ਖੇਤੀਬਾੜੀ ਵਿਭਾਗ ਫ਼ਾਜ਼ਿਲਕਾ ਵੱਲੋਂ  ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

Farmer Training Camp+
ਖੇਤੀਬਾੜੀ ਵਿਭਾਗ ਫ਼ਾਜ਼ਿਲਕਾ ਵੱਲੋਂ  ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਪਾਣੀ ਦੀ ਬੱਚਤ ਲਈ ਕਿਸਾਨ ਵੀਰ ਝੋਨੇ ਦੀ ਸਿੱਧੀ ਬਿਜਾਈ ਅਤੇ ਫਸਲੀ ਵਿਭਿੰਨਤਾ ਅਪਨਾਉਣ- ਮੁੱਖ ਖੇਤੀਬਾੜੀ ਅਫ਼ਸਰ
ਸਾਉਣੀ 2022  ਦੀਆਂ ਫ਼ਸਲਾਂ ਸਬੰਧੀ ਦਿੱਤੀ ਗਈ ਵਿਸਥਾਰਪੂਰਵਕ ਜਾਣਕਾਰੀ

ਫ਼ਾਜ਼ਿਲਕਾ  13 ਅਪ੍ਰੈਲ 2022

ਐਗਰੀਕਲਚਰ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ, ਜ਼ਿਲ੍ਹਾ ਫ਼ਾਜ਼ਿਲਕਾ ਵੱਲੋਂ  ਸਾਉਣੀ 2022 ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਐਸਡੀਐਮ ਸ. ਰਵਿੰਦਰ ਸਿੰਘ ਅਰੋੜਾ ਅਤੇ ਵਿਧਾਇਕ ਫ਼ਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਦੇ ਭਰਾ ਕਰਮਜੀਤ ਸਿੰਘ ਸਵਨਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।

ਹੋਰ ਪੜ੍ਹੋ :-ਵਧੀਕ ਡਿਪਟੀ ਕਮਿਸ਼ਨਰ ਰਾਹੁਲ ਵਲੋਂ ਧਾਰਾ 144 ਤਹਿਤ ਬੁੱਚੜਖਾਨੇ ‘ਤੇ ਮੀਟ ਦੀਆਂ ਦੁਕਾਨਾਂ ਕੱਲ 14 ਅਪਰੈਲ ਨੂੰ ਬੰਦ ਰੱਖਣ ਦੇ ਹੁਕਮ ਜਾਰੀ

ਕੈਂਪ ਦੌਰਾਨ ਐਸਡੀਐਮ ਫਾਜ਼ਿਲਕਾ ਸ. ਰਵਿੰਦਰ ਸਿੰਘ ਅਰੋੜਾ ਨੇ ਸਮੂਹ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਕਿਸਾਨ ਵੱਖ ਵੱਖ ਖੇਤੀ ਮਾਹਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਤੇ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਖੇਤੀ ਕਰਨ। ਉਨ੍ਹਾਂ ਕਿਹਾ ਕਿ ਸਾਨੂੰ  ਫਸਲੀ ਚੱਕਰ ਵਿੱਚੋਂ ਨਿਕਲ ਕੇ ਹੋਰ ਵੱਖ ਵੱਖ ਫ਼ਸਲਾਂ ਅਪਣਾਉਣੀਆਂ ਚਾਹੀਦੀਆਂ ਹਨ ਜਿਨ੍ਹਾਂ ਤੇ ਪਾਣੀ ਦੀ ਖਪਤ ਬਹੁਤ ਘੱਟ ਹੋਵੇ।

ਇਸ ਕੈਂਪ ਵਿੱਚ ਮੌਜੂਦ ਮੁੱਖ ਖੇਤੀਬਾੜੀ ਅਫਸਰ, ਫਾਜ਼ਿਲਕਾ ਡਾ ਰੇਸ਼ਮ ਸਿੰਘ ਸੰਧੂ  ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਧਰਤੀ ਨੂੰ ਬੰਜਰ ਹੋਣ ਤੋਂ ਬਚਾਉਣ ਲਈ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ ਨਾਲ ਮਿਲ ਕੇ ਉਪਰਾਲੇ ਕਰਨ ਦੀ ਜ਼ਰੂਰਤ ਹੈ ਜਿਸ ਲਈ ਕਿਸਾਨ ਵੀਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਮਾਹਿਰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਅਤੇ ਇਸਦੇ ਹਰੇ ਪਹਿਲੂ ਉੱਪਰ ਚਾਨਣਾ ਪਾਉਣ ਲਈ ਕੈਪਾਂ ਰਾਹੀ ਜਾਂ ਤਾਲਮੇਲ ਰਾਹੀ ਕਿਸਾਨਾਂ ਨੂੰ ਜਾਗਰੂਕ ਕਰਦੇ ਰਹਿਣਗੇ।

ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਸਿਫਾਰਸ਼ਸੁਦਾ ਤਕਨੀਕਾਂ ਨੂੰ  ਕਿਸਾਨ ਅਪਣਾ ਕੇ ਹੀ ਕਾਮਯਾਬ ਹੋ ਸਕਦਾ ਹੈ ਇਸ ਲਈ ਖੇਤੀ ਮਾਹਿਰਾਂ ਨਾਲ ਮਸ਼ਵਰੇ ਬਹੁਤ ਹੀ ਜ਼ਰੂਰੀ ਹਨ।

ਇਸ ਕੈਂਪ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਟੀਮ ਅਤੇ ਪਹੁੰਚੇ ਹੋਏ ਵੱਖ ਵੱਖ ਖੇਤੀ ਮਾਹਰਾਂ ਨੇ ਗਤੀਵਿਧੀਆਂ ਅਤੇ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਕੁਦਰਤੀ ਸਰੋਤ ਜਿਵੇ ਕਿ ਹਵਾ, ਪਾਣੀ ਅਤੇ ਧਰਤੀ ਦੀ ਸਿਹਤ ਨੂੰ ਸਾਫ਼ ਸੁਥਰਾ ਰੱਖਣ ਲਈ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਸਿਫਾਰਸ਼ ਅਨੁਸਾਰ ਹੀ ਕਰਨੀ ਚਾਹੀਦੀ ਹੈ।

ਇਸ ਤੋਂ ਇਲਾਵਾ ਇਸ ਕੈਂਪ ਵਿੱਚ ਸਾਉਣੀ ਦੀਆਂ ਫਸਲਾਂ ਦੀਆਂ ਸੁਧਰੀਆਂ ਕਿਸਮਾਂ ਅਤੇ ਕਾਸ਼ਤ ਦੇ ਢੰਗ, ਖੇਤੀ ਦੀਆਂ ਜਿਨਸਾਂ ਅਤੇ ਪ੍ਰੋਸੈਸਿੰਗ, ਘਰੇਲੂ ਬਗੀਚੀ ਅਤੇ ਸਾਉਣੀ ਰੁੱਤ ਦੀਆਂ ਸਬਜ਼ੀਆਂ, ਡਾ. ਮਨਦੀਪ ਸਿੰਘ ਨੇ ਦੁਧਾਰੂ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਸੁੱਚਜੀ ਖੁਰਾਕ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਦੌਰਾਨ ਕਿਸਾਨਾਂ ਵੱਲੋਂ ਵੱਖ ਵੱਖ ਵਿਸ਼ਿਆਂ ਤੇ ਕਈ ਸਵਾਲ ਵੀ ਪੁੱਛੇ ਗਏ ਜਿਨ੍ਹਾਂ ਦੇ ਮਾਹਰਾਂ ਵੱਲੋਂ ਮੌਕੇ ਤੇ ਜਵਾਬ ਦਿੱਤੇ ਗਏ।

ਡਾ .ਗੁਰਮੀਤ ਸਿੰਘ ਭੌਂ ਪਰਖ ਅਫ਼ਸਰ ਨੇ ਕੈਂਪ ਵਿਚ ਹਾਜ਼ਰ ਉੱਚ ਅਧਿਕਾਰੀਆਂ, ਯੂਨੀਵਰਸਿਟੀ ਤੋਂ ਆਏ ਹੋਏ ਮਾਹਿਰਾਂ ਅਤੇ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਖੇਤੀਬਾੜੀ ਵਿਭਾਗ ਹਮੇਸ਼ਾ ਹੀ ਕਿਸਾਨਾਂ ਦੀ ਸੇਵਾ ਵਿਚ ਹਾਜ਼ਰ ਹੈ। ਇਸ ਮੌਕੇ ‘ਤੇ ਖੇਤੀ ਨਾਲ ਸਬੰਧਤ ਖੇਤੀ ਮਸ਼ੀਨਰੀ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨੀਆਂ ਦਾ ਆਯੋਜਨ ਵੀ ਕੀਤਾ ਗਿਆ। ਸਟੇਜ ਦਾ ਸੰਚਾਲਨ ਸ੍ਰੀ ਰਜਿੰਦਰ ਵਰਮਾ ਖੇਤੀਬਾਡ਼ੀ ਵਿਕਾਸ ਅਫਸਰ ਅਬੋਹਰ ਅਤੇ ਸ੍ਰੀ ਰਾਜ ਦਵਿੰਦਰ ਸਿੰਘ ਬੀਟੀਐੱਮ ਵੱਲੋਂ ਕੀਤਾ ਗਿਆ।

ਇਸ ਮੌਕੇ ਵੱਖ ਵੱਖ ਖੇਤੀ ਮਾਹਰ ਡਾ. ਰਾਜਬੀਰ ਕੌਰ, ਡਾ. ਅਨਿਲ ਕਾਮਰਾ, ਡਾ. ਰਾਜਵਿੰਦਰ ਸਿੰਘ, ਡਾ. ਮਨਪ੍ਰੀਤ ਸਿੰਘ, ਡਾ ਜਗਦੀਸ਼ ਅਰੋੜਾ, ਡਾ. ਮਨਦੀਪ ਸਿੰਘ,  ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਵਧਵਾ,  ਮਨਜੋਤ ਖੇੜਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਹਾਜ਼ਰ ਸਨ।

Spread the love