਲ ਓਲੰਪਿਕਸ ਭਾਰਤ ਵੱਲੋਂ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਨੂੰ ਸਮਰਪਿਤ ‘ਨੈਸ਼ਨਲ ਹੈਲਥ ਫੈਸਟ ਫਾਰ ਦਿਵਿਆਂਗਜਨ-ਵੀ ਕੇਅਰ’ ਸਿਰਲੇਖ ਹੇਠ ਕਰਵਾਏ ਗਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦਿਵਿਆਂਗ ਬੱਚਿਆਂ ਨੂੰ ਸਮਾਜ ਵਿੱਚ ਵਿਸ਼ੇਸ਼ ਥਾਂ ਦਿਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਉਨ੍ਹਾਂ ਨੂੰ ਸਮਾਜ ਵਿੱਚ ਬਰਾਬਰੀ ਦੇ ਮੌਕੇ ਦਿਵਾਉਣ ਅਤੇ ਪੂਰਨ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਵੱਲ ਪੂਰੀ ਤਵਜੋਂ ਦਿੰਦਿਆਂ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਕਿਸੇ ਨਾਲੋਂ ਘੱਟ ਨਹੀਂ ਹਨ। ਜੇਕਰ ਇਨ੍ਹਾਂ ਨੂੰ ਪੂਰਾ ਸਹਿਯੋਗ ਅਤੇ ਹੌਸਲਾ ਅਫਜ਼ਾਈ ਕੀਤੀ ਜਾਵੇ ਤਾਂ ਇਹ ਕਿਸੇ ਵੀ ਮੁਕਾਮ ਨੂੰ ਹਾਸਲ ਕਰਨ ਦੀ ਤਾਕਤ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਜਿਹੇ ਬੱਚਿਆਂ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜ਼ਮੀਨੀ ਪੱਧਰ ਤੱਕ ਇਨ੍ਹਾਂ ਸਹੂਲਤਾਂ ਨੂੰ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਪਰੰਤ ਕੈਬਨਿਟ ਮੰਤਰੀ ਨੇ ਸਕੂਲ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਦੰਦਾਂ ਦੀ ਜਾਂਚ ਲਈ ਲਗਾਏ ਗਏ ਕੈਂਪ ਦੌਰਾ ਕੀਤਾ ਅਤੇ ਉਥੇ ਮੌਜੂਦ ਦਿਵਿਆਂਗ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਵੀ ਕੀਤੀ।
ਇਸ ਤੋਂ ਪਹਿਲਾਂ ਨਦੋਕਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਕੈਬਨਿਟ ਮੰਤਰੀ ਦਾ ਸਕੂਲ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ ਅਤੇ ਸੰਸਥਾ ਨੂੰ ਇਸ ਉਪਰਾਲੇ ਲਈ ਮੁਬਾਰਕਬਾਦ ਵੀ ਦਿੱਤੀ। ਇਸ ਮੌਕੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲ, ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਸਹਾਇਕ ਕਮਿਸ਼ਨਰ (ਯੂ.ਟੀ.) ਓਜਸਵੀ ਅਲੰਕਾਰ, ਐਸ.ਡੀ.ਐਮ. ਬਲਬੀਰ ਰਾਜ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਕੁਮਾਰ, ਸਟੇਟ ਮਹਿਲਾ ਮੋਰਚਾ ਦੀ ਪ੍ਰਧਾਨ ਰਾਜਵਿੰਦਰ ਕੌਰ, ਅਮਰਜੀਤ ਸਿੰਘ ਆਨੰਦ ਆਦਿ ਮੌਜੂਦ ਸਨ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਸਥਾਨਕ ਸਰਕਟ ਹਾਊਸ ਪੁੱਜਣ ’ਤੇ ਗਾਰਡ ਆਫ ਆਨਰ ਦਿੱਤਾ ਗਿਆ।
ਉਪਰੰਤ ਕੈਬਨਿਟ ਮੰਤਰੀ ਨੇ ਸਥਾਨਕ ਗਾਂਧੀ ਵਨਿਤਾ ਆਸ਼ਰਮ ਵਿਖੇ ਕਰਵਾਏ ਗਏ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਥੇ ਰਹਿ ਰਹੀਆਂ ਲੜਕੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨ ਲਈ ਸੰਜੀਦਾ ਉਪਰਾਲੇ ਕੀਤੇ ਜਾਣਗੇ ਤਾਂ ਜੋ ਉਹ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਦੇ ਸਮਰੱਥ ਬਣ ਸਕਣ। ਮਹਿਲਾ ਸਸ਼ਕਤੀਕਰਨ ਲਈ ਉਨ੍ਹਾਂ ਸਮਾਜ ਵਿੱਚ ਲੜਕੀਆਂ/ਔਰਤਾਂ ਨੂੰ ਬਰਾਬਰ ਦੇ ਅਧਿਕਾਰ ਪ੍ਰਦਾਨ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਦੀ ਸ਼ੁਰੂਆਤ ਘਰ ਤੋਂ ਹੋਣੀ ਚਾਹੀਦੀ ਹੈ ਅਤੇ ਮਾਪਿਆਂ ਨੂੰ ਆਪਣੀਆਂ ਧੀਆਂ ਨੂੰ ਪੁੱਤਾਂ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ।
ਆਸ਼ਰਮ ਵਿੱਚ ਲੜਕੀਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਲੜਕੀਆਂ ਨੂੰ ਕਿਤਾਬਾਂ ਪੜ੍ਹਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕਿਤਾਬਾਂ ਮਨੁੱਖ ਦੀਆਂ ਸਭ ਤੋਂ ਵਧੀਆ ਦੋਸਤ ਹਨ ਅਤੇ ਉੱਤਮ ਇਨਸਾਨ ਸਿਰਜਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਆਸ਼ਰਮ ਦੀਆਂ ਬੱਚੀਆਂ ਵੱਲੋਂ ਸੱਭਿਆਚਾਰਕ ਸਮਾਗਮ ਵੀ ਪੇਸ਼ ਕੀਤਾ ਗਿਆ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜੀ.ਐਸ. ਰੰਧਾਵਾ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਲੜਕੀਆਂ ਲਈ ਚਿਲਡਰਨ ਹੋਮ, ਅਬਜ਼ਰਵੇਸ਼ਨ ਹੋਮ ਸਮੇਤ ਆਸ਼ਰਮ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਉਪਰੰਤ ਕੈਬਨਿਟ ਮੰਤਰੀ ਨੇ ਆਸ਼ਰਮ ਵਿੱਚ ਰਹਿ ਰਹੀਆ ਲੜਕੀਆਂ ਵੱਲੋਂ ਤਿਆਰ ਕੀਤਾ ਸਮਾਨ ਵੀ ਦੇਖਿਆ।
ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਪਰਿਵਾਰ, ਸਮਾਜ, ਕੰਮ ਵਾਲੀ ਥਾਂ, ਪ੍ਰਾਈਵੇਟ ਜਾਂ ਪਬਲਿਕ ਸਥਾਨ `ਤੇ ਹਿੰਸਾਂ ਤੋ ਪੀੜਤ ਔਰਤਾਂ ਦੀ ਮਦਦ ਲਈ ਸਿਵਲ ਹਸਪਤਾਲ ਜਲੰਧਰ ਵਿਖੇ ਚੱਲ ਰਹੇ ਸਖੀ-ਵਨ ਸਟਾਪ ਸੈਂਟਰ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸੈਂਟਰ ਦੀ ਪ੍ਰਸ਼ਾਸਕ ਸੰਦੀਪ ਕੌਰ ਪਾਸੋਂ ਅਜਿਹੀਆਂ ਹਿੰਸਾ ਪੀੜਤ ਔਰਤਾਂ ਨੂੰ ਪ੍ਰਦਾਨ ਕੀਤੀ ਜਾਂਦੀ ਸਹਾਇਤਾ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਅਤੇ ਢੁੱਕਵੀਂ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਨਿਆਂ ਹਾਸਲ ਕਰਨ ਦੇ ਯੋਗ ਬਣਾਉਣ ਲਈ ਵਚਨਬੱਧ ਹੈ।